ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਰਿਹਾਅ ਕਰਕੇ ਦਰਜ ਝੂਠੇ ਪਰਚੇ ਰੱਦ ਕੀਤੇ ਜਾਣ ਦੀ ਕੀਤੀ ਮੰਗ
ਰਿੰਕੂ ਝਨੇੜੀ , ਸੰਗਰੂਰ, 28 ਮਾਰਚ 2023
ਸ਼੍ਰੋਮਣੀ ਅਕਾਲੀ ਦਲ (ਅਮ੍ਰਿਤਸਰ) ਵੱਲੋਂ ਅੱਜ ਜੇਲ੍ਹ ਵਿੱਚੋਂ ਜਮਾਨਤ ‘ਤੇ ਰਿਹਾਅ ਹੋ ਕੇ ਆਏ ਪਾਰਟੀ ਦੇ ਆਗੂ ਕੁਲਦੀਪ ਸਿੰਘ ਛਾਜਲੀ ਅਤੇ ਵਾਰਿਸ ਪੰਜਾਬ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਕਾਹਨਗੜ੍ਹ ਦਾ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸਵਾਗਤ ਕੀਤਾ ਗਿਆ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅਮ੍ਰਿਤਸਰ) ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜੇਲ੍ਹਾਂ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ (ਅਮ੍ਰਿਤਸਰ) ਦੇ ਬੇਗੁਨਾਹ ਆਗੂਆਂ ਤੇ ਵਰਕਰਾਂ ਨੂੰ ਰਿਹਾਅ ਕਰਕੇ , ਉਨਾਂ ਖਿਲਾਫ ਦਰਜ ਕੀਤੇ ਝੂਠੇ ਪਰਚ ਰੱਦ ਕੀਤੇ ਜਾਣ |
ਜੇਲ੍ਹ ਵਿੱਚੋਂ ਰਿਹਾਅ ਹੋਏ ਆਗੂਆਂ ਦਾ ਸਵਾਗਤ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ (ਅਮ੍ਰਿਤਸਰ) ਦੇ ਜਥੇਬੰਦਕ ਸਕੱਤਰ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਐਡਵੋਕੇਟ ਜਗਮੀਤ ਸਿੰਘ, ਸਤਨਾਮ ਸਿੰਘ, ਜਸਪ੍ਰੀਤ ਸਿੰਘ, ਬੀਬੀ ਹਰਪਾਲ ਕੌਰ ਪ੍ਰਧਾਨ ਜ਼ਿਲ੍ਹਾ ਇਸਤਰੀ ਵਿੰਗ, ਸਤਨਾਮ ਸਿੰਘ ਰੱਤੋਕੇ, ਗੁਰਸੇਵਕ ਸਿੰਘ, ਬਲਵੀਰ ਸਿੰਘ, ਰਣਜੀਤ ਸਿੰਘ, ਕਰਨ ਸਿੰਘ, ਸਤਿਗੁਰ ਸਿੰਘ ਚੀਮਾਂ ਤੋਂ ਇਲਾਵਾ ਹੋਰ ਸਿੱਖ ਸੰਗਤਾਂ ਵੀ ਹਾਜਰ ਸਨ |
ਇਸ ਮੌਕੇ ਹਾਜਰ ਆਗੂਆਂ ਨੇ ਇੱਕ ਸੁਰ ਹੁੰਦਿਆਂ ਸਰਕਾਰ ਨੂੰ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਕੰਟਰੋਲ ਕਰਨ ਦੀ ਆੜ ਵਿੱਚ ਬੇਗੁਨਾਹ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਨਾ ਬਣਾਇਆ ਜਾਵੇ | ਆਗੂਆਂ ਨੇ ਕਿਹਾ ਕਿ ਆਪਣੇ ਹੱਕਾਂ ਦੀ ਆਵਾਜ ਉਠਾਉਣਾ ਸਭ ਦਾ ਲੋਕਤਾਂਤਰਿਕ ਹੱਕ ਹੈ, ਜਿਸ ਨੂੰ ਗੁਨਾਹ ਬਣਾ ਕੇ ਲੋਕਾਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰਨ ਦਾ ਹੱਕ ਨਾ ਖੋਹਿਆ ਜਾਵੇ | ਆਗੂਆਂ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸੰਘਰਸ਼ ਵਿੱਢਣ ਲਈ ਜੋ ਵੀ ਹੁਕਮ ਆਵੇਗਾ , ਇਲਾਕੇ ਦੀ ਸਮੂਹ ਸਿੱਖ ਸੰਗਤ ਵੱਲੋਂ ਉਸ ਉੱਪਰ ਅਮਲ ਕੀਤਾ ਜਾਵੇਗਾ।