ਪੈਨਸ਼ਨ ਪੋਰਟਲ ’ਤੇ ਆਧਾਰ ਕਾਰਡ ਦਾ ਕੰਮ ਜਲਦ 100 ਫੀਸਦੀ ਮੁਕੰਮਲ ਕਰਨ ਦੀ ਹਦਾਇਤ
ਰਘਵੀਰ ਹੈਪੀ , ਬਰਨਾਲਾ, 21 ਨਵੰਬਰ 2022
ਜ਼ਿਲ੍ਹੇ ਵਿੱਚ ਪੈਨਸ਼ਨ ਸਕੀਮਾਂ ਦੇ ਜਾਇਜ਼ੇ ਲਈ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਵੱਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਤੇ ਬੈਂਕਾਂ ਦੇ ਨੁਮਾਇੰਦਿਆਂ ਨਾਲ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਨਿਆਸ਼ਰਿਤ ਔਰਤਾਂ, ਆਸ਼ਰਿਤ ਬੱਚਿਆਂ ਤੇ ਦਿਵਿਆਂਗਜਨਾਂ ਲਈ ਪੈਨਸ਼ਨ ਦਾ ਲਾਭ ਦਿੱਤਾ ਜਾ ਰਿਹਾ ਹੈ। ਇਨ੍ਹਾਂ ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਬਰਨਾਲਾ ਵਿਚ ਅਕਤੂਬਰ ’ਚ 84,233 ਲਾਭਪਾਤਰੀਆਂ ਨੂੰ 12 ਕਰੋੜ 63 ਲੱਖ 49 ਹਜ਼ਾਰ 500 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਤੇ ਇਹ ਰਾਸ਼ੀ ਸਿੱਧੀ ਬੈਂਕ ਖਾਤਿਆਂ ਵਿਚ ਟਰਾਂਸਫਰ ਕੀਤੀ ਜਾਂਦੀ ਹੈ।
ਉਨ੍ਹਾਂ ਵੱਖ ਵੱਖ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਲਾਭਪਾਤਰੀਆਂ ਦੇ ਖਾਤੇ ਲੰਮੇ ਸਮੇਂ ਤੋਂ ਚਾਲੂ ਨਹੀਂ ਹਨ ਭਾਵ ਡੋਰਮੈਂਟ ਹਨ, ਉਨ੍ਹਾਂ ਖਾਤਿਆਂ ਵਿਚ ਅਣਵਰਤੀ ਰਕਮ ਦਾ ਡਰਾਫਟ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦੇ ਨਾਮ ’ਤੇ ਬਣਾ ਦਿੱਤਾ ਜਾਵੇ ਤਾਂ ਜੋ ਅਣਵਰਤੀ ਰਕਮ ਨੂੰ ਸਰਕਾਰੀ ਖ਼ਜ਼ਾਨੇ ਵਿਚ ਜਮ੍ਹਾਂ ਕਰਵਾਇਆ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਡਾ. ਤੇਆਵਾਸਪ੍ਰੀਤ ਕੌਰ ਨੇ ਦੱਸਿਆ ਕਿ ਜਿਹੜੇ ਲਾਭਪਾਤਰੀ ਦੀ ਮੌਤ ਹੋ ਜਾਂਦੀ ਹੈ, ਉਸ ਦੀ ਪੈਨਸ਼ਨ ਬੰਦ ਕਰ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜੁਲਾਈ ਤੇ ਅਗਸਤ ਦੌਰਾਨ ਜ਼ਿਲ੍ਹੇ ਵਿਚ ਸਰਵੇ ਕਰਵਾਇਆ ਗਿਆ ਅਤੇ ਮ੍ਰਿਤਕ ਪਾਏ ਗਏ ਲਾਭਪਾਤਰੀਆਂ ਦੀ ਪੈਨਸ਼ਨ ਰੋਕ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਪੈਨਸ਼ਨ ਪੋਰਟਲ ’ਤੇ ਆਧਾਰ ਸੀਡਿੰਗ ਦਾ ਕੰਮ 97.68 ਫੀਸਦੀ ਮੁਕੰਮਲ ਹੋ ਚੁੱਕਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬੈਂਕਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਆਧਾਰ ਸੀਡਿੰਗ ਦੇ ਰਹਿੰਦੇ ਕੰਮ ਲਈ ਦਫਤਰ ਸਮਾਜਿਕ ਸੁਰੱਖਿਆ ਅਫਸਰ ਨੂੰ ਸਹਿਯੋਗ ਦਿੰਦੇ ਹੋਏ ਦੋ ਦਿਨਾਂ ਅੰਦਰ ਕੰਮ ਮੁਕੰਮਲ ਕੀਤੀ ਜਾਵੇ। ਉਨ੍ਹਾਂ ਬੈਂਕਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਜੇਕਰ ਕਿਸੇ ਪੈਨਸ਼ਨਰ ਦੀ ਮੌਤ ਹੋ ਜਾਂਦੀ ਹੈ ਤਾਂ ਤੁਰੰਤ ਅਣਵਰਤੀ ਰਕਮ ਦਾ ਡਰਾਫਟ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੂੰ ਭੇਜਿਆ ਜਾਵੇ।