ਅਨੁਭਵ ਦੂਬੇ, ਚੰਡੀਗੜ੍ਹ, 30 ਅਗਸਤ 2023
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹੜਤਾਲ ਤੇ ਜਾਣ ਵਾਲੇ ਮੁਲਾਜ਼ਮਾਂ ਦੇ ਖਿਲਾਫ਼ ਵੱਡਾ ਐਕਸ਼ਨ ਲੈਂਦੇ ਹੋਏ, ਉਨ੍ਹਾਂ ਤੇ ESMA ਲਗਾਉਣ ਦੇ ਹੁਕਮ ਦੇ ਦਿੱਤੇ ਹਨ । ਇਸ ਬਾਰੇ ਸੀ.ਐਮ. ਵਲੋਂ ਚੀਫ਼ ਸੈਕਟਰੀ ਨੂੰ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਵਰਣਨਯੋਗ ਹੈ ਕਿ, ਮੁੱਖ ਮੰਤਰੀ ਮਾਨ ਨੇ ਇਹ ਟਵੀਟ , ਪਟਵਾਰ ਅਤੇ ਕਾਨੂੰਨਗੋ ਯੂਨੀਅਨ ਪੰਜਾਬ ਦੁਆਰਾ 1 ਸਤੰਬਰ ਤੋਂ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਜਾ ਰਹੀ ਹੜਤਾਲ ਅਤੇ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ 11/12/13 ਸਤੰਬਰ ਨੂੰ ਕਲਮਛੋੜ ਹੜਤਾਲ ਕਰਨ ਦਾ ਐਲਾਨ ਤੋਂ ਬਾਅਦ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ:- ਸੀ.ਐਮ. ਮਾਨ ਨੇ ਟਵੀਟ ਕਰਕੇ ਅੱਜ ਸਾਫ਼ ਸ਼ਬਦਾਂ ਵਿਚ ਲਿਖਿਆ ਹੈ ਕਿ, ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ, ਪਟਵਾਰੀ..ਕਾਨੂੰਨਗੋ..ਕਿਸੇ ਰਿਸ਼ਵਤ ਮਾਮਲੇ ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ਚ..ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਚ ਕਲਮ ਛੋੜ੍ਹ ਹੜਤਾਲ ਕਰਨਗੇ..ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ..ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਨੇ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਨੇ..ਪੰਜਾਬ ਦੇ ਲੋਕਾਂ ਦੀ ਖੱਜਲ ਖੁਆਰੀ ਨਹੀ ਹੋਣ ਦਿੱਤੀ ਜਾਵੇਗੀ।
ਮੁੱਖ ਮੰਤਰੀ ਦੇ ਟਵੀਟ ਤੋਂ ਭੜਕੇ ਮੁਲਾਜ਼ਮ
ਯੂਨੀਅਨ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਕਿਹਾ ਕਿ ਯੂਨੀਅਨ ਮੁੱਖ ਮੰਤਰੀ ਦੀਆਂ ‘ਧਮਕੀਆਂ’ ਤੋਂ ਡਰਨ ਵਾਲੀ ਨਹੀਂ ਅਤੇ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਕਲਮਛੋੜ ਹੜਤਾਲ ਜਰੂਰ ਕਰਨਗੇ। ਢੀਂਡਸਾ ਨੇ ਕਿਹਾ ਕਿ ਅੱਜ ਸੀਐਮ ਹਾਊਸ ਵਿਖੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨਾਲ ਉਨ੍ਹਾਂ ਦੀ ਯੂਨੀਅਨ ਦੀ ਮੀਟਿੰਗ ਹੋਣੀ ਤੈਅ ਸੀ । ਪਰ ਰੱਖੜੀ ਕਾਰਨ ਉਨ੍ਹਾਂ ਦੀ ਵੀਰਵਾਰ ਨੂੰ ਮੀਟਿੰਗ ਤੈਅ ਕੀਤੀ ਗਈ ਸੀ । ਉਨ੍ਹਾਂ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਇੱਕ ਪਾਸੇ ਮੁੱਖ ਮੰਤਰੀ ਹਾਊਸ ਨੇ ਉਨ੍ਹਾਂ ਦੀਆਂ ਮੰਗਾਂ ਸੁਣਨ ਲਈ ਬੁਲਾਇਆ ਹੈ ਅਤੇ ਦੂਜੇ ਪਾਸੇ ਮੁੱਖ ਮੰਤਰੀ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਹਨ । ਆਪਣੇ ਸਾਥੀ ‘ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਬਾਰੇ ਢੀਂਡਸਾ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਦੇ ਸਹਿਯੋਗੀ ਵਿਰੁੱਧ ਐਫਆਈਆਰ ਦਰਜ ਕੀਤੀ ਹੈ ਅਤੇ ਐਫਆਈਆਰ ਵਿੱਚ ਕਿਤੇ ਵੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਜ਼ਿਕਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਐਫਆਈਆਰ ਪੂਰੀ ਤਰ੍ਹਾਂ ਬੇਬੁਨਿਆਦ ਹੈ ਅਤੇ ਉਹ ਇਸ ਦਾ ਵਿਰੋਧ ਕਰਨਗੇ। ਢੀਂਡਸਾ ਨੇ ਕਿਹਾ ਕਿ ਜੇਕਰ ਸਰਕਾਰ ਵੀਰਵਾਰ ਦੀ ਤੈਅ ਮੀਟਿੰਗ ਵਿੱਚ ਮੰਗਾਂ ਦਾ ਹੱਲ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਉਨ੍ਹਾਂ ਦੀ ਯੂਨੀਅਨ ਆਪਣੀ ਯੋਜਨਾ ਅਨੁਸਾਰ 1 ਸਤੰਬਰ ਤੋਂ ਹੜਤਾਲ ਸ਼ੁਰੂ ਕਰੇਗੀ।