ਪੋਰਟਲ ਤੇ ਪ੍ਰਾਪਤ ਸ਼ਿਕਾਇਤ ਦਾ ਤਰੁੰਤ ਨਿਪਟਾਰਾ ਕਰਨਾ ਯਕੀਨੀ ਬਣਾਉਣ ਅਧਿਕਾਰੀ: ਡਿਪਟੀ ਕਮਿਸ਼ਨਰ
ਅਧਿਕਾਰੀ ਰੋਜ਼ਾਨਾ ਚੈੱਕ ਕਰਨ ਆਪੋ-ਆਪਣਾ ਸ਼ਿਕਾਇਤ ਪੋਰਟਲ
12 ਘੰਟਿਆਂ ਦੇ ਅੰਦਰ ਅੰਦਰ ਪ੍ਰਾਪਤ ਹੋਈ ਸ਼ਿਕਾਇਤ ਦਾ ਕੀਤਾ ਜਾਵੇ ਨਿਪਟਾਰਾ
ਸੋਨੀ ਪਨੇਸਰ , ਬਰਨਾਲਾ , 22 ਦਸੰਬਰ 2022
ਸੂਬੇ ਭਰ ਵਿੱਚ 19 ਦਸੰਬਰ ਤੋਂ 25 ਦਸੰਬਰ ਤੱਕ (ਸੁਸ਼ਾਸਨ ਹਫਤਾ) ਗੁੱਡ ਗਰਵੈਨਸਿਸ ਵੀਕ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਫਸਰਾਂ ਨੂੰ ਹਿਦਾਇਤ ਕੀਤੀ ਕਿ ਉਹ ਪੀ. ਜੀ. ਆਰ. ਐੱਸ ਪੋਰਟਲ ਉੱਤੇ ਮਿਲਣ ਵਾਲੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ।
ਉਹਨਾਂ ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀਜੀਆਰਐੱਸ) ਪੋਰਟਲ ’ਤੇ ਬਕਾਇਆ ਪਈਆਂ ਸ਼ਿਕਾਇਤਾਂ ਦਾ ਨਿਪਟਾਰਾ 12 ਘੰਟਿਆਂ ਦੇ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਰਕਾਰੀ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਮ ਲੋਕਾਂ ਵੱਲੋਂ ਪੀਜੀਆਰਐਸ ਪੋਰਟਲ ਰਾਹੀਂ ਭੇਜੀਆਂ ਜਾਂਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਨਿਰਧਾਰਤ ਸਮੇਂ ਅੰਦਰ ਹੱਲ ਕਰਨ ਲਈ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁੱਡ ਗਰਵੈਨਸਿਸ ਵੀਕ ਅਧੀਨ ਜ਼ਿਲ੍ਹਾ ਪ੍ਰਸਾਸਨ ਵੱਲੋਂ ਜ਼ਿਲ੍ਹਾ ਬਰਨਾਲਾ ਵਿੱਚ ਬਲਾਕਾਂ ਅੰਦਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ । ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਵਿਭਾਗ ਵੱਲੋਂ ਈ ਸੇਵਾ ਜਾਂ ਪੀਜੀਆਰਐਸ ਪੋਰਟਲ ’ਤੇ ਅਰਜ਼ੀਆਂ/ਸ਼ਿਕਾਇਤਾਂ ਬਕਾਇਆ ਨਾ ਰੱਖੀਆਂ ਜਾਣ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵਿਭਾਗ ਕੋਲ ਸ਼ਿਕਾਇਤ ਕਰਤਾ ਵੱਲੋਂ ਗਲਤੀ ਨਾਲ ਆਨਲਾਈਨ ਸ਼ਿਕਾਇਤ ਭੇਜ ਦਿੱਤੀ ਜਾਂਦੀ ਹੈ ਤਾਂ ਉਸ ਸ਼ਿਕਾਇਤ ਨੂੰ ਸਬੰਧਤ ਵਿਭਾਗ ਨੂੰ ਭੇਜਿਆ ਜਾਵੇ ਤਾਂ ਜੋ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਦਾ ਸਮੇਂ-ਸਿਰ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਅਧਿਕਾਰੀ ਆਪੋ-ਆਪਣਾ ਪੋਰਟਲ ਰੋਜ਼ਾਨਾ ਪਹਿਲ ਦੇ ਆਧਾਰ ਤੇ ਚੈੱਕ ਤੇ ਪੋਰਟਲ ਤੇ ਪ੍ਰਾਪਤ ਸ਼ਿਕਾਇਤ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਅਧਿਕਾਰੀ ਪ੍ਰਾਪਤ ਸ਼ਿਕਾਇਤ ਨੂੰ ਅੱਗੇ ਭੇਜਣ ਤੋਂ ਪਹਿਲਾਂ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਨੂੰ ਸੁਨਣਾ ਲਾਜ਼ਮੀ ਬਣਾਉਣ।
1100 ਹੈਲਪ ਲਾਈਨ ਨੰਬਰ ਉੱਤੇ ਵੀ ਕੀਤੀ ਜਾ ਸਕਦੀ ਹੈ ਸ਼ਿਕਾਇਤ
ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜਿਹੜੇ ਲੋਕ ਆਪਣੀ ਸਮੱਸਿਆਵਾਂ ਆਨ ਲਾਈਨ ਨਹੀਂ ਦਰਜ਼ ਕਰ ਸੱਕਦੇ ਉਹ ਆਪਣੀ ਹੈਲਪ ਲਾਈਨ ਨੰਬਰ 1100 ਉੱਤੇ ਵੀ ਸ਼ਿਕਾਇਤ ਕਰ ਸੱਕਦੇ ਹਨ। ਉਹਨਾਂ ਵਧੇਰੀ ਜਾਣਕਾਰੀ ਦਿੰਦਿਆਂ ਕਿਹਾ ਕਿ 1100 ਨੰਬਰ ਉੱਤੇ ਸ਼ਿਕਾਇਤ ਦਰਜ਼ ਕਰਕੇ ਸਬੰਧਿਤ ਵਿਭਾਗ ਨੂੰ ਹੱਲ ਕਰਨ ਲਈ ਭੇਜੀ ਜਾਂਦੀ ਹੈ। ਉਹਨਾਂ ਕਿਹਾ ਕਿ ਲੋਕ ਵੱਧ ਤੋਂ ਵੱਧ ਇਸ ਸੇਵਾ ਦਾ ਲਾਹਾ ਲੈਣ ਅਤੇ ਆਪਣੇ ਸਰਕਾਰੀ ਕੰਮ ਕਰਵਾਉਣ।