ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 01 ਅਗਸਤ 2023
ਪਿਛਲੇ ਲਗਭਗ ਇਕ ਮਹੀਨੇ ਤੋਂ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹ ਕਾਰਨ ਪ੍ਰਭਾਵਿਤ ਹੋਏ ਹਨ, ਇਸ ਔਖੀ ਘੜੀ ਵਿੱਚ ਪੰਜਾਬ ਸਰਕਾਰ , ਜ਼ਿਲ੍ਹਾ ਪ੍ਰਸਾਸ਼ਨ ਤੋਂ ਇਲਾਵਾ ਬਹੁਤ ਸਾਰੀਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਂਵਾ ਵੀ ਹੜ੍ਹ ਪੀੜਤਾਂ ਦੀ ਮੱਦਦ ਲਈ ਆਪਣਾ ਯੋਗਦਾਨ ਪਾ ਰਹੀਆਂ ਹਨ।ਇਸੇ ਤਰਾਂ ਕਲਗੀਧਰ ਟਰੱਸਟ ਬੜੂ ਸਾਹਿਬ ਦੀ ਟੀਮ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਫਸੇ ਲੋਕਾਂ ਨੂੰ ਰਾਹਤ ਦੇਣ ਵਿੱਚ ਲੱਗੀ ਹੈ। ਇਨ੍ਹਾਂ ਲੋਕਾਂ ਤੱਕ ਰਾਸ਼ਨ ਪਹੁੰਚਾਉਣ ਲਈ ਕਲਗੀਧਰ ਟਰੱਸਟ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਦੀ ਫਲੱਡ ਰਿਲੀਫ਼ ਟੀਮ ਸੇਵਾ ਕਰ ਰਹੀ ਹੈ ਅਤੇ ਸਰਕਾਰ ਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਨ੍ਹਾਂ ਹੜ੍ਹ-ਪ੍ਰਭਾਵਿਤ ਖੇਤਰਾਂ ਵਿੱਚ ਫਸੇ ਲੋਕਾਂ ਲਈ ਰਾਸ਼ਨ ਵੰਡ ਕਰ ਰਹੀ ਹੈ। ਇਸ ਰਸਦ ਵਿੱਚ ਆਟਾ, ਖੰਡ, ਚਾਵਲ, ਦਾਲਾਂ, ਘਿਓ, ਮਸਾਲੇ ਅਤੇ ਹੋਰ ਸਮੱਗਰੀਆਂ ਹੜ੍ਹ-ਪੀੜਤ ਇਲਾਕੇ ਵਿੱਚ ਵੰਡੀ ਜਾ ਰਹੀਆਂ ਹਨ। ਇਹ ਪ੍ਰਗਟਾਵਾ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ ਰਣਬੀਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕੀਤਾ। ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਸੂਰਜ ਵੀ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਲਗੀਧਰ ਟਰੱਸਟ ਬੜੂ ਸਾਹਿਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਵਿੱਦਿਅਕ ਖੇਤਰ ਦੇ ਨਾਲ-ਨਾਲ ਦੇਸ਼ ਵਿੱਚ ਕਿਸੇ ਤਰ੍ਹਾਂ ਦੀ ਕੁਦਰਤੀ ਆਫ਼ਤ ਆਈ ਹੈ ਤਾਂ ਟਰੱਸਟ ਦੇ ਸੇਵਾਦਾਰਾਂ ਨੇ ਮੱਦਦ ਲਈ ਅੱਗੇ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਟਰੱਸਟ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।
ਇਸ ਮੌਕੇ ਦ ਕਲਗੀਧਰ ਟਰੱਸਟ ਦੇ ਸੇਵਾਦਾਰ ਸ. ਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ‘ਚ ਬੀਤੇ ਸਮੇ ਵਿੱਚ ਆਏ ਹੜ੍ਹ ਕਾਰਨ ਪ੍ਰਵਾਭਿਤ ਖੇਤਰਾਂ ਵਿੱਚ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਰਸਦ ਅਤੇ ਹੋਰ ਜਰੂਰੀ ਸਾਮਾਨ ਦੀ ਸੇਵਾ ਕੀਤੀ ਗਈ, ਉਨ੍ਹਾਂ ਦੱਸਿਆ ਕਿ ਟ੍ਰਸਟ ਵੱਲੋਂ ਪੰਜਾਬ ਦੇ ਸਾਰੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੇਵਾ ਨਿਭਾਈ ਜਾ ਰਹੀ ਹੈ। ਇਸ ਟੀਮ ਦੁਆਰਾ ਹੜ੍ਹ-ਪੀੜਤਾਂ ਨੂੰ ਲੰਗਰ ਅਤੇ ਜ਼ਰੂਰੀ ਸਮਾਨ ਕਿਸ਼ਤੀਆਂ ਰਾਹੀਂ ਵੰਡਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟਰਸਟ ਦੀ ਟੀਮ ਲੰਗਰ ਦੇ ਨਾਲ-ਨਾਲ ਹੋਰ ਵੀ ਜਰੂਰਤਾਂ ਨੂੰ ਪੂਰੀਆਂ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪਟਿਆਲਾ, ਜਲੰਧਰ, ਫ਼ਾਜ਼ਿਲਕਾ ਦੇ ਇਲਾਕਿਆਂ ਸਮੇਤ ਹੋਰ ਜ਼ਿਲ੍ਹਿਆਂ ਦੇ ਵੀ ਹੜ੍ਹ ਪ੍ਰਭਾਵਿਤ ਪਿੰਡਾਂ ‘ਚ ਵੀ ਕਲਗੀਧਰ ਟਰੱਸਟ ਗੁਰਦੂਆਰਾ ਬੜੂ ਸਾਹਿਬ ਅਤੇ ਜਨਮ ਅਸਥਾਨ ਚੀਮਾ ਸਾਹਿਬ ਦੇ ਸੇਵਾਦਾਰਾਂ ਵੱਲੋਂ ਜੰਗੀ ਪੱਧਰ ‘ਤੇ ਸੇਵਾ ਕੀਤੀ ਜਾ ਰਹੀ ਹੈ ਅਤੇ ਨਿਰੰਤਰ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਟਰਸਟ ਵੱਲੋਂ ਹੁਣ ਤੱਕ 800 ਤੋਂ ਵੱਧ ਲੋਕਾਂ ਨੂੰ ਰੈਸਕਿਊ ਕੀਤਾ ਗਿਆ ਅਤੇ ਰਾਹਤ ਕਿੱਟਾਂ, ਦਵਾਈਆਂ ਆਦਿ ਪੀੜਤ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਟਰਸਟ ਵੱਲੋਂ ਫਿਰੋਜ਼ਪੁਰ ਵਿਖੇ ਸਰਕਾਰ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੜ੍ਹ-ਪੀੜਤਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ ਅਤੇ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾਵੇਗਾ।ਜ਼ਿਕਰਯੋਗ ਹੈ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਵਿੱਦਿਅਕ ਖੇਤਰ ਦੇ ਨਾਲ-ਨਾਲ ਜਦੋਂ ਵੀ ਦੇਸ਼ ਵਿੱਚ ਕਿਸੇ ਤਰ੍ਹਾਂ ਦੀ ਕੁਦਰਤੀ ਆਫ਼ਤ ਆਈ ਹੈ ਤਾਂ ਟਰੱਸਟ ਦੇ ਸੇਵਾਦਾਰਾਂ ਨੇ ਮੱਦਦ ਲਈ ਅੱਗੇ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ।
ਇਸ ਮੌਕੇ ਟਰੱਸਟ ਦੇ ਵਾਈਸ ਪ੍ਰੈਜ਼ੀਡੈਂਟ ਭਾਈ ਜਗਜੀਤ ਸਿੰਘ, ਭਾਈ ਅਮਰਜੀਤ ਸਿੰਘ ਅਤੇ ਚਰਨਜੀਤ ਸਿੰਘ ਧਾਲੀਵਾਲ ਤੋਂ ਇਲਾਵਾ ਰਾਜ ਬਹਾਦਰ ਸਿੰਘ, ਅਮਰਿੰਦਰ ਸਿੰਘ, ਨੇਕ ਪ੍ਰਤਾਪ ਸਿੰਘ, ਮਨਜੀਤ ਸਿੰਘ, ਹਰਦੇਵ ਸਿੰਘ ਵਿਰਕ, ਗੁਲਸ਼ਨ ਗੱਖੜ ਅਤੇ ਦੀਪੂ ਚੌਪੜਾ ਵੀ ਹਾਜ਼ਰ ਸਨ।