ਕੈਂਪ ‘ਚ ਕਰਵਾਇਆ ਕੈਦੀਆਂ ਤੇ ਹਵਾਲਾਤੀਆਂ ਦਾ ਚੈੱਕਅਪ ,ਸੈਸ਼ਨ ਜੱਜ ਨੇ ਮੁਸ਼ਕਿਲਾਂ ਵੀ ਸੁਣੀਆਂ
ਰਵੀ ਸੈਣ , ਬਰਨਾਲਾ, 3 ਜੂਨ 2023
ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਦਿਸ਼ਾ- ਨਿਰਦੇਸ਼ਾਂ ਅਤੇ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਸਿਹਤ ਵਿਭਾਗ ਬਰਨਾਲਾ ਦੇ ਸਹਿਯੋਗ ਨਾਲ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਮੈਡੀਕਲ ਕੈਂਪ ਦਾ ਲਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਨੇ ਦੱਸਿਆ ਕਿ ਇਸ ਮੈਡੀਕਲ ਕੈਂਪ ਵਿੱਚ ਸਿਵਲ ਹਸਪਤਾਲ ਬਰਨਾਲਾ ਵੱਲੋਂ ਭੇਜੀ ਗਈ ਮੈਡੀਕਲ ਅਫ਼ਸਰਾਂ ਦੀ ਟੀਮ, ਜਿਸ ਵਿੱਚ ਡਾ. ਵੰਧਨਾ ਭਾਵਰੀ ਦੰਦ ਦੇ ਮਾਹਿਰ), ਡਾ. ਗਗਨਦੀਪ ਸਿੰਘ ਸੇਖੋਂ (ਦਿਮਾਗ ਦੇ ਮਾਹਿਰ), ਡਾ. ਦੇਵਨ ਮਿੱਤਲ (ਮੈਡੀਸਨ) ਅਤੇ ਡਾ. ਲਵਲੀਨ ਗਰਗ (ਸਰਜਨ) ਪਹੁੰਚੇ ਅਤੇ 225 ਕੈਦੀਆਂ ਅਤੇ ਹਵਾਲਾਤੀਆਂ ਦਾ ਚੈੱਕਅਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਤੋਂ ਬਾਅਦ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ ਗਿਆ। ਉਨ੍ਹਾਂ ਵੱਲੋਂ ਜੇਲ੍ਹ ਬੈਰਕਾਂ ਅਤੇ ਰਸੋਈ ਘਰ ਦੀ ਵੀ ਚੈਕਿੰਗ ਕੀਤੀ ਗਈ ਤੇ ਸਾਫ-ਸਫਾਈ ਅਤੇ ਕੈਦੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਇਸ ਤੋਂ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ।