ਅਸ਼ੋਕ ਵਰਮਾ, ਬਠਿੰਡਾ , 28 ਅਗਸਤ 2023
ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਸੱਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਵਾਲੀਬਾਲ, ਰਗਬੀ ਤੇ ਰੱਸਾਕਸ਼ੀ ਦੇ ਪ੍ਰਦਰਸ਼ਨੀ ਮੈਚ ਖਿੱਚ ਦਾ ਕੇਂਦਰ ਹੋਣਗੇ। ਖੇਡਾਂ ਦਾ ਉਦਘਾਟਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕਰਨਗੇ ਅਤੇ ਵਾਲੀਬਾਲ ਮੈਚ ਵੀ ਖੇਡਣਗੇ। ਇਸੇ ਤਰ੍ਹਾਂ ਫਿਲਮੀ ਅਦਾਕਾਰ ਤੇ ਸਾਬਕਾ ਰਗਬੀ ਖਿਡਾਰੀ ਰਾਹੁਲ ਬੋਸ ਰਗਬੀ ਮੈਚ ਵਿੱਚ ਜੌਹਰ ਦਿਖਾਉਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਫਾਇਨਲ ਰਿਹਰਸਲ ਉਪਰੰਤ ਸਾਂਝੀ ਕੀਤੀ।
ਸ਼੍ਰੀ ਸ਼ੌਕਤ ਅਮਿਹਦ ਪਰੇ ਨੇ ਦੱਸਿਆ ਕਿ ਸਮਗਾਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਉਦਘਾਟਨੀ ਸਮਾਰੋਹ ਤੋਂ ਪਹਿਲਾਂ ਖੇਡਾਂ ਦੀ ਮਸ਼ਾਲ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਦਾ ਗੇੜਾ ਲਗਾਉਣ ਤੋਂ ਬਾਅਦ ਬਠਿੰਡਾ ਵਿਖੇ ਪੁੱਜੇਗੀ ਜਿਸ ਨੂੰ ਰੰਗਾਰੰਗ ਉਦਘਾਟਨੀ ਸਮਾਰੋਹ ਦੌਰਾਨ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਕੌਮਾਂਤਰੀ ਖਿਡਾਰੀਆਂ ਵੱਲੋਂ ਸਟੇਡੀਅਮ ਦਾ ਚੱਕਰ ਲਗਾ ਕੇ ਜਲਾਇਆ ਜਾਵੇਗਾ। ਮਾਰਚ ਪਾਸਟ ਵਿੱਚ ਸਾਰੇ ਜ਼ਿਲਿਆਂ ਦੇ ਖਿਡਾਰੀ ਹਿੱਸਾ ਲੈਣਗੇ ਅਤੇ ਖਿਡਾਰੀਆਂ ਵੱਲੋਂ ਸੱਚੀ-ਸੁੱਚੀ ਖੇਡ ਭਾਵਨਾ ਨਾਲ ਖੇਡਣ ਦੀ ਸਹੁੰ ਚੁੱਕੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਉਦਘਾਟਨੀ ਸਮਾਰੋਹ ਮੌਕੇ ਇਨ੍ਹਾਂ 1807 ਖਿਡਾਰੀਆਂ ਨੂੰ ਕੁੱਲ 5.94 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। ਇਹ ਖਿਡਾਰੀ ਸੂਬਾ, ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਤਮਗ਼ੇ ਜਿੱਤ ਕੇ ਸੂਬੇ ਦਾ ਨਾਮ ਰੌਸ਼ਨ ਕਰ ਚੁੱਕੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਲੋਕ ਗਾਇਕਾਂ ਕੁਲਵਿੰਦਰ ਬਿੱਲਾ, ਹਰਜੀਤ ਹਰਮਨ, ਯਾਸਿਰ ਹੁਸੈਨ, ਦਰਸ਼ਨਜੀਤ ਦੀ ਪੇਸ਼ਕਾਰੀ ਤੋਂ ਇਲਾਵਾ ਗੱਤਕਾ, ਗਿੱਧਾ, ਭੰਗੜਾ, ਜਿਮਨਾਸਟਕ ਤੇ ਪੀ.ਟੀ.ਸ਼ੋਅ ਹੋਵੇਗਾ। ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਸਾਬਕਾ ਖਿਡਾਰੀ ਵੀ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖੇਡਾਂ ਦਾ ਰਸਮੀ ਐਲਾਨ ਕਰਨਗੇ ਜਿਸ ਤੋਂ ਬਾਅਦ ਇਹ ਖੇਡਾਂ ਸ਼ੁਰੂ ਹੋ ਜਾਣਗੀਆਂ। ਇਸ ਵਾਰ ਵੱਖ-ਵੱਖ ਅੱਠ ਉਮਰ ਵਰਗਾਂ ਵਿੱਚ 35 ਖੇਡਾਂ ਦੇ ਮੁਕਾਬਲੇ ਬਲਾਕ ਤੋਂ ਰਾਜ ਪੱਧਰ ਤੱਕ ਕਰਵਾਏ ਜਾਣਗੇ। ਸੂਬਾ ਪੱਧਰ ਦੇ ਜੇਤੂਆਂ ਨੂੰ ਕੁੱਲ 7 ਕਰੋੜ ਰੁਪਏ ਦੇ ਇਨਾਮ ਵੀ ਦਿੱਤੇ ਜਾਣਗੇ।
ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਓਐਸਡੀ ਸ. ਕਰਮਵੀਰ ਸਿੰਘ ਬਰਾੜ, ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਵਾਇਸ ਚਾਂਸਲਰ ਲੈਫ਼. ਜਨਰਲ ਡਾ. ਜਗਬੀਰ ਸਿੰਘ ਚੀਮਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਮੈਡਮ ਲਵਜੀਤ ਕਲਸੀ, ਐਸਪੀ ਜੀਐਸ ਸੰਘਾ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਪੰਕਜ ਕੁਮਾਰ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਪਰਮਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।