ਰਘਬੀਰ ਹੈਪੀ, ਬਰਨਾਲਾ, 11 ਸਤੰਬਰ 2023
ਜ਼ਿਲ੍ਹਾ ਬਰਨਾਲਾ ਦੇ ਤਿੰਨ ਸਕੂਲਾਂ ਵਿੱਚ ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਨੂੰ ਦਿੱਤੀ ਜਾ ਰਹੀ ਸਿਖਲਾਈ ਸਫਲਤਾਪੂਰਵਕ ਸਮਾਪਤ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸ਼ਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਬਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਐਸਸੀਆਰਟੀ ਦੀ ਸੁਚੱਜੀ ਅਗਵਾਈ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਪੰਜਾਬੀ, ਅੰਗਰੇਜ਼ੀ ਅਤੇ ਗਣਿਤ ਵਿਸ਼ਾ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲ੍ਹੇ ਦੇ ਤਿੰਨ ਬਲਾਕਾਂ ਦੇ ਅਧਿਆਪਕਾਂ ਦੀ ਟ੍ਰੇਨਿੰਗ ਲਈ ਪ੍ਰਿੰਸੀਪਲ ਹਰੀਸ਼ ਬਾਂਸਲ ਦੀ ਅਗਵਾਈ ਵਿੱਚ ਸਕੂਲ ਆਫ਼ ਐਮੀਨੇਂਸ ਏਮਿਨੇਂਸ ਬਰਨਾਲਾ ਪ੍ਰਿੰਸੀਪਲ ਵਿਨਸੀ ਜਿੰਦਲ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਰਨਾਲਾ ਅਤੇ ਸਕੂਲ ਇੰਚਾਰਜ ਰਾਜੇਸ਼ ਕੁਮਾਰ ਦੀ ਅਗਵਾਈ ਵਿੱਚ ਸਰਕਾਰੀ ਹਾਈ ਸਕੂਲ ਸੰਘੇੜਾ ਵਿਖੇ ਟ੍ਰੇਨਿੰਗ ਸੈਂਟਰ ਸਥਾਪਿਤ ਕੀਤੇ ਗਏ। ਉਨ੍ਹਾਂ ਕਿਹਾ ਕਿ ਇਹ ਟ੍ਰੇਨਿੰਗ ਲੈਣ ਤੋਂ ਬਾਅਦ ਅਧਿਆਪਕ ਆਪਣੇ ਆਪਣੇ ਸਕੂਲਾਂ ਵਿੱਚ ਜਾ ਕੇ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਬੱਚਿਆਂ ਦੀ ਅੰਗਰੇਜ਼ੀ, ਪੰਜਾਬੀ ਅਤੇ ਗਣਿਤ ਵਿਸ਼ੇ ਦੀ ਟੈਸਟਿੰਗ ਕਰਨਗੇ ਅਤੇ ਉਨ੍ਹਾਂ ਦਾ ਸਿੱਖਿਆ ਪੱਧਰ ਪਤਾ ਕਰਕੇ ਉਸ ਅਨੁਸਾਰ ਉਨ੍ਹਾਂ ਨੂੰ ਵੱਖ ਵੱਖ ਗਤੀਵਿਧੀਆਂ ਰਾਹੀਂ ਪੜ੍ਹਾਈ ਕਰਵਾ ਕੇ ਸਿੱਖਿਆ ਪੱਧਰ ਨੂੰ ਉੱਚਾ ਚੁੱਕਣਗੇ।
ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪੜ੍ਹਾਈ ਵਿੱਚ ਕਮਜ਼ੋਰ ਬੱਚਿਆਂ ਦੇ ਸਿੱਖਿਆ ਪੱਧਰ ਨੂੰ ਉੱਚਾ ਚੁੱਕਣ ਵਿੱਚ ਬਹੁਤ ਮਦਦਗਾਰ ਸਾਬਤ ਹੋਵੇਗਾ। ਇਸ ਮੌਕੇ ਅੰਗਰੇਜ਼ੀ ਅਧਿਆਪਕਾ ਹਰਪ੍ਰੀਤ ਕੌਰ, ਜ਼ਿਲ੍ਹਾ ਰਿਸਰੋਸ ਪਰਸਨ ਗੁਰਪਾਲ ਸਿੰਘ, ਜਗਦੀਸ਼ ਸਿੰਘ ਅਤੇ ਹਰਦੀਪ ਕੁਮਾਰ, ਤੇਜਿੰਦਰ ਸ਼ਰਮਾ, ਰਾਖੀ ਜੋਸ਼ੀ, ਹਰਵਿੰਦਰ ਸਿੰਘ, ਸਾਰਿਕਾ ਜਿੰਦਲ, ਮਨਪ੍ਰੀਤ ਸਿੰਘ, ਹਰਬਚਨ ਸਿੰਘ, ਰਣਜੀਤ ਸਿੰਘ, ਰਾਜੇਸ਼ ਕੁਮਾਰ, ਜੀਵਨ ਜਯੋਤੀ ਅਤੇ ਦੀਪਕ ਕੁਮਾਰ, ਨੀਰਾ ਗਰਗ ਵੱਲੋਂ ਅਧਿਆਪਕਾਂ ਨੂੰ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।