ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਸਜਾਇਆ ਸ਼ਹੀਦੀ ਨਗਰ ਕੀਰਤਨ
ਅਸ਼ੋਕ ਧੀਮਾਨ , ਫ਼ਤਹਿਗੜ੍ਹ ਸਾਹਿਬ, 28 ਦਸੰਬਰ 2022
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਇਤਿਹਾਸਕ ਅਤੇ ਪਵਿੱਤਰ ਅਸਥਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ, ਸ਼ਹੀਦੀ ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ ’ਤੇ ਅਰਦਾਸ ਉਪਰੰਤ ਰਸਮੀ ਤੌਰ ’ਤੇ ਸੰਪੰਨ ਹੋਈ।
ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਵੇਰੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਅਰਦਾਸ ਕਰਨ ਅਤੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਹੁਕਮਨਾਮਾ ਲੈਣ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰੰਭ ਹੋਇਆ।
ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਨਗਰ ਕੀਰਤਨ ਦੇ ਮੂਹਰੇ ਨਿਹੰਗ ਸਿੰਘ ਦਲਾਂ ਪੰਥਾਂ ਦੇ ਨਿਸ਼ਾਨ, ਪੰਜ ਪਿਆਰੇ ਸਾਹਿਬਾਨ ਅਤੇ ਵੱਡੀ ਗਿਣਤੀ ਸੰਗਤ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਚੱਲ ਰਹੀ ਸੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵੱਡੀ ਗਿਣਤੀ ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਸਥਾਨਕ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਤੇ ਰੁਪਿੰਦਰ ਸਿੰਘ ਹੈਪੀ ਅਤੇ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਅਨੁਪ੍ਰਿਤਾ ਜੌਹਲ ਸਮੇਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਹਾਜ਼ਰ ਸਨ।
ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋਣ ਵੇਲੇ ਸੰਗਤ ਫੁੱਲਾਂ ਦੀ ਵਰਖਾ ਕਰ ਰਹੀ ਸੀ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਬੋਲੇ ਸੋ ਨਿਹਾਲ ਅਤੇ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਆਕਾਸ਼ ਗੂੰਜ ਰਿਹਾ ਸੀ। ਪਾਲਕੀ ਸਾਹਿਬ ਦੇ ਅੱਗੇ ਨਗਰ ਕੀਰਤਨ ਵਿੱਚ ਅਸਤਰਾਂ ਤੇ ਸ਼ਸਤਰਾਂ ਨਾਲ ਸਜੇ ਨਿਹੰਗ ਸਿੰਘਾਂ ਤੇ ਹੋਰ ਗਤਕਾ ਜਥੇਬੰਦੀਆਂ ਦੀਆਂ ਗੱਤਕਾ ਪਾਰਟੀਆਂ, ਰਾਗੀ ਜਥੇ, ਸੇਵਾ ਦਲ, ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ, ਵੱਖ-ਵੱਖ ਵਿਦਿਅਕ ਸੰਸਥਾਵਾਂ, ਸਕੂਲਾਂ, ਕਾਲਜਾਂ, ਅਕੈਡਮੀਆਂ ਦੇ ਵਿਦਿਆਰਥੀ ਦੇ ਨਾਲ-ਨਾਲ ਸੰਗਤ ਗੁਰੂ ਜਸ ਗਾਇਨ ਕਰ ਰਹੀ ਸੀ। ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼ਹੀਦੀ ਸਭਾ ਅਤੇ ਸ਼ਹੀਦੀ ਨਗਰ ਕੀਰਤਨ ਦੀ ਸੰਪੂਰਨਤਾ ਦੀ ਅਰਦਾਸ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਕੀਤੀ ਜਦੋਂ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ। ਅਰਦਾਸ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਸਾਇਰਨ ਵੀ ਵਜਾਇਆ ਗਿਆ ਤਾਂ ਜੋ ਸ਼ਹੀਦੀ ਸਭਾ ਵਿੱਚ ਸ਼ਾਮਲ ਸਮੂਹ ਸੰਗਤ ਪੂਰਨ ਇਕਾਗਰਤਾ ਨਾਲ ਮਹਾਨ ਸ਼ਹੀਦਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰ ਸਕੇ।
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਦਿੰਦਿਆ ਸਿੱਖ ਕੌਮ ਨੂੰ ਬੇਇਤਫ਼ਾਕੀ ਛੱਡ ਕੇ ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਸਮੇਤ ਪੰਜਾਬ ਦਾ ਪਾਣੀ ਅਤੇ ਦਿਮਾਗ ‘ਡਰੇਨ’ ਹੋਣ ਤੋਂ ਰੋਕਣ ਲਈ ਹੰਭਲਾ ਮਾਰਨ ਦਾ ਸੱਦਾ ਦਿੱਤਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੂੰ ‘ਬਾਬਾ’ ਲਕਬ ਸਾਡੇ ਮਹਾਨ ਇਤਿਹਾਸ ਨੇ ਦਿੱਤਾ ਤੇ ਜਿਸਨੂੰ ਪ੍ਰਵਾਨਗੀ ਸਮੁਚੇ ਪੰਥ ਨੇ ਦਿੱਤੀ ਹੈ, ਇਸ ਲਈ ਸਾਨੂੰ ਆਪਣੇ ਬੱਚਿਆਂ ਨੂੰ ਬਾਹਰਲੀ ਚਕਾਚੌਂਧ ਤੋਂ ਬਚਾਅ ਕੇ ਸਰਹਿੰਦ ਦੀ ਇਸ ਬਾਬਿਆਂ ਦੀ ਮਹਾਨ ਸ਼ਹਾਦਤਾਂ ਵਾਲੀ ਧਰਤੀ ਨਾਲ ਜੋੜਨਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਦਿਹਾੜਾ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਦਿਵਸ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦੇ ਜਿੱਥੇ ਗੁਰੂ ਦੀ ਅੰਸ਼ ਸਨ ਉਥੇ ਹੀ ਉਨ੍ਹਾਂ ਕੋਲ ਅੰਮ੍ਰਿਤ ਦੀ ਦਾਤ ਅਤੇ ਗੁਰਬਾਣੀ ਦਾ ਆਸਰਾ ਸੀ। ਉਨ੍ਹਾਂ ਨੇ ਸਮੁੱਚੀ ਸੰਗਤ ਦੀ ਸ਼ਰਧਾ, ਜਜ਼ਬੇ ਤੇ ਉਤਸ਼ਾਹ ਨੂੰ ਸਿਜਦਾ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਹੁਕਮਾਂ ਦੀ ਪਾਲਣਾ ਇੰਨ-ਬਿੰਨ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਬੁੱਢਾ ਦਲ ਦੇ ਮੁਖੀ ਜਥੇਦਾਰ ਬਲਬੀਰ ਸਿੰਘ, ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਦਲ ਪੰਥ ਬਿਧੀ ਚੰਦ ਦੇ ਮੁਖੀ ਜਥੇਦਾਰ ਬਾਬਾ ਅਵਤਾਰ ਸਿੰਘ, ਸੰਤ ਹਰੀ ਸਿੰਘ ਰੰਧਾਵੇ ਵਾਲੇ, ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਬਾਬਾ ਲਖਵੀਰ ਸਿੰਘ ਰਤਵਾੜਾ, ਬਾਬਾ ਹਰਦੇਵ ਸਿੰਘ ਲੰਗਰਾਂ ਵਾਲੇ, ਬਾਬਾ ਮੇਜਰ ਸਿੰਘ ਸੋਢੀ, ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ, ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਤੇ ਰੁਪਿੰਦਰ ਸਿੰਘ ਹੈਪੀ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਕਰਨੈਲ ਸਿੰਘ ਪੰਜੋਲੀ, ਜਸਮੇਰ ਸਿੰਘ ਲਾਛੜੂ, ਗੁਰੁਦਆਰਾ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਘੇੜਾ, ਗੁਰੁਦਆਰਾ ਜੋਤੀ ਸਰੂਪ ਦੇ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ ਸਮੇਤ ਵੱਡੀ ਗਿਣਤੀ ਸੰਗਤ ਅਤੇ ਹੋਰ ਪੰਥਕ ਸ਼ਖ਼ਸੀਅਤਾਂ ਨੇ ਹਾਜ਼ਰੀ ਲਵਾਈ।