ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 4 ਸਤੰਬਰ 2023
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਅਤੇ ਨਿਪਟਾਰੇ ਲਈ ਜ਼ਿਲ੍ਹੇ ਵਿੱਚ ਇੱਕ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਵੇ ਕਿਉਂਕਿ ਝੋਨੇ ਦੀ ਕਟਾਈ ਦਾ ਸੀਜ਼ਨ ਵੀ ਨੇੜੇ ਆ ਰਿਹਾ ਹੈ। ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਵਿੱਚ ਵਿਭਾਗੀ ਅਧਿਕਾਰੀਆਂ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਜਾਣ ਅਤੇ ਜ਼ਿਲ੍ਹੇ ਦੇ ਕਿਸਾਨ ਵੀ ਆਪਣਾ ਸਹਿਯੋਗ ਦੇਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐੱਸ. ਨੇ ਜ਼ਿਲ੍ਹੇ ਦੇ ਗਊਸ਼ਾਲਾਵਾਂ, ਇੰਡਸਟਰੀ ਅਤੇ ਖੇਤੀਬਾੜੀ ਦੇ ਪ੍ਰਬੰਧਕਾਂ ਨਾਲ ਰੱਖੀ ਵਿਸ਼ੇਸ਼ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਗਊਸ਼ਾਲਾਵਾਂ ਵਿੱਚ ਪਰਾਲੀ ਦਾ ਵੱਧ ਤੋਂ ਵੱਧ ਸਟੋਰ ਕੀਤਾ ਜਾਵੇ ਕਿਉਂਕਿ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਮੇਸਾ ਮਦਦ ਲਈ ਤਿਆਰ ਹੈ ਤੇ ਕੋਈ ਵੀ ਮਦਦ ਲਈ ਲੋੜ ਹੈ ਤਾਂ ਬੇਝਿਜਕ ਹੋ ਕੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਕੁਤਰਨ ਵਾਲੇ ਟੋਕੇ ਉੱਪਰ ਵੀ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਦਿੱਤੀ ਜਾ ਰਹੀ ਹੈ ਤੇ ਜੇਕਰ ਟੋਕਾ 2 ਲੱਖ 40 ਹਜ਼ਾਰ ਰੁਪਏ ਦਾ ਹੈ ਤਾਂ ਉਸ ਉੱਪਰ 80 ਹਜ਼ਾਰ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਗਊਸ਼ਾਲਾ ਨੂੰ ਟੋਕੇ ਦੀ ਲੋੜ ਹੈ ਤਾਂ ਉਹ ਇਹ ਸਬਸਿਡੀ ਵਾਲਾ ਟੋਕਾ ਖਰੀਦ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਤੋਂ ਖਾਦ ਬਣਾਉਣ ਲਈ ਇੰਡਸਟਰੀ ਲਗਾਉਣ ਤੇ 60 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਂਦੀ ਹੈ ਤੇ ਜੋ ਵੀ ਚਾਹਵਾਨ ਹਨ ਉਹ ਇੰਡਸਟਰੀ ਲਗਾ ਕੇ ਪਰਾਲੀ ਨੂੰ ਸਟੋਰ ਕਰਕੇ ਖਾਦ ਬਣਾ ਕੇ ਵੇਚ ਸਕਦੇ ਹਨ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਕਿਸਾਨਾਂ ਨਾਲ ਰਾਬਤਾ ਕਾਇਮ ਕੀਤਾ ਜਾਵੇ ਤਾਂ ਜੋ ਪਹਿਲਾ ਤੋਂ ਹੀ ਪਤਾ ਲੱਗ ਸਕੇ ਕਿ ਪਰਾਲੀ ਹੇਠ ਕਿੰਨਾ ਰਕਬਾ ਹੈ ਤੇ ਕਿਸਾਨ ਆਪਣੀ ਝੋਨੇ ਦੀ ਪਰਾਲੀ ਨੂੰ ਵੇਚਣ ਲਈ ਸਹਿਮਤ ਹਨ ਤੇ ਕਿਸ ਕੀਮਤ ਤੇ ਸਹਿਮਤ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀ ਜਾਣਕਾਰੀ ਉਨ੍ਹਾਂ ਨੂੰ ਮੁਹੱਈਆ ਕਰਵਾਈ ਜਾਵੇ ਤਾਂ ਜੋ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਕਿਹਾ ਕਿ ਵੱਧ ਤੋਂ ਵੱਧ ਕੈਂਪ ਲਗਾ ਕੇ ਪਰਾਲੀ ਨੂੰ ਅੱਗ ਲਗਾਉਣ ਤੋਂ ਹੁੰਦੇ ਨੁਕਸਾਨਾਂ ਬਾਰੇ ਅਤੇ ਪਰਾਲੀ ਖੇਤ ਵਿੱਚ ਵਿੱਚ ਵਾਹੁਣ ਨਾਲ ਹੁੰਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ ਜਾਵੇ।
ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸੜਨ ਤੋਂ ਤਾਂ ਹੀ ਰੁਕ ਸਕਦੀ ਹੈ ਜੇਕਰ ਕਿਸਾਨ ਤੇ ਸਾਰੇ ਰਲ ਕੇ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਦੀਆਂ ਗੱਠਾਂ ਬਣਾ ਕੇ ਖੇਤਾਂ ਵਿੱਚੋਂ ਚੁਕਵਾ ਸਕਦੇ ਹਨ ਤੇ ਪਰਾਲੀ ਨੂੰ ਖੇਤਾਂ ਵਿੱਚ ਵਾਹ ਵੀ ਸਕਦੇ ਹਨ ਕਿਉਂਕਿ ਅਜਿਹਾ ਕਰਨ ਨਾਲ ਜਮੀਨ ਦੀ ਉਪਜਾਊ ਸਕਤੀ ਤਾਂ ਵਧਦੀ ਹੈ ਨਾਲ ਹੀ ਵਾਤਾਵਰਨ ਵੀ ਪ੍ਰਦੂਸ਼ਿਤ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ ਸੁਥਰਾ ਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਪਰਾਲੀ ਨੂੰ ਸਾੜਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੀ ਪਰਾਲੀ ਨੂੰ ਖੇਤਾਂ ਵਿੱਚ ਵਾਹੁਣ ਵਾਲੀਆਂ ਮਸ਼ੀਨਾਂ ਤੇ ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾਂਦੀ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਚੀਮਾ ਸਮੇਤ ਗਊਸ਼ਾਲਾਵਾਂ ਦੇ ਪ੍ਰਬੰਧਕ ਅਤੇ ਵੱਖ-ਵੱਖ ਉਦਯੋਗਪਤੀ ਸ਼ਾਮਲ ਸਨ।