ਰਿਚਾ ਨਾਗਪਾਲ , ਪਟਿਆਲਾ, 1 ਮਈ 2023
ਪੰਜਾਬ ਦੇ ਸਾਬਕਾ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਹੋਏ ਦਿਹਾਂਤ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਵੱਲੋਂ ਪਿੰਡ ਬਾਦਲ ਵਿਖੇ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸ. ਬਾਦਲ ਦੀ ਬੇਟੀ ਬੀਬਾ ਪਰਨੀਤ ਕੌਰ ਨਾਲ ਮਿਲ ਕੇ ਗਹਿਰਾ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ਵੱਲ ਲਿਜਾਣ ਲਈ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਬਹੁਤ ਵੱਡਾ ਯੋਗਦਾਨ ਹੈ , ਕਿਉਂਕਿ ਉਨ੍ਹਾਂ ਵੱਲੋਂ ਪੰਜ ਵਾਰ ਮੁੱਖ ਮੰਤਰੀ ਬਣ ਕੇ ਪੰਜਾਬ ਅਤੇ ਪੰਜਾਬੀਆਂ ਲਈ ਅਜਿਹੇ ਫੈਸਲੇ ਲਏ, ਜਿਨ੍ਹਾਂ ਦਾ ਨਿੱਘ ਅੱਜ ਵੀ ਪੰਜਾਬ ਦੀ ਜਨਤਾ ਮਾਣ ਰਹੀ ਹੈ ਤੇ ਉਸ ਮਰਹੂਮ ਨੇਤਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਵੀ ਕਰ ਰਹੀ ਹੈ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਜਿੰਨੀਆਂ ਵੀ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਦਿੱਤੀਆ ਗਈਆ ਉਹਨਾਂ ਦਾ ਜ਼ਿਕਰ ਕਰਨ ਲਈ ਬਹੁਤ ਸਮਾਂ ਲੱਗ ਜਾਵੇਗਾ।
ਪ੍ਰੋ. ਬਡੂੰਗਰ ਨੇ ਕਿਹਾ ਕਿ ਅੱਜ ਲੋੜ ਹੈ ਸਮੁੱਚੇ ਪੰਜਾਬ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਚੱਟਾਨ ਵਾਂਗ ਖੜੇ ਹੋਣ ਦੀ, ਤਾਂ ਜੋ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕੀਤਾ ਜਾ ਸਕੇ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਹੋਇਆਂ ਸੁਖਬੀਰ ਸਿੰਘ ਬਾਦਲ ਵੱਲੋਂ ਬਤੌਰ ਪੰਜਾਬ ਦੇ ਉਪ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਜਿੱਥੇ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ਵੱਲ ਲਿਜਾਇਆ ਗਿਆ, ਉੱਥੇ ਹੀ ਪਾਰਟੀ ਨੂੰ ਵੀ ਮਜਬੂਤ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਗਿਆ ਸੀ। ਇਸ ਮੌਕੇ ਪ੍ਰੋਫੈਸਰ ਬਡੂੰਗਰ ਦੇ ਲਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਕਾਇਮਪੁਰੀ ਵੀ ਹਾਜ਼ਰ ਸਨ।