ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਖਰੀਦ ਏਜੰਸੀਆਂ ਤੋਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ
BTN ਫ਼ਾਜ਼ਿਲਕਾ, 14 ਮਈ 2020
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲੇ੍ਹ ਅੰਦਰ ਚੱਲ ਰਹੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਖਰੀਦ ਏਜੰਸੀਆਂ ਤੇ ਹੋਰਨਾਂ ਸਬੰਧਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਸ. ਸੰਧੂ ਨੇ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਰਾਜ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ’ਚ ਰੱਖ ਕੇ ਸਮਾਂਬੱਧ ਢੰਗ ਨਾਲ ਖਰੀਦ ਪ੍ਰਕਿਰਿਆ ਦੇ ਕੰਮ ਨੂੰ ਨੇਪਰੇ ਚੜ੍ਹਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਮੰਡੀਆਂ ਅੰਦਰ ਆਪਣੀ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਸਮਾਜਿਕ ਦੂਰੀ ਬਣਾਏ ਰੱਖਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਅਤੇ ਹੋਰਨਾਂ ਖਰੀਦ ਏਜੰਸੀਆਂ ਤੋਂ ਵਿਸਥਾਰ ਸਹਿਤ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਦੇ ਕੰਮ ਅੰਦਰ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਰਾਜ ਸਰਕਾਰ ਵੱਲੋਂ ਖਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ ਅਦਾਇਗੀ ਸਮੇਂ ਨਾਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਮੰਡੀਆਂ ਵਿਖੇ ਬੀਤੀ ਸ਼ਾਮ ਤੱਕ 736626 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 736612 ਮੀਟਿ੍ਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 204727 ਮੀਟਿ੍ਰਕ ਟਨ, ਐਫ.ਸੀ.ਆਈ ਵੱਲੋਂ 49776 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 196321 ਮੀਟਿ੍ਰਕ ਟਨ, ਪਨਸਪ ਵੱਲੋਂ 178919 ਮੀਟਿ੍ਰਕ ਟਨ ਅਤੇ ਪੰਜਾਬ ਵੇਅਰਹਾਊਸ ਵੱਲੋਂ 106869 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਲ ਰਾਮ, ਜ਼ਿਲ੍ਹਾ ਮੰਡੀ ਅਫ਼ਸਰ ਸਵਰਨ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਬਰਿੰਦਰ ਕੁਮਾਰ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।