ਕੈਪਟਨ ਵੱਲੋਂ ਕਿਸਾਨਾਂ ਨੂੰ ਮੁਫਤ ਬਿਜਲੀ ਜਾਰੀ ਰੱਖਣ ਦਾ ਐਲਾਨ

Advertisement
Spread information

ਕੇਂਦਰੀ ਮੰਤਰੀ ਅਤੇ ਅਕਾਲੀ ਆਗੂ ਹਰਿਸਮਰਤ ਕੌਰ ਬਾਦਲ ਦੇ ਕੇਂਦਰੀ ਕੈਬਨਿਟ ਵਿੱਚੋਂ ਅਸਤੀਫੇ ਦੇਵੇ- ਕੈਪਟਨ ਅਮਰਿੰਦਰ ਸਿੰਘ 


ਅਸ਼ੋਕ ਵਰਮਾ
ਚੰਡੀਗੜ੍ਹ, 30 ਮਈ 2020 
ਪੰਜਾਬ ਦੇ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਮੁਫਤ ਬਿਜਲੀ ਦੀ ਸਹੂਲਤ ਵਾਪਸ ਲੈਣ ਦੇ ਦੋਸ਼ਾਂ ਨੂੰ ਮੁੱਢੋਂ ਹੀ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੇਂਦਰ ਵੱਲੋਂ ਪੇਸ਼ ਕੀਤੇ ਵਿੱਤੀ ਘਾਟੇ ਦੇ ਵਾਧੇ ਦੇ ਹਿੱਸੇ ਨੂੰ ਛੱਡਣ ਲਈ ਤਿਆਰ ਹੈ ਪਰ ਕਿਸੇ ਵੀ ਕੀਮਤ ’ਤੇ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀ ਕਰੇਗੀ।
                     ਕੇਂਦਰ ਵੱਲੋਂ ਮੁਫਤ ਬਿਜਲੀ ਦੇ ਬਦਲ ਵਜੋਂ ਕਿਸਾਨਾਂ ਨੂੰ ਡੀ.ਬੀ.ਟੀ. ਰਾਹੀਂ ਫਾਇਦਾ ਦੇਣ ਦੇ ਸੁਝਾਅ ਨੂੰ ਸਿਰੇ ਤੋਂ ਖਾਰਜ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੂੰ ਉਹ ਬਿਲਕੁਲ ਵੀ ਨਹੀਂ ਸਹਿਣਗੇ ਅਤੇ ਇਹ ਸਿੱਧੇ ਤੌਰ ’ਤੇ ਦੇਸ਼ ਦੇ ਸੰਘੀ ਢਾਂਚੇ ਉਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਉਹ ਇਹ ਮਾਮਲਾ ਕੇਂਦਰ ਕੋਲ ਉਠਾਉਣਗੇ ਕਿ ਕੋਵਿਡ ਮਹਾਮਾਰੀ ਦੇ ਚੱਲਦਿਆਂ ਵਿੱਤੀ ਸਹਾਇਤਾ ਵਧਾਉਣ ਦੀ ਆੜ ਵਿੱਚ ਵਿੱਤੀ ਘਾਟਾ ਝੱਲ ਰਹੇ ਸੂਬੇ ਵਿੱਚ ਕਿਸਾਨ ਵਿਰੋਧੀ ਸ਼ਰਤ ਲਾਗੂ ਨਹੀਂ ਕਰ ਸਕਦੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਹੈ, ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਮਿਲਦੀ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿੱਤੀ ਘਾਟੇ ਨੂੰ ਪੂਰਾ ਕਰਨ ਲਈ ਕਰਜ਼ਾ ਲਵੇਗੀ ਅਤੇ ਭਾਰਤ ਸਰਕਾਰ ਸੂਬਾ ਸਰਕਾਰ ਉਤੇ ਅਧਿਕਾਰਤ ਕਰਜ਼ਾ ਲੈਣ ਲਈ ਸ਼ਰਤਾਂ ਥੋਪ ਨਹੀਂ ਸਕਦੀ।
                   ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਨਿਸ਼ਾਨਾਂ ਬਣਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਮਾਰਚ 2017 ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਕਿਸਾਨਾਂ ਨੂੰ ਨਿਰਵਿਘਨ ਮੁਫਤ ਬਿਜਲੀ ਦੀ ਸਹੂਲਤ ਦੇ ਰਹੀ ਹੈ, ਭਾਵੇਂ ਕਿ ਅਕਾਲੀ-ਭਾਜਪਾ ਦੇ 10 ਸਾਲ ਦੇ ਕੁਸ਼ਾਸਨ ਦੇ ਚੱਲਦਿਆਂ ਸੂਬਾ ਬੁਰੀ ਤਰ੍ਹਾਂ ਵਿੱਤੀ ਸੰਕਟਾਂ ਵਿੱਚ ਘਿਰਿਆ ਹੋਇਆ ਹੈ।
                     ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਮੁਫਤ ਬਿਜਲੀ ਦੀ ਵਾਪਸ ਲੈਣ ਲਈ ਨਿਰਦੇਸ਼ ਦਿੱਤੇ ਜਾ ਰਹੇ ਹਨ ਜਦੋਂ ਕਿ ਕੋਵਿਡ ਅਤੇ ਲੌਕਡਾਊਨ ਵਿੱਚ ਸੂਬੇ ਅਤੇ ਇਥੋਂ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਰਾਹਤ ਦੇਣ ਵਿੱਚ ਕੇਂਦਰ ਸਰਕਾਰ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਸੁਖਬੀਰ ਨੂੰ ਆਖਿਆ ਕਿ ਕੇਂਦਰ ਵਿੱਚ ਉਹ ਭਾਈਵਾਲ ਹੋਣ ਦੇ ਨਾਤੇ ਪਹਿਲਾ ਉਹ ਅਕਾਲੀ ਦਲ ਦਾ ਐਨ.ਡੀ.ਏ. ਨਾਲੋਂ ਨਾਤਾ ਤੋੜਨ। ਉਨ੍ਹਾਂ ਕੇਂਦਰੀ ਮੰਤਰੀ ਅਤੇ ਅਕਾਲੀ ਆਗੂ ਹਰਿਸਮਰਤ ਕੌਰ ਬਾਦਲ ਦੇ ਕੇਂਦਰੀ ਕੈਬਨਿਟ ਵਿੱਚੋਂ ਅਸਤੀਫੇ ਦੀ ਵੀ ਮੰਗ ਕੀਤੀ।
                        ਅਕਾਲੀਆਂ ਵੱਲੋਂ ਲਾਏ ਗਏ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਜਾਂ ਸੰਸਦ ਵਿੱਚ ਕਿਸਾਨਾਂ ਸਮੇਤ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਹੱਕਾਂ ਲਈ ਆਵਾਜ਼ ਨਾ ਉਠਾਉਣ ’ਤੇ ਅਕਾਲੀ ਲੀਡਰਸ਼ਿਪ ਦੀ ਸਖ਼ਤ ਅਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਲੇ ਦੀ ਗੱਲ ਕਰਨ ਵੇਲੇ ਅਕਾਲੀ ਚੁੱਪ ਨਹੀਂ ਤੋੜਦੇ ਜਦੋਂ ਕਿ ਕੌਮੀ ਸਰੋਕਾਰ ਦੇ ਗੰਭੀਰ ਮੁੱਦਿਆਂ ’ਤੇ ਵੀ ਘਟੀਆ ਸਿਆਸਤ ਖੇਡਣ ਤੋਂ ਬਾਜ਼ ਨਹੀਂ ਆਉਂਦੇ।
                      ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਵੱਲੋਂ ਦੂਹਰੇ ਮਾਪਦੰਡਾਂ, ਕੋਰੇ ਝੂਠੇ ਅਤੇ ਨਿਰਆਧਾਰ ਦੋਸ਼ਾਂ ਨਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਚਾਲਾਂ ਚੱਲਣ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ,‘‘ਜੇਕਰ ਤਹਾਨੂੰ ਪੰੰਜਾਬ ਦਾ ਰਤਾ ਵੀ ਫਿਕਰ ਹੈ, ਤਾਂ ਤਹਾਨੂੰ ਤੁਰੰਤ ਐਨ.ਡੀ.ਏ. ਗੱਠਜੋੜ ਨਾਲੋਂ ਨਾਤਾ ਤੋੜ ਕੇ ਸੂਬੇ ਦੇ ਲੋਕਾਂ ਲਈ ਕੰਮ ਕਰ ਰਹੀ ਮੇਰੀ ਸਰਕਾਰ ਨਾਲ ਜੁੜ ਜਾਣਾ ਚਾਹੀਦਾ ਹੈ।’’
                ਮੁੱਖ ਮੰਤਰੀ ਨੇ ਨਾਗਰਿਕਤਾ ਸੋਧ ਐਕਟ (ਸੀ.ਏ.ਏ) ਮੌਕੇ ਵੀ ਅਕਾਲੀ ਦਲ ਨੂੰ ਚੇਤੇ ਕਰਦਿਆਂ ਆਖਿਆ ਕਿ ਇਸ ਐਕਟ ਵਿਰੁੱਧ ਜਨਤਕ ਆਵਾਜ਼ ਉਠਾਉਣ ਤੋਂ ਪਹਿਲਾਂ ਅਕਾਲੀਆਂ ਨੇ ਸੰਸਦ ਵਿੱਚ ਐਕਟ ਦੇ ਹੱਕ ’ਚ ਮੇਜ਼ ਥਪਥਪਾਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸੁਭਾਵਿਕ ਹੈ ਕਿ ਸੁਖਬੀਰ ਤੇ ਹਰਸਿਮਰਤ ਅਤੇ ਉਨ੍ਹਾਂ ਦੀ ਪਾਰਟੀ ਦੇ ਅਸੂਲ ਹੀ ਨਹੀਂ ਹਨ ਅਤੇ ਉਹ ਸਿਰਫ ਆਪਣੇ ਨਿੱਜੀ ਅਤੇ ਸਿਆਸੀ ਸਵਾਰਥਾਂ ਵਿੱਚ ਦਿਲਚਸਪੀ ਰੱਖਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਅਤੇ ਉਸ ਦਾ ਭਾਈਵਾਲ ਅਕਾਲੀ ਦਲ ਇਹ ਸਪੱਸ਼ਟ ਕਰੇ ਕਿ ਪੰਜਾਬ ’ਤੇ ਅਜਿਹੀ ਸ਼ਰਤ ਥੋਪ ਕੇ ਦਬਾਅ ਪਾਉਣ ਦੀ ਕੋਸ਼ਿਸ਼ ਕਿਉਂ ਕੀਤੀ ਗਈ।

Advertisement
Advertisement
Advertisement
Advertisement
Advertisement
error: Content is protected !!