ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ, 24 ਅਗਸਤ 2023
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਰ ਸੰਭਵ ਯਤਨ ਕਰ ਰਹੀ ਹੈ ਤੇ ਲੋਕਾਂ ਲਈ ਜ਼ਰੂਰੀ ਵਰਤੋਂ ਦੀਆਂ ਚੀਜ਼ਾਂ ਜਿਵੇਂ ਕਿ ਰਾਸ਼ਨ, ਪਸ਼ੂਆਂ ਦੀ ਫੀਡ, ਚਾਰਾ, ਦਵਾਈਆਂ ਆਦਿ ਲਗਾਤਾਰ ਪ੍ਰਭਾਵਿਤ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਮੁਹਈਆ ਕਰਵਾ ਰਹੀ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਹੜ੍ਹ ਪ੍ਰਭਾਵਿਤ ਪਿੰਡ ਨਿਹਾਲਾ ਲਵੇਰਾ, ਰੁਕਨੇਵਾਲਾ, ਧੀਰਾ ਘਾਰਾ ਵਿੱਚ ਰਾਹਤ ਕੰਮਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।
ਵਿਧਾਇਕ ਸ. ਭੁੱਲਰ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਕੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਪਸੀ ਸਹਿਯੋਗ ਨਾਲ ਹੀ ਕੁਦਰਤੀ ਆਫ਼ਤ ਨਾਲ ਨਜਿੱਠਿਆ ਜਾਵੇਗਾ। ਪ੍ਰਸ਼ਾਸਨ ਵੱਲੋਂ ਟੀਮਾਂ ਬਣਾ ਕੇ ਰਾਹਤ ਕਾਰਜ ਜਾਰੀ ਹਨ ਅਤੇ ਸਿਹਤ ਵਿਭਾਗ ਵੱਲੋਂ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਸੁਰੱਖਿਅਤ ਰੱਖਣਾ ਉਨ੍ਹਾਂ ਦੀ ਤਰਜੀਹ ਹੈ ਅਤੇ ਲੋਕਾਂ ਨੂੰ ਖਾਣ-ਪੀਣ, ਸਿਹਤ ਸੇਵਾਵਾਂ ਅਤੇ ਪਸ਼ੂਆਂ ਲਈ ਚਾਰੇ, ਇਲਾਜ ਦੀ ਘਾਟ ਨਹੀਂ ਆਵੇਗੀ। ਉਨ੍ਹਾਂ ਪਿੰਡਾਂ ਦੇ ਵਸਨੀਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡ ਵਾਸੀਆਂ ਨੂੰ ਹੜ੍ਹ ਰਾਹਤ ਕਾਰਜਾਂ ਵਿੱਚ ਆ ਰਹੀਆਂ ਮੁਸ਼ਕਲਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਜਾਵੇ।
ਵਿਧਾਇਕ ਸ. ਰਣਬੀਰ ਭੁੱਲਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਲੰਗਰ, ਮੈਡੀਕਲ ਸੇਵਾਵਾਂ, ਪਸ਼ੂਆਂ ਦਾ ਚਾਰਾ ਆਦਿ ਲਈ ਸਮੂਹ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ ਜਿਹੜੇ ਇਸ ਔਖੀ ਘੜੀ ਵਿੱਚ ਲੋਕਾਂ ਦੀ ਵੱਡੀ ਪੱਧਰ ‘ਤੇ ਮਦਦ ਕਰ ਰਹੇ ਹਨ ਅਤੇ ਸਰਕਾਰ ਤੇ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਰਾਹਤ ਕਾਰਜਾਂ ਵਿੱਚ ਯੋਗਦਾਨ ਪਾ ਰਹੇ ਹਨ।