ਐਸ.ਡੀ.ਐਮਜ਼ ਹਰੇਕ ਮੰਡੀ ‘ਚ ਨੋਡਲ ਅਫ਼ਸਰ ਤਾਇਨਾਤ ਕਰਨ : ਸਾਕਸ਼ੀ ਸਾਹਨੀ
ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ
ਰਾਜੇਸ਼ ਗੋਤਮ , ਪਟਿਆਲਾ, 14 ਮਾਰਚ 2023
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੌਜੂਦਾ ਹਾੜੀ ਸੀਜ਼ਨ ਦੌਰਾਨ ਜ਼ਿਲ੍ਹੇ ‘ਚ ਕਣਕ ਦੀ ਸੁਚਾਰੂ ਖਰੀਦ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਮੀਟਿੰਗ ਕਰਕੇ ਜ਼ਰੂਰੀ ਹਦਾਇਤਾਂ ਦਿੱਤੀਆਂ।
ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਜ਼ਿਲ੍ਹੇ ਦੀਆਂ 108 ਮੰਡੀਆਂ ਅਲਾਟ ਕੀਤੀਆਂ ਗਈਆਂ ਹਨ ਅਤੇ ਹਰੇਕ ਐਸ.ਡੀ.ਐਮ. ਆਪਣੀ ਸਬ ਡਵੀਜ਼ਨ ‘ਚ ਪੈਂਦੀਆਂ ਮੰਡੀਆਂ ‘ਚ ਨੋਡਲ ਅਫ਼ਸਰ ਤਾਇਨਾਤ ਕਰੇ ਅਤੇ ਉਸ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸਾਂਝੀ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਮੰਡੀਆਂ ‘ਚ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ, ਪਖਾਨੇ ਤੇ ਪਿਸ਼ਾਬ ਘਰ, ਲਾਇਟਾਂ ਆਦਿ ਦੇ ਸੁਚੱਜੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਲਈ ਵੀ ਕਿਹਾ।
ਸਾਕਸ਼ੀ ਸਾਹਨੀ ਨੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ, ਜ਼ਿਲ੍ਹਾ ਮੰਡੀ ਅਫ਼ਸਰ, ਮਾਰਕੀਟ ਕਮੇਟੀਆਂ ਦੇ ਸਕੱਤਰਾਂ, ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੁਖੀਆਂ ਨੂੰ ਹਦਾਇਤ ਕੀਤੀ ਕਿ ਪ੍ਰਬੰਧਾਂ ‘ਚ ਕਿਸੇ ਵੀ ਕਿਸਮ ਦੀ ਕੋਈ ਢਿੱਲ ਮੱਠ ਨਹੀਂ ਹੋਣੀ ਚਾਹੀਦੀ। ਉਨ੍ਹਾਂ ਐਸ.ਡੀ.ਐਮਜ ਨੂੰ ਕਿਹਾ ਕਿ ਉਹ ਮੰਡੀਆਂ ‘ਚ ਚੱਲ ਰਹੇ ਸਫ਼ਾਈ ਕਾਰਜਾਂ ਦਾ ਖ਼ੁਦ ਜਾਇਜਾ ਲੈਣਾ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਨੇ ਹੋਰ ਕਿਹਾ ਕਿ ਮੰਡੀਆਂ ‘ਚ ਤੋਲ ਤੋਲਾਈ ਲਈ ਕੰਡੇ ਤੇ ਨਮੀ ਜਾਂਚਣ ਵਾਲੇ ਮੀਟਰ ਵੀ ਠੀਕ ਹਾਲਤ ‘ਚ ਹੋਣੇ ਚਾਹੀਦੇ ਹਨ ਅਤੇ ਤਰਪਾਲਾਂ ਦਾ ਵੀ ਪ੍ਰਬੰਧ ਸਹੀ ਹੋਵੇ। ਉਨ੍ਹਾਂ ਕਿਹਾ ਕਿ ਕਣਕ ਦੀ ਸੰਭਾਲ ਲਈ ਬਾਰਦਾਨੇ ਦੀ ਉਪਲਬੱਧਤਾ ਯਕੀਨੀ ਬਣਾਈ ਜਾਵੇ ਤਾਂ ਜੋ ਖਰੀਦ ਸੀਜ਼ਨ ਸ਼ੁਰੂ ਹੋਣ ‘ਤੇ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ‘ਚ ਬਾਰਦਾਨੇ ਦਾ ਸਟਾਕ ਪੂਰਾ ਹੈ ਤੇ ਖਰੀਦ ਲਈ ਹੋਰ ਲੋੜੀਂਦੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਕਣਕ ਦੀ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਚੱਜੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਸਮੇਤ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਆਨਲਾਈਨ ਮੀਟਿੰਗ ‘ਚ ਸ਼ਾਮਲ ਹੋਏ ਜਦਕਿ ਵੱਖ-ਵੱਖ ਖਰੀਦ ਏਜੰਸੀਆਂ ਦੇ ਡੀ.ਐਮ ਵੀ ਮੀਟਿੰਗ ‘ਚ ਮੌਜੂਦ ਸਨ।