ਨਾਰਕੋਟਿਕਸ ਕੋਆਰਡੀਨੇਸ਼ਨ ਸੈਂਟਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ , ਪੁਲਿਸ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਤੇ ਬਾਜ਼ ਅੱਖ ਰੱਖਣ ਦੇ ਹੁਕਮ
ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਹੋਵੇਗੀ ਨਿਗਰਾਨੀ
ਰਘਵੀਰ ਹੈਪੀ , ਬਰਨਾਲਾ, 17 ਮਈ 2023
ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੁਨਮਦੀਪ ਕੌਰ ਨੇ ਅੱਜ ਡੀਸੀ ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਨਾਰਕੋਟਿਕਸ ਕੋਆਰਡੀਨੇਸ਼ਨ ਸੈਂਟਰ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਅਜਿਹੇ ਹੌਟਸਪੌਟਸ ਦੀ ਸ਼ਨਾਖਤ ਕਰਨ ਅਤੇ ਉਨ੍ਹਾਂ ਦੀ ਨੇੜਿਓਂ ਨਿਗਰਾਨੀ ਰੱਖਣ ਜਿੱਥੇ ਨਸ਼ਿਆਂ ਦੀ ਤਸਕਰੀ ਅਤੇ ਸੇਵਨ ਆਦਿ ਹੁੰਦਾ ਹੈ। ਇਸ ਮੌਕੇ ਖੇਤੀਬਾੜੀ, ਜੰਗਲਾਤ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਜ਼ਿਲ੍ਹੇ ਵਿੱਚ ਪੋਸਤ ਆਦਿ ਦੀ ਖੇਤੀ ਨਾ ਹੋਵੇ। ਜੇਕਰ ਅਧਿਕਾਰੀਆਂ ਨੂੰ ਪੋਸਤ ਦੀ ਖੇਤੀ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ।
ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਅਤੇ ਨਸ਼ਾ ਛੁਡਾਉਣ ਦੇ ਤਰੀਕਿਆਂ ਬਾਰੇ ਵਾਰ-ਵਾਰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਪੁਲਿਸ ਅਤੇ ਸਿਹਤ ਵਿਭਾਗ ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਚੈਕਿੰਗ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਇਹ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹਨ।
ਇਸ ਮੌਕੇ ਐਸਡੀਐਮ ਬਰਨਾਲਾ ਗੋਪਾਲ ਸਿੰਘ, ਏਈਟੀਸੀ ਮੈਡਮ ਰਿਚਾ, ਐਸਪੀ ਰਜਨੀਸ਼ ਚੌਧਰੀ, ਡੀਐਸਪੀ (ਸੀਡਬਲਿਊਸੀ) ਕੁਲਵੰਤ ਸਿੰਘ, ਡੀਐਸਪੀ (ਡੀ) ਮਾਨਵਜੀਤ ਸਿੰਘ, ਡੀਐਸਪੀ ਬਰਨਾਲਾ ਸਤਵੀਰ ਸਿੰਘ, ਖੇਤੀਬਾੜੀ, ਮਾਲ, ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।