ਸੋਨੀ ਪਨੇਸਰ , ਬਰਨਾਲਾ, 26 ਦਸੰਬਰ 2022
ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ “ਸਾਂਸ ਪ੍ਰੋਗਰਾਮ” ਤਹਿਤ ਬੱਚਿਆਂ ‘ਚ ਨਮੂਨੀਆ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜ ਸਾਲ ਤੋਂ ਛੋਟੀ ਉਮਰ ਦੇ ਬੱਚਿਆਂ ਲਈ ਨਮੂਨੀਆ ਇੱਕ ਗੰਭੀਰ ਬਿਮਾਰੀ ਹੈ ਜਿਸ ਦਾ ਸਮੇਂ ਸਿਰ ਇਲਾਜ ਨਾਂ ਕਰਾਉਣ ਤੇ ਜਾਨਲੇਵਾ ਸਾਬਿਤ ਹੋ ਸਕਦਾ ਹੈ।
ਜ਼ਿਲ੍ਹਾ ਟੀਕਾਕਰਣ ਅਫਸਰ ਡਾ. ਗੁਰਬਿੰਦਰ ਕੌਰ ਨੇ ਦੱਸਿਆ ਕਿ ਨਮੂਨੀਆ ਫੇਫੜਿਆਂ ਚ ਰੋਗਾਣੂਆਂ ਦੀ ਲਾਗ ਨਾਲ ਹੁੰਦਾ ਹੈ। ਦੇਸ਼ ‘ਚ ਪੰਜ ਸਾਲ ਤੋਂ ਘੱਟ ਉਮਰ ਚ ਬੱਚਿਆਂ ਦੀ ਮੌਤ ਦਾ ਸਭ ਤੋਂ ਵੱਡਾ ਕਾਰਨ ਹੈ। ਡਾ. ਅੰਕੁਸ਼ ਜਿੰਦਲ (ਬੱਚਿਆਂ ਦੇ ਮਾਹਿਰ) ਸਿਵਲ ਹਸਪਤਾਲ ਬਰਨਾਲਾ ਨੇ ਦੱਸਿਆ ਕਿ ਜੇਕਰ ਬੱਚੇ ਚ ਤੇਜੀ ਨਾਲ ਖਾਂਸੀ ਜੁਕਾਮ ਵੱਧ ਦਾ ਹੈ, ਤੇਜ਼ੀ ਨਾਲ ਸਾਹ ਲੈਣਾ,ਪਸਲੀ ਚੱਲਣਾ ਜਾਂ ਛਾਤੀ ਦਾ ਥੱਲੇ ਧੱਸਣਾ, ਤੇਜ਼ ਬੁਖਾਰ ਨਾਲ ਖਾ-ਪੀ ਨਾਂ ਸਕਣਾ, ਸੁਸਤੀ ਅਤੇ ਕਾਂਬਾ ਲੱਗਣਾ ਆਦਿ ਲੱਛਣ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਨਾਲ ਇਲਾਜ ਕਰਾਉਣਾ ਚਾਹੀਦਾ ਹੈ।
ਇਸ ਤੋਂ ਬਚਾਅ ਲਈ ਸੰਪੂਰਨ ਟੀਕਾਕਰਣ, ਛੇ ਮਹੀਨੇ ਤੱਕ ਮਾਂ ਦਾ ਦੁੱਧ, ਛੇ ਮਹੀਨੇ ਬਾਅਦ ਮਾਂ ਦੇ ਦੁੱਧ ਨਾਲ ਓਪਰੀ ਖੁਰਾਕ, ਖਾਣਾ ਖੁਆਉਣ ਅਤੇ ਪਖਾਨਾ ਜਾਣ ਤੋਂ ਬਾਅਦ ਹੱਥ ਚੰਗੀ ਤਰਾਂ ਸਾਬਣ ਪਾਣੀ ਨਾਲ ਧੋਣੇ ਚਾਹੀਦੇ ਹਨ। ਬੱਚੇ ਨੂੰ ਮੋਟੇ ਕੱਪੜੇ ਪਹਿਨਾਉਣੇ ਚਾਹੀਦੇ ਹਨ। ਜ਼ਿਲ੍ਹਾ ਮਾਸ ਮਾਸ ਮੀਡੀਆ ਅਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਸਾਂਸ ਪ੍ਰੋਗਰਾਮ ਤਹਿਤ ਸਿਹਤ ਸੰਸਥਾਵਾਂ ਅਤੇ ਪ੍ਰੈਸ ਕਵਰੇਜ ਰਾਂਹੀ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਚੈਨ ਦੀ ਸਾਹ ਲਵੇਗਾ ਬਚਪਨ, ਜਦੋਂ ਤੁਸੀਂ ਤੁਰੰਤ ਪਹਿਚਾਣੋਗੇ ਨਮੂਨੀਏ ਦੇ ਲੱਛਣ ਤਾਂ ਜੋ ਬੱਚਿਆਂ ਨੂੰ ਨਮੂਨੀਆ ਵਰਗੀ ਗੰਭੀਰ ਬਿਮਾਰੀ ਤੋਂ ਬਚਾਇਆ ਜਾ ਸਕੇ।