ਆਮ ਆਦਮੀ ਨੂੰ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਮਿਲਣ ਪ੍ਰਸ਼ਾਸਕੀ ਸੇਵਾਵਾਂ-ਵਿਵੇਕ ਪ੍ਰਤਾਪ ਸਿੰਘ

Advertisement
Spread information

ਰਾਜੇਸ਼ ਗੌਤਮ/ ਪਟਿਆਲਾ, 28 ਅਕਤੂਬਰ 2022

ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ-ਕਮ-ਜ਼ਿਲ੍ਹਾ ਪਟਿਆਲਾ ਦੇ ਪ੍ਰਭਾਰੀ ਸਕੱਤਰ ਵਿਵੇਕ ਪ੍ਰਤਾਪ ਸਿੰਘ ਨੇ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਪ੍ਰਸ਼ਾਸਕੀ ਸੇਵਾਵਾਂ ਅਤੇ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ।

Advertisement

ਪ੍ਰਭਾਰੀ ਸਕੱਤਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਸਮੁੱਚੀਆਂ ਪ੍ਰਸ਼ਾਸਕੀ ਸੇਵਾਵਾਂ ਲੋਕਾਂ ਨੂੰ ਪਾਰਦਰਸ਼ੀ ਤੇ ਬਿਹਤਰ ਢੰਗ ਨਾਲ ਸਮੇਂ ਸਿਰ ਪ੍ਰਦਾਨ ਕਰਨੀਆਂ ਯਕੀਨੀ ਬਣਾਈਆਂ ਜਾਣ ਤਾਂ ਕਿ ਆਮ ਆਦਮੀ ਬਿਹਤਰ ਮਹਿਸੂਸ ਕਰੇ। ਇਸ ਦੇ ਨਾਲ ਹੀ ਉਨ੍ਹਾਂ ਨੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ ਤੇਜੀ ਲਿਆਉਣ ਦੀ ਵੀ ਹਦਾਇਤ ਕੀਤੀ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਦੀਪਕ ਪਾਰੀਕ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉਪਲ, ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਗੌਤਮ ਜੈਨ, ਏ.ਡੀ.ਸੀਜ਼ ਗੁਰਪ੍ਰੀਤ ਸਿੰਘ ਥਿੰਦ, ਪੂਜਾ ਸਿਆਲ ਗਰੇਵਾਲ ਤੇ ਈਸ਼ਾ ਸਿੰਘਲ ਸਮੇਤ ਸਾਰੇ ਐਸ.ਡੀ.ਐਮਜ਼ ਅਤੇ ਵਿਭਾਗੀ ਮੁਖੀ ਮੌਜੂਦ ਸਨ।

ਵਿਵੇਕ ਪ੍ਰਤਾਪ ਸਿੰਘ ਨੇ ਜ਼ਿਲ੍ਹੇ ਦੇ ਸਾਰੇ ਐਸ.ਡੀ.ਐਮਜ਼ ਤੇ ਤਹਿਸੀਲਦਾਰਾਂ ਨੂੰ ਕਿਹਾ ਕਿ ਉਹ ਆਪਣੇ ਅਧੀਨ ਪਿੰਡਾਂ ਦੇ ਲਾਜਮੀ ਦੌਰੇ ਕਰਨ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਤੇ ਮੁਸ਼ਕਿਲਾਂ ਦਾ ਨਿਪਟਾਰਾ ਤੁਰੰਤ ਕਰਕੇ ਉਨ੍ਹਾਂ ਨੂੰ ਰਾਹਤ ਦਿਵਾਉਣ। ਖਾਸ ਕਰਕੇ ਪਟਵਾਰਖਾਨਿਆਂ ਸਮੇਤ ਮਾਲ ਵਿਭਾਗ ਦੇ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਵੇ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਖੱਜਲ ਖੁਆਰੀ ਨਾ ਹੋਵੇ।

ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਚੱਲ ਰਹੀ ਨਿਰਵਿਘਨ ਖਰੀਦ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਨੂੰ ਆਦੇਸ਼ ਕੀਤੇ ਕਿ ਖਰੀਦ ਕੀਤੀ ਫ਼ਸਲ ਦੀ 24 ਘੰਟੇ ‘ਚ ਅਦਾਇਗੀ ਤੇ 48 ਘੰਟਿਆਂ ਵਿੱਚ ਲਿਫਟਿੰਗ ਯਕੀਨੀ ਬਣਾਉਣ ਦੇ ਨਾਲ-ਨਾਲ ਕਿਸੇ ਵੀ ਕਿਸਾਨ ਨੂੰ ਅਦਾਇਗੀ ਵਿੱਚ ਹੋਈ ਦੇਰੀ ਦੀ ਰਿਪੋਰਟ ਪੇਸ਼ ਕੀਤੀ ਜਾਵੇ।

ਵਿਵੇਕ ਪ੍ਰਤਾਪ ਸਿੰਘ ਨੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਉਪਰ ਕਾਬੂ ਪਾਉਣ ਲਈ ਹੋਰ ਚੌਕਸੀ ਵਰਤਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਨਾੜ ਨੂੰ ਅੱਗ ਲੱਗਣ ਨੂੰ ਗੰਭੀਰਤਾ ਨਾਲ ਲਿਆ ਜਾਵੇ। ਉਨ੍ਹਾਂ ਕਿਹਾ ਕਿ ਖੇਤੀਬਾੜੀ, ਮਾਲ, ਸਹਿਕਾਰਤਾ, ਮੰਡੀ ਬੋਰਡ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗਾਂ ਦੇ ਅਧਿਕਾਰੀ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਨਾੜ ਸਾੜਨ ਦੇ ਨੁਕਸਾਨਾਂ ਕਰਨ ਬਾਰੇ ਜਾਗਰੂਕ ਕੀਤਾ ਜਾਵੇ।

ਪ੍ਰਮੁੱਖ ਸਕੱਤਰ ਨੇ ਆਮ ਆਦਮੀ ਕਲੀਨਿਕਾਂ ਤੇ ਸੇਵਾ ਕੇਂਦਰਾਂ ਦੀ ਕਾਰਗੁਜ਼ਾਰੀ ਤੋਂ ਇਲਾਵਾ ਵੱਡੀ ਤੇ ਛੋਟੀ ਨਦੀ, ਨਵਾਂ ਬੱਸ ਅੱਡਾ, ਨਹਿਰੀ ਪਾਣੀ ਪ੍ਰਾਜੈਕਟ, ਡੇਅਰੀ ਸ਼ਿਫਟਿੰਗ, ਹੈਰੀਟੇਜ਼ ਸਟਰੀਟ, ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਮਾਡਲ ਟਾਉਨ ਡਰੇਨ ਕਵਰ ਕਰਨ, ਮੰਡੌਲੀ-ਪੱਬਰਾ ਜਲ ਸਪਲਾਈ ਪ੍ਰਾਜੈਕਟ, ਘਨੌਰ, ਰਾਜਪੁਰਾ, ਸਮਾਣਾ ਤੇ ਨਾਭਾ ਦੇ ਸਬ ਡਵੀਜ਼ਨਲ ਹਸਪਤਾਲਾਂ, ਰਾਜਿੰਦਰਾ ਲੇਕ ਸਮੇਤ ਹੋਰ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਹਦਾਇਤ ਕੀਤੀ ਕਿ ਸਾਰੇ ਪ੍ਰਾਜੈਕਟਾਂ ਦੇ ਕੰਮ ਵਿੱਚ ਤੇਜੀ ਲਿਆ ਕੇ ਇਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਭਰੋਸਾ ਦਿੱਤਾ ਕਿ ਪ੍ਰਮੁੱਖ ਸਕੱਤਰ ਵੱਲੋਂ ਦਿੱਤੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਲੋਕਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਬਿਹਤਰ ਤੇ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਪ੍ਰਦਾਨ ਕੀਤੀਆਂ ਜਾਣਗੀਆਂ।

Advertisement
Advertisement
Advertisement
Advertisement
Advertisement
error: Content is protected !!