ਚੇਅਰਮੈਨ ਰਾਮ ਤੀਰਥ ਮੰਨਾ ਸਣੇ ਹੋਰਨਾਂ ਸ਼ਖ਼ਸੀਅਤਾਂ ਨੇ ਵੀ ਬਾਬਾ ਸਾਹਿਬ ਨੂੰ ਕੀਤਾ ਯਾਦ
ਰਘਵੀਰ ਹੈਪੀ , ਬਰਨਾਲਾ, 14 ਅਪਰੈਲ 2023
ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਸੰਵਿਧਾਨ ਨਿਰਮਾਤਾ ਅਤੇ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਡਾ. ਬੀ ਆਰ ਅੰਬੇਦਕਰ ਨੂੰ ਉਨ੍ਹਾਂ ਦੇ 132ਵੇਂ ਜਨਮ ਦਿਹਾੜੇ ਮੌਕੇ ਯਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵਲੋਂ ਬਾਬਾ ਸਾਹਿਬ ਦੇ ਬੁੱਤ ’ਤੇ ਫੁੱਲਮਾਲਾ ਭੇਟ ਕੀਤੀ ਗਈ। ਉਨ੍ਹਾਂ ਬਾਬਾ ਸਾਹਿਬ ਦੇ ਦੇਸ਼ ਨੂੰ ਮਜ਼ਬੂਤ ਗਣਤੰਤਰ ਦੇ ਰੂਪ ’ਚ ਦੁਨੀਆ ਭਰ ’ਚ ਵਿਲੱਖਣ ਪਛਾਣ ਦੇਣ ਲਈ ਸੰਵਿਧਾਨ ਕਮੇਟੀ ਦੇ ਮੁਖੀ ਵਜੋਂ ਦਿੱਤੇ ਯੋਗਦਾਨ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਨੂੰ ਲੋਕਰਾਜੀ, ਧਰਮ ਨਿਰਪੱਖ ਅਤੇ ਸਮਾਜਵਾਦੀ ਰੂਪ ਦੇਣ ’ਚ ਉਨ੍ਹਾਂ ਦੀ ਦੇਣ ਨੂੰ ਭੁਲਾਇਆ ਨਹੀਂ ਜਾ ਸਕਦਾ।
ਇਸ ਦੌਰਾਨ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ ਤੇ ਹੋਰਨਾਂ ਸ਼ਖ਼ਸੀਅਤਾਂ ਵਲੋਂ ਵੀ ਡਾ. ਬੀ ਆਰ ਅੰਬਦੇਕਰ ਦੇ ਬੁੱਤ ’ਤੇ ਫੁੱਲ ਮਾਲਾ ਅਰਪਿਤ ਕੀਤੀ ਗਈ। ਉਨ੍ਹਾਂ ਕਿਹਾ ਕਿ ਦੇਸ਼ ਦੀ ਇਸ ਮਹਾਨ ਸ਼ਖ਼ਸੀਅਤ ਨੂੰ ਸਾਨੂੰ ਆਪਣੇ ਆਦਰਸ਼ ਵਜੋਂ ਲੈਂਦਿਆਂ ਹਮੇਸ਼ਾਂ ਸਮਾਜਿਕ ਬਰਾਬਰੀ ਲਈ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਗੁਰਿੰਦਰਜੀਤ ਸਿੰਘ ਧਾਲੀਵਾਲ, ਕੌਂਸਲਰ ਰੁਪਿੰਦਰ ਸਿੰਘ ਸ਼ੀਤਲ (ਬੰਟੀ) , ਕੌਂਸਲਰ ਭੁਪਿੰਦਰ ਸਿੰਘ ਭਿੰਦੀ , ਕਰਮਚਾਰੀ ਆਗੂ ਰਮੇਸ਼ ਕੁਮਾਰ ਹਮਦਰਦ, ਕ੍ਰਿਸ਼ਨ ਸਿੰਘ ਭੰਗੂ ਸੰਘੇੜਾ , ਕੌਂਸਲਰ ਜਗਰਾਜ ਸਿੰਘ ਪੰਡੋਰੀ ,ਵਪਾਰ ਮੰਡਲ ਦੇ ਪ੍ਰਧਾਨ ਨਾਇਬ ਸਿੰਘ ਕਾਲਾ , ਭਾਰਤੀ ਸੰਵਿਧਾਨ ਚੇਤਨਾ ਮੰਚ ਬਰਨਾਲਾ ਦੇ ਆਗੂ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।