ਗਗਨ ਹਰਗੁਣ, ਫਿਰੋਜ਼ਪੁਰ, 11 ਜੁਲਾਈ 2023
ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਜਾਨੀ ਅਤੇ ਮਾਲੀ ਨੁਕਸਾਨ ਤੋਂ ਜ਼ਿਲ੍ਹਾ ਵਾਸੀਆਂ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਰਾਹਤ ਕਾਰਜ ਜਾਰੀ ਹਨ। ਲੋਕਾਂ ਨੂੰ ਪਾਣੀ ਵਿੱਚੋਂ ਸੁਰੱਖਿਅਤ ਕੱਢਣ, ਖਾਣ-ਪੀਣ ਅਤੇ ਰਹਿਣ ਦੇ ਬਦਲਵੇਂ ਪ੍ਰਬੰਧ ਜੰਗੀ ਪੱਧਰ ’ਤੇ ਜਾਰੀ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜ਼ੇਸ ਧੀਮਾਨ ਨੇ ਜ਼ਿਲ੍ਹੇ ਅੰਦਰ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਜਾਣਕਾਰੀ ਸਾਂਝੀ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਪਿੰਡ ਹਬੀਬ ਵਾਲਾ ਢਾਣੀ ਦੇ ਵਾਸੀ ਪਰਮਜੀਤ ਸਿੰਘ ਜੋ ਕਿ ਬੀਤੇ ਦਿਨ ਮੀਂਹ ਕਾਰਨ ਘਰ ਦੀ ਛੱਤ ਡਿੱਗਣ ਕਾਰਨ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਸੀ ਉਸ ਨੂੰ ਸਰਕਾਰੀ ਹਸਪਤਾਲ ਫਿਰੋਜ਼ਪੁਰ ਵਿਖੇ ਇਲਾਜ ਲਈ ਸਿਹਤ ਵਿਭਾਗ ਵੱਲੋਂ ਦਾਖਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਰੀਜ਼ ਦੇ ਬਾਕੀ ਪਰਿਵਾਰਕ ਮੈਂਬਰ ਤੰਦਰੁਸਤ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਲੋਕਾਂ ਦੀ ਮੱਦਦ ਲਈ ਰਾਹਤ ਕੇਂਦਰ ਵੀ ਸਥਾਪਿਤ ਕਰ ਦਿੱਤੇ ਗਏ ਹਨ ਜਿੱਥੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਸ੍ਰੀ ਰਾਜ਼ੇਸ ਧੀਮਾਨ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਅਸਰੁੱਖਿਅਤ ਇਮਾਰਤਾਂ ਦੀ ਤੁਰੰਤ ਸ਼ਨਾਖਤ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਸਿਹਤ ਵਿਭਾਗ ਨੂੰ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪ੍ਰਬੰਧ ਕਰਨ ਲਈ ਹਦਾਇਤ ਕੀਤੀ ਹੈ ਅਤੇ ਪਸ਼ੂ ਪਾਲਣ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਕਿ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਦੇ ਟਾਕਰੇ ਲਈ ਫੀਲਡ ਸਟਾਫ ਨੂੰ ਸਰਗਰਮ ਕੀਤਾ ਜਾਵੇ ਅਤੇ ਲੋੜੀਂਦੀਆਂ ਦਵਾਈਆਂ ਦਾ ਸਟਾਕ ਰੱਖਿਆ ਜਾਵੇ।
ਉਨ੍ਹਾਂ ਦੱਸਿਆ ਕਿ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਨੰਬਰ 01632-244017, ਤਹਿਸੀਲ ਫ਼ਿਰੋਜ਼ਪੁਰ ਵਿਖੇ ਫਲੱਡ ਕੰਟਰੋਲ ਰੂਮ ਨੰਬਰ 01632-244019, ਤਹਿਸੀਲ ਜ਼ੀਰਾ ਵਿਖੇ ਫਲੱਡ ਕੰਟਰੋਲ ਰੂਮ ਨੰਬਰ 01682-250169, ਤਹਿਸੀਲ ਗੁਰੂਹਰਸਹਾਏ ਵਿਖੇ ਫਲੱਡ ਕੰਟਰੋਲ ਰੂਮ ਨੰਬਰ 01685–231010 ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਐਕਸੀਐਨ ਡਰੇਨੇਜ਼ ਫ਼ਿਰੋਜ਼ਪੁਰ ਦਾ ਕੰਟਰੋਲ ਰੂਮ ਨੰਬਰ 01632-245366 ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਬਰਸਾਤੀ ਪਾਣੀ/ ਹੜ੍ਹ ਨਾਲ ਸਬੰਧਤ ਸਥਿਤੀ ਵਿੱਚ ਉਕਤ ਨੰਬਰਾਂ ‘ਤੇ ਸੰਪਰਕ ਕਰਕੇ ਮਦਦ ਲੈ ਸਕਦੇ ਹਨ।