ਰਘਵੀਰ ਹੈਪੀ , ਬਰਨਾਲਾ, 2 ਜੂਨ 2023
ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੇ ਸਾਈਬਰ ਕੈਫੇ ਮਾਲਕਾਂ ਲਈ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਛਾਣ ਪੱਤਰ ਦੇ ਸਾਈਬਰ ਕੈਫੇ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਵਿਸ਼ੇਸ਼ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ ਰਜਿਸਟਰ ਵਿੱਚ ਆਪਣੇ ਹੱਥ ਨਾਲ ਇੰਦਰਾਜ ਕਰੇਗਾ ਅਤੇ ਹਸਤਾਖਰ ਕਰਨੇ ਵੀ ਲਾਜ਼ਮੀ ਹੋਣਗੇ।
ਕੈਫੇ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਛਾਣ ਕੈਫੇ ਮਾਲਕ ਵੱਲੋਂ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਡਰਾਈਵਿੰਗ ਲਾਇਸੈਂਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ। ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਜਾਰੀ ਇਨ੍ਹਾਂ ਹੁਕਮਾਂ ਮੁਤਾਬਕ ਐਕਟਿਵਟੀ ਸਰਵਰ ਦਾ ਮੁੱਖ ਸਰਵਰ ਵਿੱਚ ਰਿਕਾਰਡ ਘੱਟੋ-ਘੱਟ ਛੇ ਮਹੀਨੇ ਲਈ ਰੱਖਿਆ ਜਾਵੇਗਾ। ਕੈਫੇ ਵਿੱਚ ਆਉਣ ਵਾਲੇ ਕਿਸੇ ਵਿਅਕਤੀ ’ਤੇ ਸ਼ੱਕ ਹੋਣ ’ਤੇ ਕੈਫੇ ਮਾਲਕ ਤੁਰੰਤ ਪੁਲਿਸ ਨੂੰ ਸੂਚਿਤ ਕਰੇਗਾ। ਕਿਸੇ ਵੀ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣਾ ਲਾਜ਼ਮੀ ਹੋਵੇਗਾ। ਇਹ ਹੁਕਮ ਮਿਤੀ 28 ਜੁਲਾਈ 2023 ਤੱਕ ਲਾਗੂ ਰਹਿਣਗੇ।