ਫਤਿਹਗੜ੍ਹ ਸਾਹਿਬ ਸ਼ਹੀਦੀ ਸਭਾ ~ ਸੰਗਤ ਦੀ ਸਹੂਲਤ ਲਈ ਪ੍ਰਸ਼ਾਸ਼ਨ ਪੱਬਾਂ ਭਾਰ

Advertisement
Spread information

300 ਆਰਜੀ ਪਖਾਨੇ ਅਤੇ ਪੀਣ ਵਾਲੇ ਸਾਫ ਸੁਥਰੇ ਪਾਣੀ ਦੇ ਪ੍ਰਬੰਧ  ਮੁਕੰਮਲ

ਸਾਫ ਸਫਾਈ ਲਈ ਸੰਤ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਮੁਹਿੰਮ ਸ਼ੁਰੂ

MLA ਰਾਏ ਤੇ DC ਸ਼ੇਰਗਿੱਲ ਨੇ ਸਫਾਈ ਮੁਹਿੰਮ ਸ਼ੁਰੂ ਕਰਵਾਈ

ਏ.ਕੇ. ਧੀਮਾਨ , ਫ਼ਤਹਿਗੜ੍ਹ ਸਾਹਿਬ, 20 ਦਸੰਬਰ:2022

          ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜ਼ਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਕੀਤੇ ਜਾਣ ਵਾਲੇ ਪ੍ਰਬੰਧਾਂ ਵਿੱਚ ਤੇਜੀ ਲਿਆਂਦੀ ਹੈ। ਇਸ ਕੜੀ ਤਹਿਤ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਤੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਤੋਂ ਸੰਤ ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲਿਆਂ ਵੱਲੋਂ ਭੇਜੀਆਂ ਗਈਆਂ ਮਸ਼ੀਨਾਂ ਨਾਲ ਸਫਾਈ ਦੀ ਮੁਹਿੰਮ ਸ਼ੁਰੂ ਕਰਵਾਈ ਹੈ।ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਹਲਕਾ ਵਿਧਾਇਕ ਐਡਵੋਕੇਟ ਰਾਏ ਨੇ ਕਿਹਾ ਕਿ ਦੁਨੀਆਂ ਦੇ ਇਤਿਹਾਸ ਦੀ ਮਹਾਨ ਗਾਥਾ ਜਿਸ ਨੂੰ ਨਿੱਕੀਆਂ ਜਿੰਦਾਂ ਵੱਡੇ ਸਾਕੇ ਵਜੋਂ ਵੀ ਯਾਦ ਕੀਤਾ ਜਾਂਦਾ ਹੈ ਸਾਡੇ ਲਈ ਗੌਰਵ ਦੀ ਪ੍ਰਤੀਕ ਹੈ। ਜਿਸ ਤਰ੍ਹਾਂ ਛੋਟੇ ਸਾਹਿਬਜ਼ਾਦਿਆਂ ਨੇ 07 ਤੇ 09 ਸਾਲ ਦੀ ਉਮਰ ਵਿੱਚ ਮਨੁੱਖਤਾ ਦੀ ਰਾਖੀ ਲਈ ਸ਼ਹਾਦਤ ਦਿੱਤੀ ਉਸ ਦੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਸੰਤ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸ਼ਹਿਰ ਦੀ ਸਫਾਈ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਪਹਿਲਾਂ ਪਿੰਡਾਂ ਦੀ ਸਫਾਈ ਦਾ ਕੰਮ ਵੱਡੀ ਪੱਧਰ ਤੇ ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਆਲਾ ਦੁਆਲਾ ਹੋਰ ਵੀ ਨਿੱਖਰ ਕੇ ਸਾਹਮਣੇ ਆ ਰਿਹਾ ਹੈ। ਹੁਣ ਸ਼ਹਿਰਾਂ ਦੀ ਸਫਾਈ ਤੋਂ ਬਾਅਦ ਸ਼ਰਧਾਲੂਆਂ ਨੂੰ ਸਾਫ ਸੁਥਰਾ ਤੇ ਸਵੱਛ ਵਾਤਾਵਰਣ ਵੇਖਣ ਨੂੰ ਮਿਲੇਗਾ। ਉਨ੍ਹਾਂ ਸੰਤ ਭੂਰੀ ਵਾਲਿਆਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕੀਤੀ।.            ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਇਸ ਮੌਕੇ ਦੱਸਿਆ ਕਿ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ 300 ਆਰਜੀ ਪਖਾਨੇ ਤਿਆਰ ਹਨ ਜੋ ਕਿ ਜਲਦੀ ਹੀ ਢੁਕਵੇਂ ਸਥਾਨਾਂ ਤੇ ਫਿੱਟ ਕਰ ਦਿੱਤੇ ਜਾਣਗੇ ਇਸ ਤੋਂ ਇਲਾਵਾ ਪੀਣ ਵਾਲੇ ਸਾਫ ਸੁਥਰੇ ਪਾਣੀ ਦੇ ਕੁਨੈਕਸ਼ਨ ਵੀ ਲੰਗਰਾਂ ਵਿੱਚ ਦਿੱਤੇ ਜਾ ਰਹੇ ਹਨ ਤਾਂ ਜ਼ੋ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਸੁਚਾਰੂ ਆਵਾਜਾਈ ਲਈ ਸੜਕਾਂ ਤੋਂ 10 ਫੁੱਟ ਪਿੱਛੇ ਹੱਟ ਕੇ ਹੀ ਲੰਗਰ ਲਗਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਸੜਕਾਂ ਦੇ ਆਲੇ ਦੁਆਲੇ ਆਰਜੀ ਦੁਕਾਨਾਂ ਨਹੀਂ ਲਗਾਉਣ ਦਿੱਤੀਆਂ ਜਾਣਗੀਆਂ ਤਾਂ ਜੋ ਆਵਾਜਾਈ ਵਿੱਚ ਕੋਈ ਵਿਘਨ ਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਸੜਕਾਂ ਕਿਨਾਰੇ ਕੀਤੇ ਗਏ ਨਜਾਇਜ਼ ਕਬਜਿਆ ਨੂੰ ਹਟਾਉਣ ਲਈ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਤੇ ਤਹਿਸੀਲਦਾਰ ਦੀ ਡਿਊਟੀ ਲਗਾਈ ਗਈ ਹੈ ਜੋ ਕਿ ਰੋਜ਼ਾਨਾਂ ਚੈਕਿੰਗ ਕਰ ਰਹੇ ਹਨ। ਉਨ੍ਹਾਂ ਵਿਸ਼ੇਸ਼ ਤੌਰ ਤੇ ਸੰਤ ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲਿਆਂ ਵੱਲੋਂ ਸਫਾਈ ਲਈ ਮਸ਼ੀਨਾਂ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸ਼ਨ ਵੱਲੋਂ ਸੰਗਤਾਂ ਦੀ ਸੁਰੱਖਿਆ ਤੇ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਵਿੱਚ ਪ੍ਰਸ਼ਾਸ਼ਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਦੁਨੀਆਂ ਦੇ ਇਸ ਮਹਾਨ ਦਿਹਾੜੇ ਨੂੰ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਦੇ ਹੋਏ ਨੇਪਰੇ ਚਾੜਿਆ ਜਾ ਸਕੇ। ਇਸ ਮੌਕੇ ਸੰਤ ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲਿਆ ਨੇ ਕਿਹਾ ਕਿ ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ ਸ਼ੁਰੂ ਕੀਤੀ ਗਈ ਇਸ ਸਫਾਈ ਮੁਹਿੰਮ ਵਿੱਚ ਲਗਭਗ 20 ਵਲੰਟੀਅਰਾਂ ਵੱਲੋਂ 24 ਘੰਟੇ ਡਿਊਟੀ ਨਿਭਾਈ ਜਾਵੇਗੀ ਤਾਂ ਜੋ ਸੰਗਤ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਹਲਕਾ ਵਿਧਾਇਕ ਵੱਲੋਂ ਜੋ ਵੀ ਸਹਿਯੋਗ ਮੰਗਿਆ ਜਾਵੇਗਾ ਉਸ ਨੂੰ ਪੂਰਾ ਕਰਨ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਐਸ.ਡੀ.ਐਮ. ਹਰਪ੍ਰੀਤ ਸਿੰਘ ਅਟਵਾਲ, ਆਮ ਆਦਮੀ ਪਾਰਟੀ ਦੇ ਅਮਰਿੰਦਰ ਸਿੰਘ ਮੰਡੋਫਲ, ਗੁਰਸਤਿੰਦਰ ਸਿੰਘ ਜੱਲਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਸ਼ਹਿਰੀ ਪਤਵੰਤੇ ਮੌਜ਼ੂਦ ਸਨ।

Advertisement
Advertisement
Advertisement
Advertisement
Advertisement
Advertisement
error: Content is protected !!