ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਕੀਤਾ ਯਾਦ
ਬੀ.ਟੀ.ਐਨ. ਤਪਾ, 27 ਨਵੰਬਰ 2022
ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਜ਼ਿਲ੍ਹਾ ਯੂਥ ਅਫਸਰ ਓਮਕਾਰ ਸਵਾਮੀ ਦੀ ਪ੍ਰਧਾਨਗੀ ਹੇਠ ਸੰਵਿਧਾਨ ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪ੍ਰਿੰਸੀਪਲ ਡਾ. ਲਖਵਿੰਦਰ ਸਿੰਘ ਰੱਖੜਾ ਸ਼ਾਮਲ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹ ਕੇ ਕੀਤੀ ਗਈ।
ਇਸ ਮੌਕੇ ਪ੍ਰੋ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸੰਵਿਧਾਨ ਸਭਾ ਵਲੋਂ 26 ਨਵੰਬਰ 1949 ਨੂੰ ਸੰਵਿਧਾਨ ਅਪਣਾਇਆ ਗਿਆ ਤੇ ਫਿਰ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ ਸੀ, ਜਿਸ ਕਰ ਕੇ ਹਰ ਸਾਲ 26 ਨਵੰਬਰ ਨੂੰ ਸੰਵਿਧਾਨ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਇਸ ਦਿਨ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਯਾਦ ਕਰ ਕੇ ਸ਼ਰਧਾਂਜਲੀ ਦਿਤੀ ਜਾਂਦੀ ਹੈ। ਪ੍ਰੋ. ਸੁਖਵੀਰ ਸਿੰਘ ਨੇ ਦੱਸਿਆ ਕਿ ਇਸ ਦੇਸ਼ ਦੇ ਨਾਗਰਿਕ ਹੋਣ ਦੇ ਨਾਤੇ ਸਾਡੇ ਸੰਵਿਧਾਨ ਦੀ ਲਿਖਤ, ਨਾਗਰਿਕਾਂ ਨੂੰ ਦਿੱਤੇ ਗਏ ਮੌਲਿਕ ਅਧਿਕਾਰਾਂ ਅਤੇ ਕਰਤੱਵਾਂ ਬਾਰੇ ਸਾਰਿਆਂ ਨੂੰ ਜਾਣਕਾਰੀ ਹੋਣਾ ਲਾਜ਼ਮੀ ਹੈ। ਉਨ੍ਹਾਂ ਵਲੋਂ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਸਾਡੇ ਕਰਤੱਵਾਂ ਨੂੰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਪਹਿਲਾ ਸਥਾਨ ਨਵਜੋਤ ਕੌਰ, ਦੂਜਾ ਸਥਾਨ ਕੋਮਲ ਸਕਸੇਨਾ ਅਤੇ ਤੀਜਾ ਸਥਾਨ ਸੰਦੀਪ ਕੌਰ ਨੇ ਹਾਸਿਲ ਕੀਤਾ ਅਤੇ ਜੇਤੂਆਂ ਨੂੰ ਮੋਮੈਂਟੋ ਅਤੇ ਸਰਟੀਫਿਕੇਟ ਵੰਡੇ ਗਏ। ਅੰਤ ਵਿਚ ਪ੍ਰਿੰਸੀਪਲ ਡਾ. ਲਖਵਿੰਦਰ ਸਿੰਘ ਰੱਖੜਾ ਨੇ ਨਹਿਰੂ ਯੁਵਾ ਕੇਂਦਰ ਵਲੋਂ ਕਰਵਾਏ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਕਾਲਜ ਵਿੱਚ ਇਸ ਪ੍ਰੋਗਰਾਮ ਨੂੰ ਕਰਵਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਅਮਨਦੀਪ ਕੌਰ, ਹਰਿੰਦਰ ਸਿੰਘ,ਅੰਮ੍ਰਿਤ ਸਿੰਘ, ਨਵਰਾਜ ਸਿੰਘ, ਬਲਜਿੰਦਰ ਕੌਰ, ਜਸਪ੍ਰੀਤ ਸਿੰਘ, ਜੀਵਨ ਸਿੰਘ ਆਦਿ ਹਾਜ਼ਿਰ ਸਨ।