ਕੋਰੋਨਾ ਵਾਈਰਸ ਦੇ ਕੰਟਰੋਲ ਲਈ ਸ਼ੋਸਲ ਡਿਸਟੈਂਸ ਬਣਾਉਣਾ ਸਮੇਂ ਦੀ ਮੁੱਖ ਲੋੜ
ਲੋਕਾਂ ਨੂੰ ਬਿਨ੍ਹਾਂ ਕਾਰਣ ਆਵਾਜਾਈ ਤੋਂ ਗੁਰੇਜ਼ ਕਰਨ ਦੀ ਸਲਾਹ
BTN ਫਾਜ਼ਿਲਕਾ, 14 ਮਈ 2020
ਕੋਰੋਨਾ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹਾ ਫਾਜ਼ਿਲਕਾ ਵਿਖੇ ਕਰਫਿਊ ਅਤੇ ਤਾਲਾਬੰਦੀ ’ਚ ਆਮ ਲੋਕਾਂ ਨੂੰ ਜਿੱਥੇ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਛੋਟ ਦਿੱਤੀ ਗਈ ਹੈ, ਉਥੇ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਆਮ ਲੋਕਾਂ ਦੇ ਮਸਲਿਆ ਨੂੰ ਹਲ ਕਰਨ ਲਈ ਪ੍ਰਬੰਧਕੀ ਕੰਪਲੈਕਸ਼ ਦੇ ਬਾਹਰ ਜਨਤਾ ਦਰਬਾਰ ਲਗਾਇਆ ਗਿਆ। ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਸਵੇਰੇ 9 ਵਜ੍ਹੇ ਤੋਂ ਬਾਅਦ ਆਉਣ ਵਾਲੇ ਲੋਕਾਂ ਦੀਆਂ ਵੱਖ ਵੱਖ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਮੌਕੇ ’ਤੇ ਨਿਪਟਾਰਾ ਕੀਤਾ।
ਉਨ੍ਹਾਂ ਵੱਖ ਵੱਖ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜਨਹਿੱਤ ਦੇ ਕੰਮਾਂ ਨੂੰ ਪਹਿਲਕਦਮੀ ਨਾਲ ਹਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕੋਵਿਡ 19 ਦੇ ਸੰਕਟ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਬਾਹਰੋ ਆਉਣ ਜਾਂ ਜਾਣ ਲਈ ਹਰੇਕ ਸਬ ਡਵੀਜ਼ਨ ਪੱਧਰ ’ਤੇ ਦਫ਼ਤਰੀ ਕੰਮ ਕਾਜ਼ ਵਾਲੇ ਦਿਨ ਹੈਲਪ ਡੈਸਕ ਦੇ ਤੌਰ ’ਤੇ ਸਬੰਧਤ ਐਸ.ਡੀ.ਐਮਜ਼ ਦੀ ਦੇਖਰੇਖ ਅੰਦਰ ਸਮੁੱਚੀ ਪ੍ਰਕਿਰਿਆ ਨੂੰ ਅਮਲ ’ਚ ਲਿਆਂਦਾ ਗਿਆ ਹੈ।
ਸ. ਸੰਧੂ ਨੇ ਕਿਹਾ ਕਿ ਹਰੇਕ ਜ਼ਿਲ੍ਹਾ ਵਾਸੀ ਨੂੰ ਰਾਜ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ’ਤੇ ਜਾਰੀ ਐਡਵਾਈਜ਼ਰੀ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਈਰਸ ਦੇ ਕੰਟਰੋਲ ਲਈ ਸ਼ੋਸਲ ਡਿਸਟੈਂਸ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ, ਜਿਸਦੇ ਲਈ ਸਾਨੰੂ ਖੁਦ ਵੀ ਪ੍ਰੇਰਿਤ ਹੋਣਾ ਪਵੇਗਾ ਅਤੇ ਆਪਣੇ ਆਲੇ ਦੁਆਲੇ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਬਿਨ੍ਹਾਂ ਕਾਰਣ ਆਵਾਜਾਈ ਤੋਂ ਗੁਰੇਜ਼ ਕਰਨੀ ਦੀ ਸਲਾਹ ਦਿੰਦਿਆਂ ਸਾਮਾਜਿਕ ਦੂਰੀ ਬਣਾ ਕੇ ਰੱਖਣ ’ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਜ਼ਿਲ੍ਹੇ ਤੋਂ ਬਾਹਰ ਆਉਣ ਜਾਣ ਵਾਲਿਆਂ ਦੀ ਦਰਖਾਸਤਾਂ ਲੈ ਕੇ ਪਾਸ ਵੀ ਜਾਰੀ ਕੀਤੇ ਗਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ ਆਰ.ਪੀ. ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਲ ਰਾਮ, ਜ਼ਿਲ੍ਹਾ ਭਲਾਈ ਅਫ਼ਸਰ ਬਰਿੰਦਰ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਮਨਜੀਤ ਸਿੰਘ, ਕਾਰਜ ਸਾਧਕ ਅਫ਼ਸਰ ਰਜ਼ਨੀਸ ਕੁਮਾਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂਬਾਲਾ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।