ਹਰਪ੍ਰੀਤ ਕੌਰ ਬਬਲੀ, ਸੰਗਰੂਰ, 25 ਅਗਸਤ 2023
ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪ ਕੇ ਪੰਜਾਬ ਦੇ ਲੋਕ ਖੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ | ਪੰਜਾਬ ਦਾ ਵਿਕਾਸ ਸਿਰਫ ਇਸ਼ਤਿਹਾਰਾਂ ਤੱਕ ਸੀਮਿਤ ਹੈ, ਜਦੋਂਕਿ ਅਸਲੀਅਤ ਵਿੱਚ ਹਰ ਵਰਗ ਦੇ ਲੋਕ ਮੌਜੂਦਾ ਸਰਕਾਰ ਦੇ ਕਾਰਜਕਾਲ ਤੋਂ ਪੂਰੀ ਤਰ੍ਹਾਂ ਦੁਖੀ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਦੇ ਜਥੇਬੰਦਕ ਸਕੱਤਰ ਗੋਵਿੰਦ ਸਿੰਘ ਸੰਧੂ ਨੇ ਸੰਗਰੂਰ ਦੇ ਇੱਕ ਨਿੱਜੀ ਹੋਟਲ ਵਿਖੇ ਦਿੜ੍ਹਬਾ ਹਲਕੇ ਦੀਆਂ ਪੰਚਾਇਤਾਂ ਅਤੇ ਧੂਰੀ ਦੇ ਇੱਕ ਰਿਜੋਰਟ ਵਿਖੇ ਧੂਰੀ ਹਲਕੇ ਦੇ ਪੱਤਰਕਾਰਾਂ ਨਾਲ ਹੋਈਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ | ਦੋਵੇਂ ਮੀਟਿੰਗਾਂ ਵਿੱਚ ਸਬੰਧਤ ਹਲਕਿਆਂ ਦੀ ਲਗਭਗ ਸਮੂਹ ਪੰਚਾਇਤਾਂ ਦੇ ਨੁੰਮਾਇਦਿਆਂ ਨੇ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਜਿਆਦਤੀਆਂ ਬਾਰੇ ਚਾਨਣਾ ਪਾਇਆ |
ਦੋਵੇਂ ਮੀਟਿੰਗ ਵਿੱਚ ਹੋਏ ਪੰਚਾਇਤਾਂ ਦੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ. ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ਼ਤਿਹਾਰਾਂ ਵਿੱਚ ਨੌਕਰੀਆਂ ਦੇਣ ਅਤੇ ਹੋਰ ਵਿਕਾਸ ਕਾਰਜਾਂ ਦੇ ਕੀਤੇ ਜਾ ਰਹੇ ਦਾਅਵਿਆਂ ਦਾ ਸੱਚਾਈ ਨਾਲ ਦੂਰ-ਦੂਰ ਤੱਕ ਦਾ ਕੋਈ ਨਾਤਾ ਨਹੀਂ ਹੈ | ਪੰਜਾਬ ਸਰਕਾਰ ਸਿਰਫ ਨੋਟੰਕੀ ਢੰਗ ਨਾਲ ਸਟੰਟਬਾਜੀਆਂ ਅਤੇ ਬੇਫਜੂਲ ਮੁੱਦਿਆਂ ਵਿੱਚ ਪੰਜਾਬ ਦੇ ਲੋਕਾਂ ਨੂੰ ਉਲਝਾ ਕੇ ਰੱਖਣਾ ਚਾਹੁੰਦੀ ਹੈ | ਉਨ੍ਹਾਂ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦੇ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਲੋਕ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਪੰਚਾਇਤਾਂ ਤੋਂ ਖੋਹੇ ਹੱਕਾਂ ਨੂੰ ਵਾਪਸ ਦਿਵਾਉਣ ਲਈ ਹਰ ਸੰਭਵ ਸੰਘਰਸ਼ ਕਰੇਗਾ | ਉਨ੍ਹਾਂ ਸਮੂਹ ਪੰਚਾਇਤਾਂ ਨੂੰ ਨੋਟੀਫਿਕੇਸ਼ਨ ਜਾਰੀ ਹੋਣ ਕਰਕੇ ਆਪਣੇ- ਆਪਣੇ ਪਿੰਡਾਂ ਦੇ ਰੁਕੇ ਵਿਕਾਸ ਕਾਰਜਾਂ ਦਾ ਵੇਰਵਾ ਐਮ.ਪੀ. ਦਫਤਰ ਸੰਗਰੂਰ ਪਹੁੰਚਾਉਣ ਦੀ ਅਪੀਲ ਕੀਤੀ, ਤਾਂ ਜੋ ਐਮ.ਪੀ. ਸ. ਸਿਮਰਨਜੀਤ ਸਿੰਘ ਮਾਨ ਦੇ ਧਿਆਨ ਵਿੱਚ ਲਿਆ ਕੇ ਉਪਰੋਕਤ ਵਿਕਾਸ ਕਾਰਜਾਂ ਨੂੰ ਨੇਪਰੇ ਚੜਾਇਆ ਜਾ ਸਕੇ ਅਤੇ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਰਾਹਤ ਪਹੁੰਚਾਈ ਜਾ ਸਕੇ |
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਆਸੀ ਲਾਹਾ ਲੈਣ ਲਈ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਗੁਰੇਜ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਧਿਆਨ ਦੇਵੇ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਇੱਕ ਸਾਲ ਦੇ ਕਾਰਜਕਾਲ ਵਿੱਚ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਆਗਾਮੀ ਚੋਣਾਂ ਵਿੱਚ ਸਬਕ ਸਿਖਾਉਣ ਦਾ ਮਨ ਹੁਣੇ ਤੋਂ ਬਣਾ ਚੁੱਕੇ ਹਨ | ਉਨ੍ਹਾਂ ਲਾਠੀਚਾਰਜ ਦੌਰਾਨ ਕਿਸਾਨਾਂ ਦੀ ਮੌਤ ਲਈ ਵੀ ਪੰਜਾਬ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ | ਸ. ਸੰਧੂ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋ ਚੁੱਕੀ ਹੈ | ਜੇਕਰ ਜਲਦੀ ਹੀ ਪੰਜਾਬ ਸਰਕਾਰ ਨੇ ਇਸ ਨੂੰ ਸੁਧਾਰਨ ਵੱਲ ਧਿਆਨ ਨਾ ਦਿੱਤਾ ਤਾਂ ਹਾਲਾਤ ਕਾਬੂ ਤੋਂ ਬਾਹਰ ਹੋ ਸਕਦੇ ਹਨ, ਜਿਸਦੇ ਲਈ ਜਿੰਮੇਵਾਰ ਸਿਰਫ ਤੇ ਸਿਰਫ ਪੰਜਾਬ ਸਰਕਾਰ ਦੀ ਨਲਾਇਕੀ ਹੋਵੇਗੀ |
ਇਸ ਮੌਕੇ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਸ਼੍ਰੋਮਣੀ ਅਕਾਲੀ ਦਲ (ਅ) ਹਲਕਾ ਧੂਰੀ ਦੇ ਇੰਚਾਰਜ ਹਰਬੰਸ ਸਿੰਘ ਸਲੇਮਪੁਰ, ਬਿੱਕਰ ਸਿੰਘ ਚੌਹਾਨ, ਅਮਰਜੀਤ ਸਿੰਘ ਬਾਦਸ਼ਾਹਪੁਰ, ਜਗਤਾਰ ਸਿੰਘ ਖੇੜੀ, ਅਮਰੀਕ ਸਿੰਘ ਕਿਲਾ ਹਕੀਮਾਂ, ਸਾਧੂ ਸਿੰਘ ਪੇਧਨੀ, ਸਰਪੰਚ ਕੁਲਦੀਪ ਸਿੰਘ ਈਨਾਬਾਜਵਾ, ਬਲਜਿੰਦਰ ਸਿੰਘ ਮਿੱਠੂ ਸਰਪੰਚ ਲੱਡਾ, ਪ੍ਰਬੰਧਕੀ ਸਕੱਤਰ ਹਰਿੰਦਰ ਸਿੰਘ ਔਲਖ, ਦਫਤਰ ਸਕੱਤਰ ਕਰਨਵੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕਿਆਂ ਦੀਆਂ ਪੰਚਾਇਤਾਂ ਵੱਲੋਂ ਨੁੰਮਾਇੰਦੇ ਹਾਜਰ ਸਨ |