ਭਲਕੇ ਵਿਧਾਨ ਸਭਾ ਚੰਡੀਗੜ੍ਹ ਵਿਖੇ ਹੋਵੇਗੀ ਕਮੇਟੀ ਦੀ ਵਿਸ਼ੇਸ਼ ਮੀਟਿੰਗ
ਵੱਖ-ਵੱਖ ਵਿਭਾਗਾਂ ਤੋਂ ਆਏ ਪੱਤਰਾਂ ‘ਤੇ ਕੀਤੇ ਜਾਣਗੇ ਵਿਚਾਰ ਵਟਾਂਦਰੇ
ਦਵਿੰਦਰ ਡੀ.ਕੇ. ਲੁਧਿਆਣਾ, 11 ਦਸੰਬਰ 2022
ਬੁੱਢੇ ਨਾਲੇ ਅਤੇ ਘੱਗਰ ਦਰਿਆ ਦੇ ਮਸਲਿਆਂ ਨੂੰ ਲੈ ਕੇ ਵਿਧਾਨ ਸਭਾ ਕਮੇਟੀ ਦੀ ਚੰਡੀਗੜ੍ਹ ਵਿਖੇ ਭਲਕੇ ਹੋਣ ਵਾਲੀ ਸੰਭਾਵੀ ਮੀਟਿੰਗ ਤੋਂ ਇਕ ਦਿਨ ਪਹਿਲਾਂ, ਕਮੇਟੀ ਦੇ ਚੇਅਰਮੈਨ ਵਿਧਾਇਕ (ਲੁਧਿਆਣਾ ਪੂਰਬੀ) ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਹੇਠ ਕਮੇਟੀ ਮੈਂਬਰਾਂ ਨੇ ਐਤਵਾਰ ਨੂੰ ਗਊਘਾਟ ਗੁਰਦੁਆਰਾ ਨੇੜੇ ਬੁੱਢੇ ਨਾਲੇ ਵਾਲੀ ਸਾਈਟ ਦਾ ਦੌਰਾ ਕੀਤਾ।
ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਲ ਸਰੋਤਾਂ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕੰਮ ਕਰ ਰਹੀ ਹੈ, ਬੁੱਢੇ ਨਾਲੇ ਅਤੇ ਘੱਗਰ ਨਦੀ ਨਾਲ ਸਬੰਧਤ ਮੁੱਦਿਆਂ ਦੀ ਘੋਖ ਕਰਨ ਲਈ ਉਕਤ ਵਿਧਾਨ ਸਭਾ ਕਮੇਟੀ ਦਾ ਗਠਨ ਕੀਤਾ ਗਿਆ ਹੈ। ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਕਮੇਟੀ ਦੇ ਚੇਅਰਮੈਨ ਹਨ ਜਦਕਿ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਕੁਲਵੰਤ ਸਿੰਘ ਸਿੱਧੂ, ਹਰਦੀਪ ਸਿੰਘ ਮੁੰਡੀਆਂ, ਗੁਰਪ੍ਰੀਤ ਸਿੰਘ ਬਣਾਂਵਾਲੀ, ਬਰਿੰਦਰ ਗੋਇਲ, ਮਨਪ੍ਰੀਤ ਸਿੰਘ ਇਆਲੀ, ਕੁਲਜੀਤ ਸਿੰਘ ਰੰਧਾਵਾ ਅਤੇ ਸੰਦੀਪ ਜਾਖੜ ਕਮੇਟੀ ਦੇ ਮੈਂਬਰ ਹਨ।
ਵਿਧਾਇਕ ਭੋਲਾ ਗਰੇਵਾਲ, ਪੱਪੀ ਅਤੇ ਬੱਗਾ ਸਮੇਤ ਵਿਧਾਇਕਾਂ ਨੇ ਐਤਵਾਰ ਨੂੰ ਲੁਧਿਆਣਾ ਨਗਰ ਨਿਗਮ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਨਾਲੇ ਵਾਲੀ ਸਾਈਟ ਦਾ ਦੌਰਾ ਕੀਤਾ।
ਵਿਧਾਇਕ ਭੋਲਾ ਗਰੇਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਬੁੱਢੇ ਨਾਲੇ ਦੀ ਸਫ਼ਾਈ ਲਈ ਕੰਮ ਕਰ ਰਹੀ ਹੈ ਅਤੇ ਬੁੱਢੇ ਨਾਲੇ ਦੀ ਸਫ਼ਾਈ ਲਈ 650 ਕਰੋੜ ਰੁਪਏ ਦੇ ਪ੍ਰਾਜੈਕਟ ਵਿੱਚ ਤੇਜ਼ੀ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਸਥਾਨਕ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਤਹਿਤ ਗਊਘਾਟ ਗੁਰਦੁਆਰੇ ਨੇੜੇ ਇੱਕ ਇੰਟਰਮੀਡੀਏਟ ਪੰਪਿੰਗ ਸਟੇਸ਼ਨ (ਆਈ.ਪੀ.ਐਸ.) ਸਥਾਪਤ ਕਰਨ ਲਈ ਜਗ੍ਹਾ ਲੱਭਣ ਵਿੱਚ ਕੁਝ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸਦੇ ਤਹਿਤ ਸੀਵਰੇਜ ਦੇ ਕੂੜੇ ਨੂੰ ਸੀਵਰ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਤੱਕ ਲਿਜਾਣ ਲਈ ਆਈ.ਪੀ.ਐਸ. ਦੀ ਸਥਾਪਨਾ ਕੀਤੀ ਜਾਣੀ ਹੈ।
ਐਤਵਾਰ ਦਾ ਦੌਰਾ ਨੇੜਲੇ ਖੇਤਰ ਵਿੱਚ ਜਗ੍ਹਾ ਲੱਭਣ ਲਈ ਤਹਿ ਕੀਤਾ ਗਿਆ ਸੀ ਅਤੇ ਕੁਝ ਸਥਾਨਾਂ ਦੀ ਪਛਾਣ ਵੀ ਕੀਤੀ ਗਈ। ਵਿਧਾਇਕ ਭੋਲਾ ਗਰੇਵਾਲ ਨੇ ਕਿਹਾ ਕਿ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਵਿਧਾਨ ਸਭਾ ਕਮੇਟੀ ਦੀ ਮੀਟਿੰਗ ਦੌਰਾਨ ਸਾਈਟਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਜਾਵੇਗੀ ਅਤੇ ਇਸ ਸਬੰਧੀ ਅੰਤਿਮ ਫੈਸਲਾ ਜਲਦ ਹੀ ਲਿਆ ਜਾਵੇਗਾ।