ਰਘਬੀਰ ਹੈਪੀ, ਬਰਨਾਲਾ, 21 ਅਗਸਤ 2023
ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਵਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਉਨ੍ਹਾਂ ਬਰਨਾਲਾ ਸਮੇਤ ਹੋਰ ਸ਼ਹਿਰੀ ਇਕਾਈਆਂ ਵਿੱਚ ਕੂੜਾ ਪ੍ਰਬੰਧਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਬਰਨਾਲਾ ਸ਼ਹਿਰ ਦੇ ਚੌਕਾਂ ਦੇ ਸੁੰਦਰੀਕਰਨ ਦੇ ਪ੍ਰੋਜੈਕਟ ਦੀ ਵੀ ਸਮੀਖਿਆ ਕੀਤੀ, ਜਿਸ ‘ਤੇ ਕਾਰਜਸਾਧਕ ਅਫ਼ਸਰ ਬਰਨਾਲਾ ਸ੍ਰੀ ਵਿਸ਼ਾਲਦੀਪ ਨੇ ਦੱਸਿਆ ਕਿ ਚੌਕਾਂ ਦੇ ਸਿਵਲ ਕੰਮ ‘ਤੇ 74 ਲੱਖ ਰੁਪਏ ਖਰਚੇ ਜਾ ਰਹੇ ਹਨ ਅਤੇ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ, ਜਦੋਂਕਿ ਇਲੈਕਟਰਿਕ ਕੰਮ ‘ਤੇ 50 ਲੱਖ ਤੋਂ ਵੱਖ ਫੰਡ ਖਰਚੇ ਜਾਣੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਨਤਕ ਪਖਾਨਿਆਂ ਦੇ ਕੰਮ ਦਾ ਵੀ ਜਾਇਜ਼ਾ ਲਿਆ, ਜੋ ਕਿ 175 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣੇ ਹਨ। ਇਸ ਮੌਕੇ ਉਨ੍ਹਾਂ ਪਿੰਡਾਂ ਵਿੱਚ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਖਾਸ ਕਰ ਕੇ ਪੌਦੇ ਲਾਉਣ ਦੀ ਮੁਹਿੰਮ ਦਾ ਜਾਇਜ਼ਾ ਲਿਆ ਅਤੇ ਮੁਹਿੰਮ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਵਾ ਲੱਖ ਤੋਂ ਵੱਧ ਪੌਦੇ ਲਾਉਣ ਦਾ ਟੀਚਾ ਹੈ, ਜਿਸ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਦੀ ਪਲਾਂਟਟੇਸ਼ਨ ਮੁਹਿੰਮ ਦਾ ਵੀ ਜਾਇਜ਼ਾ ਲਿਆ ਤੇ ਜੰਗਲਾਤ ਵਿਭਾਗ ਨੂੰ ਵੱਧ ਤੋਂ ਵੱਧ ਪੌਦੇ ਮੁੱਹਈਆ ਕਰਾਉਣ ਦੀ ਹਦਾਇਤ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਕਮ ਐਸਡੀਐਮ ਮਹਿਲ ਕਲਾਂ ਸਤਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ ਐਸਡੀਐਮ ਤਪਾ ਨਰਿੰਦਰ ਸਿੰਘ ਧਾਲੀਵਾਲ, ਐਸਡੀਐਮ ਬਰਨਾਲਾ ਗੋਪਾਲ ਸਿੰਘ, ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ ਤੇ ਹੋਰ ਵੱਖ ਵੱਖ ਅਧਿਕਾਰੀ ਹਾਜ਼ਰ ਸਨ।