ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ
ਰਵੀ ਸੈਣ , ਬਰਨਾਲਾ, 31 ਦਸੰਬਰ 2022
ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਹੈ ਕਿ ਆਉਣ ਵਾਲਾ ਸਾਲ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ।
ਡਿਪਟੀ ਕਮਿਸ਼ਨਰ ਨੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਸਾਲ 2023 ਲੋਕਾਂ ਲਈ ਖ਼ੁਸ਼ਹਾਲ, ਸਿਹਤਯਾਬ, ਤਰੱਕੀਆਂ ਅਤੇ ਸ਼ਾਂਤੀ ਭਰਿਆ ਹੋਵੇ । ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ ਵੱਖ ਉਪਰਾਲਿਆਂ ਚ ਸਾਥ ਦੇਣ ਅਤੇ ਆਪਣਾ ਬਣਦਾ ਯੋਗਦਾਨ ਪਾਉਣ।
ਉਨ੍ਹਾਂ ਨੇ ਵਿਕਾਸ ਅਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਜੋਸ਼ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਨਿੱਜੀ ਤੋਰ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ।
ਡਿਪਟੀ ਕਮਿਸ਼ਨਰ ਨੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨਾਲ ਜੁੜੇ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਬਰਨਾਲਾ ਨੂੰ ਪੰਜਾਬ ਦਾ ਮੋਹਰੀ ਜ਼ਿਲ੍ਹਾ ਬਣਾਉਣ ਲਈ ਦ੍ਰਿੜ ਸੰਕਲਪ ਲੈਣ ਤਾਂ ਜੋ ਵਿਕਾਸ ਦਾ ਫਲ ਜ਼ਿਲ੍ਹੇ ਦੇ ਨਿਵਾਸੀਆਂ ਤੱਕ ਪਹੁੰਚ ਸਕੇ।