ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਦੀ ਫਸਲ ਦੀ ਰਿਕਾਰਡ ਸਮੇਂ ਅੰਦਰ ਕੀਤੀ ਅਦਾਇਗੀ

Advertisement
Spread information

ਪੀਟੀ ਨਿਊਜ਼/  ਫ਼ਤਹਿਗੜ੍ਹ ਸਾਹਿਬ, 26 ਅਕਤੂਬਰ 2022

           ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਚਹੁ-ਤਰਫਾ ਵਿਕਾਸ ਲਈ ਵਚਨਬੱਧ ਹੈ ਅਤੇ ਇਸੇ ਮੰਤਵ ਦੀ ਪੂਰਤੀ ਲਈ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਕਮਾਨ ਸੌਂਪੀ ਗਈ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਦੇ ਸਕੱਤਰ ਡਾ: ਇੰਦੂ ਮਲਹੋਤਰਾ, ਜਿਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਓਵਰ ਆਲ ਵਿਕਾਸ ਦੀ ਕਮਾਨ ਸੌਂਪੀ ਹੈ, ਨੇ ਅਨਾਜ ਮੰਡੀ ਸਰਹਿੰਦ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।

Advertisement

             ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਾ: ਇੰਦੂ ਮਲਹੋਤਰਾ ਨੇ ਕਿਹਾ ਕਿ ਸਰਕਾਰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਬਸਿਡੀ ਤੇ ਦਿੱਤੀ ਗਈ ਖੇਤੀ ਮਸ਼ੀਨਰੀ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ । ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਪਿਛਲੇ ਸਾਲ ਨਾਲੋਂ ਇਸ ਸਾਲ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ 50 ਫੀਸਦੀ ਤੱਕ ਦੀ ਕਮੀਂ ਆਈ ਹੈ ਅਤੇ ਇਸ ਨੂੰ ਮੁਕੰਮਲ ਖ਼ਤਮ ਕਰਨ ਲਈ ਉਪਰਾਲੇ ਇਸੇ ਤਰ੍ਹਾਂ ਜਾਰੀ ਰਹਿਣਗੇ।

             ਸਕੱਤਰ ਜੰਗਲਾਤ ਵਿਭਾਗ ਨੇ ਹੋਰ ਦੱਸਿਆ ਕਿ ਸਰਕਾਰ ਦੇ ਯਤਨਾ ਸਦਕਾ ਇਸ ਵਾਰ ਮੰਡੀਆਂ ਵਿੱਚ ਕੀਤੇ ਗਏ ਪੁਖਤਾ ਪ੍ਰਬੰਧਾਂ ਕਾਰਨ ਕਿਸਾਨਾਂ ਦੀ ਫਸਲ ਦੀ ਰਿਕਾਰਡ ਸਮੇਂ ਅੰਦਰ ਅਦਾਇਗੀ ਕੀਤੀ ਗਈ ਹੈ ਅਤੇ ਮੰਡੀਆਂ ਵਿੱਚ ਫਸਲ ਦੀ ਬੋਲੀ ਵੀ ਤੈਅ ਸਮੇਂ ਅੰਦਰ ਹੀ ਲਗਾਈ ਜਾ ਰਹੀ ਹੈ। ਪੱਤਰਕਾਰਾਂ ਵੱਲੋਂ ਚਾਈਨਾ ਵਾਇਰਸ ਕਾਰਨ ਕਿਸਾਨਾਂ ਦੀ ਫਸਲ ਦੇ ਹੋਏ ਨੁਕਸਾਨ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਡਾ: ਇੰਦੂ ਮਲਹੋਤਰਾ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਅਤੇ ਉਹ ਛੇਤੀ ਹੀ ਇਸ ਸਬੰਧੀ ਪੰਜਾਬ ਸਰਕਾਰ ਨੂੰ ਰਿਪੋਰਟ ਸੋਂਪਣਗੇ।

             ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 02 ਲੱਖ 30 ਹਜ਼ਾਰ 688 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 02 ਲੱਖ 29 ਹਜ਼ਾਰ 269 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ 420.86 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ ਅਤੇ ਮੰਡੀਆਂ ਵਿੱਚੋਂ 01 ਲੱਖ 87 ਹਜ਼ਾਰ 242 ਮੀਟਰਕ ਟਨ ਝੌਨੇ ਦੀ ਲਿਫਟਿੰਗ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜ਼ਿਲ੍ਹੇ ਦੇ ਕਿਸਾਨਾਂ ਨੂੰ ਸਬਸਿਡੀ ਤੇ ਵੱਖ-ਵੱਖ ਤਰ੍ਹਾਂ ਦੀਆਂ 385 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ ਜਿਨ੍ਹਾਂ ਦੀ ਵਰਤੋਂ ਨਾਲ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਕਮੀਂ ਆਈ ਹੈ।

             ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਰਸ਼ਰਨ ਸਿੰਘ ਬਰਾੜ, ਜ਼ਿਲ੍ਹਾ ਮੰਡੀ ਅਫਸਰ ਸਵਰਨ ਸਿੰਘ, ਏ.ਐਫ.ਐਸ.ਓ. ਕੇਵਲ ਸਿੰਘ, ਆੜਤੀ ਯੂਨੀਅਨ ਦੇ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਇੰਸਪੈਕਟਰ ਪਨਗ੍ਰੇਨ ਭਵਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਮੌਜੂਦ ਸਨ।

Advertisement
Advertisement
Advertisement
Advertisement
Advertisement
error: Content is protected !!