ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖ ਕੇ ਹਰੇਕ ਵਰਗ ਦੇ ਲੋਕਾਂ ਨੂੰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਸਫ਼ਾਈ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਕੀਤੀ ਅਪੀਲ
ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਪਿੰਡ ਭਮਾਰਸੀ ਬੁਲੰਦ ਤੋਂ ਸਾਫ਼ ਸਫ਼ਾਈ ਦੀ ਮੁਹਿੰਮ ਦੀ ਸ਼ੁਰੂਆਤ ਕਰਵਾਈ
ਅਸ਼ੋਕ ਧੀਮਾਨ , ਫ਼ਤਿਹਗੜ੍ਹ ਸਾਹਿਬ, 17 ਦਸੰਬਰ 2022
ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਫ਼ਤਿਹਗੜ੍ਹ ਸਾਹਿਬ ਨੂੰ ਆਉਂਦੀਆਂ ਸਮੂਹ ਸੜਕਾਂ ਦੀ ਸਾਫ਼ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਵਿੱਚ ਵੱਖ-ਵੱਖ ਵਰਗਾਂ ਦੇ ਕਰੀਬ 5000 ਵਲੰਟੀਅਰ ਭਾਗ ਲੈ ਰਹੇ ਹਨ। ਇਹ ਜਾਣਕਾਰੀ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪਿੰਡ ਭਮਾਰਸੀ ਬੁਲੰਦ ਤੋਂ ਮੁਹਿੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਮਨਾਈ ਜਾਣ ਵਾਲੀ ਸ਼ਹੀਦੀ ਸਭਾ ਦੌਰਾਨ ਸਾਫ਼ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਚਾਰ ਮੈਡੀਕਲ ਕੈਂਪ ਵੀ ਲਗਾਏ ਜਾਣਗੇ ਜਿੱਥੇ ਸ਼ਰਧਾਲੂਆਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਵਿਧਾਇਕ ਰਾਏ ਨੇ ਕਿਹਾ ਕਿ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਮਨਾਈ ਜਾਣ ਵਾਲੀ ਸ਼ਹੀਦੀ ਸਭਾ ਲਈ ਸ਼ੁਰੂ ਕੀਤੀ ਇਸ ਮੁਹਿੰਮ ਵਿੱਚ ਹਰੇਕ ਵਰਗ ਦੇ ਲੋਕਾਂ ਨੂੰ ਪਾਰਟੀ ਪੱਧਰ ਤੋਂ ਉਪਰ ਉੱਠ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ । ਉਨ੍ਹਾਂ ਇਹ ਵੀ ਕਿਹਾ ਕਿ ਸਾਡੀ ਸਰਕਾਰ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਕਈ ਫ਼ੈਸਲੇ ਕੀਤੇ ਹਨ ਜਿਨ੍ਹਾਂ ਵਿੱਚ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਨੂੰ ਆਉਂਦੀਆਂ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਅਤੇ ਆਰਜ਼ੀ ਪਖਾਨਿਆਂ ਦਾ ਪ੍ਰਬੰਧ ਪ੍ਰਮੁੱਖ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਕਿਸਮ ਦੀ ਕੋਈ ਕਮੀ ਨਾ ਰਹੇ। ਸ. ਰਾਏ ਨੇ ਪਿੰਡਾਂ ਦੇ ਲੋਕਾਂ ਨੂੰ ਵੀ ਸੱਦਾ ਦਿੱਤਾ ਕਿ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਸੜਕਾਂ ਦੇ ਆਲੇ ਦੁਆਲੇ ਗੰਦਗੀ ਨਾ ਸੁੱਟੀ ਜਾਵੇ ਤਾਂ ਜੋ ਸੜਕਾਂ ਦੀ ਦਿੱਖ ਖ਼ਰਾਬ ਨਾ ਹੋਵੇ। ਉਨ੍ਹਾਂ ਲੰਗਰ ਕਮੇਟੀਆਂ ਨੂੰ ਅਪੀਲ ਕੀਤੀ ਕਿ ਲੰਗਰਾਂ ਦਾ ਕੂੜਾ ਕਰਕਟ ਢੁਕਵੀਂ ਥਾਂ ਤੇ ਹੀ ਸੁੱਟਿਆ ਜਾਵੇ ਤਾਂ ਜੋ ਗੰਦਗੀ ਨਾਲ ਕੋਈ ਬਿਮਾਰੀ ਨਾ ਫੈਲ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਦਿਨੇਸ਼ ਵਸ਼ਿਸ਼ਟ ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੜਕਾਂ ਦੇ ਆਲ਼ੇ ਦੁਆਲੇ ਸੁੱਕੇ ਹੋਏ ਪੱਤਿਆਂ ਨੂੰ ਅੱਗ ਨਾ ਲਗਾਈ ਜਾਵੇ ਤਾਂ ਜੋ ਵਾਤਾਵਰਣ ਪ੍ਰਦੂਸ਼ਣ ਨਾ ਫੈਲ ਸਕੇ। ਇਸ ਮੌਕੇ ਸ. ਗੁਰਸਤਿੰਦਰ ਸਿੰਘ ਜੱਲ੍ਹਾ, ਕਰਮ ਸਿੰਘ ਜੱਲ੍ਹਾ, ਨੰਬਰਦਾਰ ਸਤਬੀਰ ਸਿੰਘ, ਹਰਦੇਵ ਸਿੰਘ ਭਮਾਰਸੀ, ਬਲਕਾਰ ਸਿੰਘ ਨਾਮਧਾਰੀ, ਨਿਰਮਲ ਸਿੰਘ ਸਰਪੰਚ ਭਾਰਤੀ ਬੁਲੰਦ, ਬਹਾਦਰ ਸਿੰਘ, ਜਗਜੀਤ ਸਿੰਘ ਰਿਊਣਾ, ਗੱਜਣ ਜਲਵੇੜਾ, ਸਤੀਸ਼ ਲਟੌਰ, ਮਾਨਵ ਟਿਵਾਣਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।