ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ 2 ਅਗਸਤ 2023
ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਗਏ ਇੱਕ ਹੋਰ ਮਨਾਹੀ ਦੇ ਹੁਕਮ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਛੋਟੇ ਖਣਿਜਾਂ ਦੀ ਮਾਈਨਿੰਗ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਕ ਹੋਰ ਮਨਾਹੀ ਦੇ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਕੀਤੇ ਕਿ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਹਲਕਿਆਂ ਵਿੱਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉੱਤੇ ਜਨਤਕ ਥਾਵਾਂ ਤੇ ਨਹੀਂ ਛੱਡੇਗਾ। ਇਸੇ ਤਰ੍ਹਾਂ ਇੱਕ ਹੋਰ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਕੂੜਾ ਕਰਕਟ ਆਦਿ ਖੁੱਲ੍ਹੇ ਵਿੱਚ ਅੱਗ ਲਗਾਉਣ ਤੇ ਪਾਬੰਦੀ ਲਗਾਈ ਹੈ।
ਇਸੇ ਤਰਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹੇ ‘ਚ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਕਿਆਂ ਨੂੰ ਚਲਾਉਣ, ਢੋਲ, ਡਰੱਮ ਅਤੇ ਹੋਰ ਕਿਸੇ ਤਰ੍ਹਾਂ ਦੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ (ਜਨ ਹਿੱਤ ਐਮਰਜੈਂਸੀ ਦੀ ਹਾਲਤ ਨੂੰ ਛੱਡ ਕੇ) ‘ਤੇ ਵੀ ਪੂਰਣ ਪਾਬੰਦੀ ਲਗਾਈ ਜਾਂਦੀ ਹੈ। ਇਸੇ ਤਰ੍ਹਾਂ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਰਿਹਾਇਸ਼ੀ ਇਲਾਕਿਆਂ ‘ਚ ਕਿਸੇ ਤਰ੍ਹਾਂ ਦੇ ਹਾਰਨ ਵਜਾਉਣ ‘ਤੇ ਪਾਬੰਦੀ ਲਗਾਈ ਗਈ ਹੈ। ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਲਈ ਵੀ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਮਨਾਹੀ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕਿਸੇ ਵੀ ਥਾਂ ਤੇ ਚਲਾਏ ਜਾ ਰਹੇ ਲਾਊਡ ਸਪੀਕਰ, ਪਬਲਿਕ ਐਡਰੈਸ ਸਿਸਟਮ ਆਦਿ ਦੀ ਆਵਾਜ਼ ਸੀਮਾ 10 ਡੀ.ਬੀ. (ਏ) ਅਤੇ 75 ਡੀ.ਬੀ. (ਏ) (ਸਬੰਧਤ ਜਗ੍ਹਾ ਦੇ ਆਵਾਜ਼ੀ ਸਟੈਂਡਰਡ ਅਨੁਸਾਰ) ਤੋਂ ਵੱਧ ਨਹੀ ਹੋਵੇਗੀ। ਇਸ ਸਬੰਧੀ ਮੈਰਿਜ ਪੈਲੇਸ ਮਾਲਕ ਪੈਲੇਸ ਦੇ ਬਾਹਰ ਉਕਤ ਸ਼ਰਤਾਂ ਦਰਸਾਉਂਦਾ ਬੋਰਡ ਲਗਾਏਗਾ। ਜ਼ਿਲ੍ਹਾ ਮੈਜਿਸਟਰੇਟ ਨੇ ਫਿਰੋਜ਼ਪੁਰ ਦੇ ਸਰਹੱਦੀ ਖੇਤਰ ਦੇ ਨਾਲ ਲਗਦੇ ਬੀ.ਓ.ਪੀਜ਼ ਦੇ ਨੇੜਲੇ ਪਿੰਡਾਂ ਵਿੱਚ ਸ਼ਾਮ 05:00 ਵਜੇ ਤੋਂ ਬਾਅਦ ਡੀ.ਜੇ. (ਮਿਊਜਿਕ ਸਿਸਟਮ), ਪਟਾਕੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ਤੇ ਪੂਰਨ ਤੌਰ ‘ਤੇ ਰੋਕ ਲਗਾਈ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਿਛਲੇ ਕੁੱਝ ਮਹੀਨਿਆਂ ਤੋਂ ਡਰੋਨ ਦੀਆਂ ਗਤੀਵਿਧੀਆਂ ਵਿੱਚ ਵਾਧਾ ਹੋਇਆ ਹੈ। ਡਰੋਨ ਗਤੀਵਿਧੀਆਂ ਕਾਰਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਧੀ ਹੈ ਜੋ ਕਿ ਦੇਸ਼ ਦੀਆਂ ਸੁਰੱਖਿਆ ਬਲਾਂ ਏਜੰਸੀਆਂ ਦੇ ਨਾਲ-ਨਾਲ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਲਈ ਵੀ ਗੰਭੀਰ ਚਿੰਤਾ ਦਾ ਮਾਮਲਾ ਹੈ। ਸਰਹੱਦੀ ਖੇਤਰ ਦੇ ਨੇੜਲੇ ਪਿੰਡਾਂ ਵਿੱਚ ਹਾਈ ਪਿੱਚ ਵਾਲੇ ਡੀ. ਜੇ. ਲਾਊਡ ਸਪੀਕਰ ਦੀ ਆਵਾਜ ਜ਼ਿਆਦਾ ਹੋਣ ਕਾਰਨ ਸੀਮਾਂ ‘ਤੇ ਡਿਊਟੀ ਕਰ ਰਹੇ ਜਵਾਨਾਂ ਨੂੰ ਡਰੋਨ ਦੀ ਗੂੰਜ ਸੁਣਾਈ ਨਹੀਂ ਦਿੰਦੀ ਜਿਸ ਕਰਕੇ ਡਰੋਨ ਦਾ ਪਤਾ ਲਗਾਉਣਾ ਮੁਸ਼ਕਲ ਹੋ ਜਾਂਦਾ ਹੈ। ਇਸ ਨਾਲ ਰਾਸ਼ਟਰੀ ਸੁਰੱਖਿਆ ਦਾ ਖਦਸ਼ਾ ਰਹਿੰਦਾ ਹੈ। ਇਸ ਲਈ ਉਕਤ ਹਲਾਤਾਂ ਨਾਲ ਸੁਚੱਜੇ ਢੰਗ ਨਾਲ ਨਜਿੱਠਣ ਲਈ ਜ਼ਿਲ੍ਹਾ ਫਿਰੋਜ਼ਪੁਰ ਵਿਚ ਸਰਹੱਦੀ ਖੇਤਰਾਂ ਦੇ ਨਾਲ-ਨਾਲ ਬੀ.ਓ.ਪੀਜ ਦੇ ਨੇੜੇ ਸ਼ਾਮ 05:00 ਵਜੇ ਤੋਂ ਬਾਅਦ ਡੀ.ਜੇ ਦੀ ਆਵਾਜ਼ ਨੂੰ ਸੀਮਤ ਕਰਨ ਲਈ ਜ਼ਰੂਰੀ ਨਿਰਦੇਸ਼ ਜਾਰੀ ਕਰਨ ਦੇ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ।