ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨੇ ਨੂੰ ਸਫਲ ਬਣਾਉਣ ਲਈ ਅਹੁਦੇਦਾਰਾਂ ਦੀਆਂ ਲਾਈਆਂ ਡਿਊਟੀਆਂ
ਫਰੀਡਮ ਫਾਈਟਰ ਪਰਿਵਾਰਾਂ ਨੂੰ ਵੀ ਆਪਣੇ ਹੱਕ ਲੈਣ ਲਈ ਧਰਨੇ ਲਾਉਣ ਲਈ ਮਜਬੂਰ ਹੋਣਾ ਪੈ ਰਿਹਾ: ਚਮਕੌਰ ਸਿੰਘ
ਹਰਪ੍ਰੀਤ ਕੌਰ ਬਬਲੀ, ਸੰਗਰੂਰ,9 ਮਾਰਚ 2023
ਫਰੀਡਮ ਫਾਈਟਰ ਸੁਕਸੈਸਰਜ਼ ਆਰਗੇਨਾਈਜੇਸ਼ਨ ਸੰਸਥਾ ਵੱਲੋਂ 11 ਮਾਰਚ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਸੰਸਥਾ ਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਫਰੀਡਮ ਫਾਈਟਰ ਸ਼ਮਿੰਦਰ ਕੌਰ ਲੌਂਗੋਵਾਲ ਨੇ ਸ਼ਮੂਲੀਅਤ ਕੀਤੀ | ਇਸ ਦੌਰਾਨ ਧਰਨੇ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਸੰਗਰੂਰ ਦੇ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ |
ਮੀਟਿੰਗ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਅਤੇ ਜ਼ਿਲ੍ਹਾ ਸਕੱਤਰ ਜੋਗਿੰਦਰ ਸਿੰਘ ਢੱਡਰੀਆਂ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਫਰੀਡਮ ਫਾਈਟਰ ਪਰਿਵਾਰਾਂ ਨੂੰ ਬਣਦੇ ਹੱਕਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ | ਹੁਣ ਸਰਕਾਰੀ ਨੌਕਰੀਆਂ ਵਿੱਚ ਬਣਦਾ ਕੋਟਾ ਵੀ ਸਾਨੂੰ ਨਹੀਂ ਦਿੱਤਾ ਗਿਆ, ਜਿਸ ਕਾਰਨ ਸਮੂਹ ਫਰੀਡਮ ਫਾਈਟਰ ਪਰਿਵਾਰਾਂ ਵਿੱਚ ਰੋਸ ਦੀ ਲਹਿਰ ਹੈ | ਇਸੇ ਕਰਕੇ ਸਰਬਸੰਮਤੀ ਨਾਲ 11 ਮਾਰਚ ਤੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਲਾਉਣ ਦਾ ਫੈਸਲਾ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਧਰਨੇ ਸੰਬੰਧੀ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਰਾਤ ਦੇ ਠਹਿਰਾਅ, ਚਾਹ-ਪਾਣੀ ਅਤੇ ਲੰਗਰ ਦਾ ਪ੍ਰਬੰਧ ਕਰਨ ਲਈ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਧਰਨਾ ਜਾਰੀ ਰਹੇਗਾ | ਧਰਨੇ ਦੇ ਨਿੱਕਲਣ ਵਾਲੇ ਸਿੱਟਿਆਂ ਲਈ ਜਿੰਮੇਵਾਰੀ ਸਰਕਾਰ ਦੀ ਹੋਵੇਗੀ |
ਇਸ ਮੌਕੇ ਜ਼ਿਲ੍ਹਾ ਖਜਾਨਚੀ ਕਰਮਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਵਿਸਾਖਾ ਸਿੰਘ, ਮੁਖਤਿਆਰ ਸਿੰਘ ਹੇੜੀਕੇ, ਪਰਮਜੀਤ ਸਿੰਘ ਟਿਵਾਣਾ, ਹਰਜਿੰਦਰ ਸਿੰਘ, ਸਵਰਨਜੀਤ ਸਿੰਘ ਸੋਨੀ, ਸੁਰਿੰਦਰ ਸਿੰਘ ਮਾਨ ਸਮੇਤ ਹੋਰ ਅਹੁਦੇਦਾਰ ਹਾਜਰ ਸਨ |