ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 25 ਜੁਲਾਈ 2023
ਸਿਵਲ ਸਰਜਨ ਡਾ. ਰਾਜਿੰਦਰ ਪਾਲ ਦੀ ਅਗਵਾਈ ਹੇਠ ਉਲੀਕੇ ਗਏ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਹੈਲਥ ਵੈਲਨੈਸ ਸੈਂਟਰ ਰੁਕਨੇ ਵਾਲਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਿਹਤ ਅਤੇ ਅੱਖਾਂ ਦੀ ਜਾਂਚ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ 107 ਤੋਂ ਵੱਧ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਮੁਫਤ ਦਵਾਈਆਂ ਵੰਡੀਆਂ ਗਈਆਂ।
ਕੈਂਪ ਬਾਰੇ ਜਾਣਕਾਰੀ ਦਿੰਦਿਆਂ ਕਮਿਊਨਿਟੀ ਹੈਲਥ ਅਫਸਰ ਪ੍ਰਤਿਭਾ ਨੇ ਦੱਸਿਆ ਕਿ ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਲਗਾਤਾਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਜਿਸ ਤਹਿਤ ਅੱਜ ਹੈਲਥ ਵੈਲਨੈਸ ਸੈਂਟਰ ਰੁਕਨੇ ਵਾਲਾ ਪਿੰਡ ਵਿਖੇ ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਡਾ. ਹਰਪ੍ਰੀਤ ਸਿੰਘ ਏ.ਐਮ.ਓ., ਡਾ. ਜੋਤੀ ਕਾਲੀਆ ਮਹਿਲਾ ਰੋਗ ਮਾਹਿਰ ਅਤੇ ਡਾ. ਅਸ਼ਵਨੀ ਕਾਲੀਆ ਅੱਖਾਂ ਦੇ ਰੋਗਾਂ ਦੇ ਮਾਹਰ ਵੱਲੋਂ 107 ਤੋਂ ਵੱਧ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਫਤ ਦਵਾਈਆਂ ਵੰਡੀਆਂ ਗਈਆਂ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਫਿਰੋਜ਼ਪੁਰ ਦੀ ਟੀਮ ਵੱਲੋਂ ਹੜ੍ਹ ਪ੍ਰਭਾਵਿਤਾਂ ਲਈ ਮੁਫ਼ਤ ਮੈਡੀਕਲ ਕੈਂਪ ਦੌਰਾਨ ਲੋਕਾਂ ਨੂੰ ਹੜ੍ਹਾਂ ਕਾਰਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਅਤੇ ਰੋਕਥਾਮ ਬਾਰੇ ਵੀ ਜਾਗਰੂਕ ਕੀਤਾ ਗਿਆ।