ਰਿਚਾ ਨਾਗਪਾਲ, ਪਟਿਆਲਾ, 5 ਅਗਸਤ 2023
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ ਦੌਰਾਨ ਹੋਏ ਲੋਕਾਂ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਫ਼ਸਲਾਂ ਦੇ ਖਰਾਬੇ ਲਈ ਵਿਸ਼ੇਸ਼ ਗਿਰਦਾਵਰੀ ਦਾ ਕੰਮ ਜ਼ਿਲ੍ਹੇ ਵਿੱਚ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰ ਵਿੱਚ ਹੋਏ ਨੁਕਸਾਨ ਲਈ ਡੋਰ ਟੂ ਡੋਰ ਸਰਵੇ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੜ੍ਹ ਤੋਂ ਬਾਅਦ ਕੀਤੇ ਜਾ ਰਹੇ ਰਾਹਤ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ।
ਬੈਠਕ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਦੇ ਇਸ ਮੌਸਮ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸੀਵਰੇਜ ਸਿਸਟਮ ਦੀ ਨਿਰੰਤਰ ਸਫ਼ਾਈ ਅਤੇ ਬਰਸਾਤੀ ਪਾਣੀ ਦੇ ਨਿਕਾਸ ਲਈ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਦੀ ਨਿਕਾਸੀ ਦੇ ਸਥਾਈ ਹੱਲ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵੀ ਰਣਨੀਤੀ ਤਿਆਰ ਕੀਤੀ ਜਾਵੇ ਜਿਸ ਵਿੱਚ ਰੀਚਾਰਜਿੰਗ ਵੈੱਲ, ਚੈਕ ਡੈਮ ਸਬੰਧੀ ਖਾਕਾ ਤਿਆਰ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ ਦੌਰਾਨ ਕੁਦਰਤੀ ਵਹਾਅ ਵਿੱਚ ਆਈ ਰੁਕਾਵਟ ਨੂੰ ਦੂਰ ਕਰਨ ਲਈ ਸੜਕਾਂ ਥੱਲੇ ਭੜੋਲੀਆਂ ਲਗਾਉਣ ਲਈ ਅਜਿਹੇ ਸਥਾਨਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਜਿਥੇ ਭੜੋਲੀਆਂ ਲਗਾਕੇ ਕੁਦਰਤੀ ਵਹਾਅ ਨੂੰ ਬੇਰੋਕ ਚਲਾਇਆ ਜਾ ਸਕੇ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਵੀ ਇਸ ਕੰਮ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਿਥੇ ਭੜੋਲੀਆਂ ਲਗਾਉਣ ਦੀ ਜ਼ਰੂਰਤ ਹੈ ਉਸ ਸਬੰਧੀ ਜਾਣਕਾਰੀ ਦੇਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਭੜੋਲੀਆਂ ਲਗਾਉਣ ਦਾ ਕੰਮ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਕੀਤਾ ਜਾਵੇਗਾ। ਮੀਟਿੰਗ ਦੌਰਾਨ ਉਨ੍ਹਾਂ ਪਿੰਡਾਂ ਦੀਆਂ ਸੜਕਾਂ ਦੀ ਮਿਣਤੀ ਕਰਕੇ ਸਹੀ ਨਿਸ਼ਾਨਦੇਹੀ ਕਰਨ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਜਿਹੇ ਮੌਸਮ ਵਿੱਚ ਡੇਂਗੂ, ਮਲੇਰੀਆਂ ਤੇ ਡਾਇਰੀਆਂ ਦਾ ਖਤਰਾ ਹੁੰਦਾ ਹੈ ਇਸ ਲਈ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਤਹਿਤ ”ਸਾਨੂੰ ਸ਼ੁੱਕਰਵਾਰ ਨੂੰ ਡਰਾਈ ਡੇ ਵਜੋਂ ਮਨਾਉਣਾ ਚਾਹੀਦਾ ਹੈ, ਜਿਸਦਾ ਮਤਲਬ ਹੈ ਕਿ ਸਾਨੂੰ ਡੇਂਗੂ ਦੇ ਲਾਰਵੇ ਦੇ ਪ੍ਰਜਣਨ ਨੂੰ ਰੋਕਣ ਲਈ ਖੜ੍ਹੇ ਪਾਣੀ ਨੂੰ ਬਾਹਰ ਕੱਢਣਾ ਚਾਹੀਦਾ ਹੈ, ਜਿਸ ਨੂੰ ਮੱਛਰ ਬਣਨ ਲਈ ਇੱਕ ਹਫ਼ਤੇ ਦਾ ਸਮਾਂ ਲਗਦਾ ਹੈ।” ਉਨ੍ਹਾਂ ਕਿਹਾ ਕਿ ਜਿਥੇ ਵੀ ਘਰ ਵਿੱਚ ਪਾਣੀ ਖੜਾ ਹੁੰਦਾ ਹੈ ਉਥੇ ਪਾਣੀ ਦੀ ਸਫ਼ਾਈ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਕਰੋ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਛੱਪੜਾਂ ਵਿੱਚ ਮੱਛਰ ਦੀ ਪੈਦਾਇਸ਼ ਨੂੰ ਰੋਕਣ ਲਈ ‘ਗੈਂਬੂਸੀਆ’ ਮੱਛੀ ਛੱਡੀ ਜਾਂਦੀ ਹੈ, ਇਸ ਲਈ ਜ਼ਿਲ੍ਹੇ ਦੇ ਸਿਵਲ ਸਰਜਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਏ.ਡੀ.ਸੀ. (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਤੇ ਐਸ.ਡੀ.ਐਮ. ਨਾਭਾ ਤਰਸੇਮ ਚੰਦ, ਐਡਵੋਕੇਟ ਰਾਹੁਲ ਸੈਣੀ, ਕਰਨਲ ਜੇ.ਵੀ ਸਿੰਘ, ਬਲਵਿੰਦਰ ਸਿੰਘ ਸੈਣੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।