ਰਿਚਾ ਨਾਗਪਾਲ , ਪਟਿਆਲਾ 6 ਮਈ 2023
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਮ ਆਦਮੀ ਪਾਰਟੀ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਉਣ ਤੋਂ ਕੁਝ ਸਮੇਂ ਬਾਅਦ ਹੀ ਵਿਵਾਦਾਂ ਵਿੱਚ ਘਿਰਦੀ ਰਹੀ ਹੈ।
ਉਨ੍ਹਾਂ ਕਿਹਾ ਕਿ ਜਿੱਥੇ ਇਸ ਪਾਰਟੀ ਦੇ ਵਿਧਾਇਕਾਂ ਤੇ ਮੰਤਰੀਆਂ ਵੱਲੋਂ ਕਥਿਤ ਤੌਰ ਤੇ ਰਿਸ਼ਵਤ ਤੇ ਹੋਰ ਵੱਖ-ਵੱਖ ਤਰ੍ਹਾਂ ਦੇ ਕਥਿਤ ਆਰੋਪ ਲਗਦੇ ਰਹੇ ਹਨ, ਉਥੇ ਹੀ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕੈਬਨਟ ਮੰਤਰੀ ਤੇ ਇਕ ਨੌਜਵਾਨ ਵੱਲੋਂ ਜੋਂ ਜਿਣਸੀ ਸ਼ੋਸ਼ਣ ਦੇ ਇਲਜ਼ਾਮ ਲਗਾਏ ਗਏ ਹਨ, ਉਹ ਬਹੁਤ ਹੀ ਨਿੰਦਣਯੋਗ ਤੇ ਸ਼ਰਮਨਾਕ ਹਨ। ਉਨ੍ਹਾਂ ਕਿਹਾ ਕਿ ਇੱਕ ਵਿਧਾਇਕ ਵੱਲੋਂ ਇਸ ਮਾਮਲੇ ਦੇ ਸਬੰਧ ਵਿੱਚ ਪੰਜਾਬ ਦੇ ਰਾਜਪਾਲ ਨੂੰ ਕਥਿਤ ਅਸ਼ਲੀਲ ਵੀਡੀਓ ਕਲਿੱਪ ਸੌਂਪ ਕੇ ਕੈਬਨਿਟ ਮੰਤਰੀ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਸੀ।
ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਮਾਮਲੇ ਨੂੰ ਸਾਹਮਣੇ ਆਇਆ ਕਈ ਦਿਨ ਹੋ ਚੁੱਕੇ ਹਨ, ਪਰੰਤੂ ਇਸ ਮਾਮਲੇ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੋਈ ਕਾਰਵਾਈ ਤਾਂ ਕੀ ਕੀਤੀ ਜਾਣੀ ਸੀ, ਸਗੋ ਸਪੱਸ਼ਟੀਕਰਨ ਨੂ ਲੈ ਕੇ ਕੋਈ ਬਿਆਨ ਤੱਕ ਵੀ ਸਾਹਮਣੇ ਨਹੀਂ ਆਇਆ । ਉਨ੍ਹਾਂ ਕਿਹਾ ਕਿ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਘਿਰੇ ਇਸ ਕੈਬਨਿਟ ਮੰਤਰੀ ਨੂੰ ਅਹੁਦੇ ਤੋਂ ਤੁਰੰਤ ਬਰਖਾਸਤ ਕੀਤਾ ਜਾਵੇ ਤੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਪੂਰੀ ਤਰ੍ਹਾਂ ਦਿੱਲੀ ਵਾਲਿਆਂ ਦੇ ਹੱਥ ਚੜ੍ਹ ਗਿਆ ਹੈ ਤੇ ਸਾਰੀ ਸਰਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਸ਼ਾਰਿਆਂ ਤੇ ਚੱਲ ਰਹੀ ਹੈ।