ਬਿੱਟੂ ਜਲਾਲਾਬਾਦੀ, ਫਾਜ਼ਿਲਕਾ ,1 ਅਗਸਤ 2023
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜ ਨਿਰੰਤਰ ਜਾਰੀ ਹਨ ਤੇ ਇਨ੍ਹਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ। ਇਸੇ ਤਹਿਤ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੇ ਪਸ਼ੂਆਂ ਲਈ ਲਗਭਗ 4900 ਕੁਇੰਟਲ ਹਰਾ ਚਾਰਾ ਮੁਹੱਈਆ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ 7451 ਰਾਸ਼ਨ ਕਿੱਟਾਂ ਅਤੇ ਲਗਭਗ 3600 ਤਿਰਪਾਲਾਂ ਅਤੇ 772 ਬੈਗ ਪਸ਼ੂ ਫੀਡ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗਾਂ ਦੀਆਂ 11 ਟੀਮਾਂ ਇਨ੍ਹਾਂ ਪ੍ਰਭਾਵਿਤ ਖੇਤਰਾਂ ਦੇ ਪਸ਼ੂਆਂ ਦੇ ਇਲਾਜ ਵਿੱਚ ਲੱਗੀਆਂ ਹੋਈਆਂ ਹਨ ਤੇ ਹੁਣ ਤੱਕ 3 ਹਜ਼ਾਰ ਤੋਂ ਵੱਧ ਪਸ਼ੂਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਲਗਭਗ 4 ਹਜ਼ਾਰ ਲੋਕਾਂ ਦਾ ਚੈੱਕਅੱਪ ਕੀਤਾ ਜਾ ਚੁੱਕਾ ਹੈ ਤੇ ਲੋੜੀਂਦੀਆਂ ਦਵਾਈਆਂ ਵੀ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਯੁਕਤ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ 24 ਘੰਟੇ ਕੰਮ ਕਰ ਰਹੀਆਂ ਹਨ।
ਉਨ੍ਹਾਂ ਅੱਗੇ ਕਿਹਾ ਕਿ ਹੜ੍ਹਾਂ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਆਈ ਫਲੂ ਵਰਗੀਆਂ ਬਿਮਾਰੀਆਂ ਤੋਂ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀਆਂ ਟੀਮਾਂ ਮਿਲ ਕੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਦਿਨ ਰਾਤ ਮੈਡੀਕਲ ਸੁਵਿਧਾਵਾਂ ਪ੍ਰਦਾਨ ਕਰ ਰਹੀਆਂ ਹਨ। ਆਈ ਫਲੂ, ਚਮੜੀ ਦੇ ਰੋਗਾਂ, ਵੈਕਟਰ ਬੋਰਨ ਡਜੀਜ਼, ਡੇਂਗੂ, ਮਲੇਰਆ ਆਦਿ ਖੜ੍ਹੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਨੂੰ ਰੋਕਣ ਲਈ ਵੱਡੇ ਪੱਧਰ ਤੇ ਮੈਡੀਕਲ ਟੀਮਾਂ ਕੰਮ ਕਰ ਰਹੀਆਂ ਹਨ। ਇਨ੍ਹਾਂ ਮੈਡੀਕਲ ਟੀਮਾਂ ਕੋਲ ਇਨ੍ਹਾਂ ਬਿਮਾਰੀਆਂ ਦੇ ਇਲਾਜ ਲਈ ਹਰ ਤਰ੍ਹਾਂ ਦੀਆਂ ਦਵਾਈਆਂ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਮੈਡੀਕਲ ਟੀਮਾਂ ਵੱਲੋਂ ਗਰਭਵਤੀ ਮਹਿਲਾਵਾਂ, ਬੱਚਿਆਂ ਦੀ ਵੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਤਹਿਸੀਲ ਦਫਤਰ ਫਾਜ਼ਿਲਕਾ ਵਿਖੇ 01638-262153, ਤਹਿਸੀਲ ਦਫਤਰ ਜਲਾਲਾਬਾਦ ਵਿਖੇ 01638-251373 ਵਿਖੇ ਸੰਪਰਕ ਕਰ ਸਕਦੇ ਹਨ।