BTN ਸੰਗਰੂਰ, 14 ਮਈ 2020
ਵਧੀਕ ਜ਼ਿਲਾ ਮੈਜਿਸਟਰੇਟ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਜ਼ਿਲਾ ਸੰਗਰੂਰ ਵਿੱਚ ਸਮੂਹ ਧਾਰਮਿਕ ਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ। ਪਹਿਲਾਂ ਤੋਂ ਜਾਰੀ ਹੁਕਮਾਂ ਦੀ ਤਾਰੀਖ ਵਿੱਚ ਵਾਧਾ ਕਰਦਿਆਂ ਕਿਹਾ ਗਿਆ ਹੈ ਕਿ ਪਿਛਲੇ ਦਿਨੀ ਧਾਰਮਿਕ ਸਥਾਨਾਂ ਤੇ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਹਨ। ਇਸ ਕਾਰਨ ਇਲਾਕੇ ਵਿੱਚ ਤਨਾਵ ਪੈਦਾ ਹੁੰਦਾ ਹੈ ਅਤੇ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹਨਾਂ ਹਾਲਾਤਾਂ ਵਿੱਚ ਇਹ ਜਰੂਰੀ ਹੈ ਕਿ ਪਿੰਡਾਂ ਅਤੇ ਕਸਬਿਆਂ ਵਿੱਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ। ਉਨਾ ਕਿਹਾ ਕਿ ਜ਼ਿਲਾ ਅੰਦਰ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ ਮਾਲ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਉਠਾਉਣ ਦੀ ਫੌਰੀ ਜਰੂਰਤ ਹੈ। ਇਹ ਹੁਕਮ 11 ਜੁਲਾਈ 2020 ਤੱਕ ਲਾਗੂ ਰਹਿਣਗੇ।