ਬਿਨਾਂ ਮਾਸਕ ਤੋਂ ਘੁੰਮਣ ਵਾਲੇ 1544 ਵਿਅਕਤੀਆਂ ਦੇ ਚਲਾਨ
ਜਨਤਕ ਥਾਵਾਂ ’ਤੇ ਥੁੱਕਣ ਦੀ ਵੀ ਸਖਤ ਮਨਾਹੀ
ਮਨੀ ਗਰਗ ਬਰਨਾਲਾ, 1 ਜੂਨ 2020
ਕਰੋਨਾ ਸੰਕਟ ਦੌਰਾਨ ਜ਼ਿਲ੍ਹਾ ਪੁਲੀਸ ਦਿਨ-ਰਾਤ ਸੇਵਾਵਾਂ ਨਿਭਾਅ ਰਹੀ ਹੈ। ਕਰੋਨਾ ਵਿਰੁੱਧ ਮੁਹਿੰਮ ਤਹਿਤ ਜਨਤਕ ਥਾਵਾਂ ’ਤੇ ਲੋਕਾਂ ਦਾ ਮਾਸਕ ਪਾਉਣਾ, ਜਨਤਕ ਥਾਵਾਂ ’ਤੇ ਨਾ ਥੁੱਕਣਾ ਅਤੇ ਸਮਾਜਿਕ ਵਿੱਥ ਯਕੀਨੀ ਬਣਾਈ ਜਾ ਰਹੀ ਹੈ। ਅਜਿਹਾ ਨਾ ਕਰਨ ਵਾਲਿਆਂ ਖਿਲਾਫ ਨੇਮਾਂ ਅਨੁਸਾਰ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਹ ਪ੍ਰਗਟਾਵਾ ਕਰਦੇ ਹੋਏ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਸੰਦੀਪ ਗੋਇਲ ਨੇ ਦੱਸਿਆ ਕਿ ਕਰੋਨਾ ਖਿਲਾਫ ਮੁਹਿੰਮ ਤਹਿਤ ਜ਼ਿਲ੍ਹਾ ਪੁਲੀਸ ਵੱਲੋਂ 21 ਮਈ ਤੋਂ 31 ਮਈ ਤੱਕ ਬਿਨਾਂ ਮਾਸਕ ਤੋਂ ਘੁੰਮਣ ਵਾਲੇ 1544 ਵਿਅਕਤੀਆਂ ਨੂੰ ਜੁਰਮਾਨਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱੱਲੋਂ ਜਿੱਥੇ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ, ਉਥੇ ਜਨਤਕ ਥਾਵਾਂ ’ਤੇ ਥੁੱਕਣ ਦੀ ਵੀ ਮਨਾਹੀ ਹੈ। ਇਸ ਮੁਹਿੰਮ ਤਹਿਤ ਜਨਤਕ ਥਾਵਾਂ ’ਤੇ ਥੁੱਕਣ ’ਤੇ 29 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ। ਮਾਸਕ ਨਾ ਪਾਉਣ ਅਤੇ ਜਨਤਕ ਥਾਵਾਂ ’ਤੇ ਥੁੱਕਣ ਵਾਲਿਆਂ ਨੂੰ ਕੁੱਲ 4,47,000 ਰੁਪਏ ਜੁਰਮਾਨਾ 31 ਮਈ ਤੱਕ ਕੀਤਾ ਜਾ ਚੁੱਕਾ ਹੈ।
ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਗੋਇਲ ਨੇ ਆਖਿਆ ਕਿ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਮਾਸਕ ਨਾ ਪਾਉਣ ਅਤੇ ਜਨਤਕ ਥਾਵਾਂ ’ਤੇ ਥੁੱਕਣ ਵਾਲਿਆਂ ਖਿਲਾਫ ਐਪੀਡੈਮਿਕ ਡੀਸਿਜ਼ ਐਕਟ 1897 ਤਹਿਤ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਇਸ ਬਿਮਾਰੀ ਤੋਂ ਬਚਾਅ ਰੱਖਣ ਸਬੰਧੀ ਸਾਵਧਾਨੀਆਂ ਦੀ ਲੋਕ ਪੂਰੀ ਪਾਲਣਾ ਕਰਨ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।