ਰਿਚਾ ਨਾਗਪਾਲ,ਸਮਾਣਾ,ਪਟਿਆਲਾ, 14 ਜੁਲਾਈ 2023
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਸਬ ਡਵੀਜ਼ਨ ਸਮਾਣਾ ਤੇ ਪਾਤੜਾਂ ਦੇ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘੱਟ ਰਿਹਾ ਹੈ ਤੇ ਲੋਕਾਂ ਨੂੰ ਜਲਦੀ ਹੀ ਰਾਹਤ ਮਿਲੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ ਤੇ ਐਸ.ਡੀ.ਐਮ. ਚਰਨਜੀਤ ਸਿੰਘ ਤੇ ਐਸ.ਡੀ.ਐਮ. ਪਾਤੜਾਂ ਨਵਦੀਪ ਕੁਮਾਰ ਸਮੇਤ ਡਰੇਨੇਜ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਦੇ ਦਿੱਤੇ ਨਿਰਦੇਸ਼ਾਂ ਤਹਿਤ ਸਮੁੱਚਾ ਪ੍ਰਸ਼ਾਸਨ ਲੋਕਾਂ ਦੀ ਮਦਦ ਲਈ ਦਿਨ ਰਾਤ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਜਿਨ੍ਹਾਂ ਇਲਾਕਿਆਂ ਵਿੱਚੋ ਪਾਣੀ ਵਾਪਸ ਹੋ ਗਿਆ ਹੈ, ਉਥੇ ਪਾਣੀ ਦੀਆਂ ਪਾਈਪ ਲਾਈਨਾਂ ਦੀ ਸਫ਼ਾਈ ਸਮੇਤ ਲੋਕਾਂ ਨੂੰ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਸੁਚੇਤ ਕਰਨ ਅਤੇ ਲੋਕਾਂ ਨੂੰ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਉਣ ਦਾ ਕੰਮ ਜਾਰੀ ਹੈ।
ਡਿਪਟੀ ਕਮਿਸ਼ਨਰ ਨੇ ਸਮਾਣਾ ਦੇ ਪਿੰਡ ਘਿਓਰਾ ਤੇ ਸੱਸਾ ਗੁੱਜਰਾ ਦਾ ਦੌਰਾ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਹਿਲੇ ਦਿਨ ਤੋਂ ਹੀ ਖੁਦ ਰਾਹਤ ਕਾਰਜਾਂ ਦੀ ਅਗਵਾਈ ਕੀਤੀ ਜਾ ਰਹੀ ਹੈ, ਜਿਸ ਸਦਕਾ ਰਾਹਤ ਕਾਰਜਾਂ ਵਿੱਚ ਜੁਟੇ ਅਮਲੇ ਵਿੱਚ ਹੋਰ ਜੋਸ਼ ਭਰਿਆ ਹੈ। ਇਸ ਉਪਰੰਤ ਉਨ੍ਹਾਂ ਪਾਤੜਾਂ ਵਿਖੇ ਖਨੌਰ ਤੇ ਬੱਤੀ ਦਰੇ ਦਾ ਵੀ ਦੌਰਾ ਕੀਤਾ ਅਤੇ ਤਾਇਨਾਤ ਅਮਲੇ ਨੂੰ ਜ਼ਰੂਰੀ ਹਦਾਇਤਾ ਕੀਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪ੍ਰਭਾਵਿਤ ਖੇਤਰਾਂ ‘ਚ ਚੱਲ ਰਹੇ ਰਾਹਤ ਕਾਰਜਾਂ ਦੀ ਖੁਦ ਨਿਗਰਾਨੀ ਰੱਖੀ ਜਾ ਰਹੀ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਹਰੇਕ ਲੋੜਵੰਦ ਵਿਅਕਤੀ ਤੱਕ ਪਹੁੰਚ ਬਣਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਫ਼ਵਾਹਾਂ ਤੋਂ ਸੁਚੇਤ ਰਹੋ ਤੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਰੋ।