BTN, ਫਤਿਹਗੜ੍ਹ ਸਾਹਿਬ, 16 ਜੁਲਾਈ 2023
ਜ਼ਿਲ੍ਹੇ ਅੰਦਰ ਪਿਛਲੇ ਦਿਨਾਂ ਦੌਰਾਨ ਵੱਖ-ਵੱਖ ਥਾਵਾਂ ਤੇ ਆਏ ਹੜਾਂ ਦੇ ਪਾਣੀ ਦੀ ਨਿਕਾਸੀ ਭਾਵੇਂ ਹੋ ਚੁੱਕੀ ਪਰ ਇਹਨਾਂ ਥਾਵਾਂ ਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਅਜੇ ਪੂਰੀ ਤਰਾਂ ਟਲਿਆ ਨਹੀਂ ਹੈ ,ਇਸ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਖੜ੍ਹੇ ਪਾਣੀ ਤੇ ਲਾਰਵੀਸਾਈਡ ਦੀ ਸਪਰੇ ਤੇ ਨਗਰ ਕੌਸਲਾਂ ਨਾਲ ਤਾਲ ਮੇਲ ਕਰਕੇ ਫੌਗਿੰਗ ਕਰਵਾਈ ਜਾ ਰਹੀ ਹੈ ,ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਖਾਣ-ਪੀਣ ਦੀਆਂ ਚੀਜ਼ਾਂ ਦੀ ਫੂਡ ਸੈਂਪਲਿੰਗ ਕੀਤੀ ਜਾ ਰਹੀ ਹੈ , ਤਾਂ ਕਿ ਹੜਾਂ ਤੋਂ ਬਾਅਦ ਦੀ ਸਥਿਤੀ ਨਾਲ ਸਹੀ ਢੰਗ ਨਾਲ ਨਿਪਟਿਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਹਤ ਵਿਭਾਗ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਉਹਨਾਂ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਪੀਣ ਵਾਲੇ ਪਾਣੀ ਨੂੰ ਕਲੋਰੀਨੇਟ ਕਰਨ ਲਈ ਵੀ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਥਿਤੀ ਨੋਰਮਲ ਹੋਣ ਤੱਕ ਵਿਭਾਗ ਵੱਲੋਂ ਇਹ ਸਾਰੀਆਂ ਸੇਵਾਵਾਂ ਲਗਾਤਾਰ ਜਾਰੀ ਰਹਿਣਗੀਆਂ ।