ਰਿਚਾ ਨਾਗਪਾਲ,ਪਟਿਆਲਾ, 15 ਸਤੰਬਰ 2023
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਨਗਰ ਨਿਗਮ ਪਟਿਆਲਾ ਅਤੇ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਸੁਚੇਤ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਅਤੇ ਲੋਕਾਂ ਨੂੰ ਪਾਣੀ ਦੀ ਜਾਂਚ ਕਰਨ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਭ ਤੋਂ ਜ਼ਰੂਰੀ ਹੈ ਕਿ ਲੋਕਾਂ ਨੂੰ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਇਸ ਦੇ ਕਾਰਨਾਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਪਾਣੀ ਦੀ ਜਾਂਚ ਕਰਨ ਸਬੰਧੀ ਵੀ ਦੱਸਿਆ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਖੇਤਰ ਵਿੱਚ ਕੁਝ ਲੋਕਾਂ ਨੂੰ ਪਾਣੀ ਦੇ ਸੈਂਪਲਾਂ ਦੀ ਜਾਂਚ ਕਰਨਾ ਸਿਖਾਇਆ ਜਾਵੇ ਤਾਂ ਕਿ ਉਹ ਸਮੇਂ ਸਮੇਂ ‘ਤੇ ਆਪ ਵੀ ਪਾਣੀ ਦੀ ਜਾਂਚ ਕਰ ਸਕਣ।
ਮੀਟਿੰਗ ਦੌਰਾਨ ਉਨ੍ਹਾਂ ਨਗਰ ਨਿਗਮ ਤੇ ਨਗਰ ਕੌਂਸਲਾਂ ਨੂੰ ਸੀਵਰੇਜ ਦੀ ਸਫ਼ਾਈ ਅਤੇ ਸੀਵਰੇਜ ਦੀਆਂ ਲਾਈਨਾਂ ‘ਚ ਗੈਸ ਬਣਨ ਸਬੰਧੀ ਸਮੇਂ ਸਮੇਂ ‘ਤੇ ਚੈਕਿੰਗ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਪ੍ਰਾਈਵੇਟ ਕਲੋਨਾਈਜ਼ਰ ਵੱਲੋਂ ਕਲੋਨੀਆਂ ਵਿੱਚ ਪਾਏ ਗਏ ਸੀਵਰੇਜ ਦੇ ਨਕਸ਼ੇ ਵੀ ਲਏ ਜਾਣ ਤਾਂ ਜੋ ਕਿਸੇ ਵੀ ਸੀਵਰੇਜ ਦੀ ਸਮੱਸਿਆ ਸਮੇਂ ਉਸ ਦਾ ਢੁਕਵਾਂ ਹੱਲ ਕੀਤਾ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੱਖ-ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੇ ਪ੍ਰੋਗਰਾਮਾਂ ਨੂੰ ਲਾਗੂ ਕਰਨ ‘ਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮਹੀਨਾਵਾਰ ਮੀਟਿੰਗ ਦੌਰਾਨ ਉਨ੍ਹਾਂ ਬਿਲਡਿੰਗ ਪਲਾਨ, ਵਾਟਰ ਸਪਲਾਈ ਤੇ ਸੀਵਰੇਜ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸੋਲਿਡ ਵੈਸਟ ਮੈਨੇਜਮੈਂਟ ਸਮੇਤ ਵੱਖ ਵੱਖ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਵੀ ਲਿਆ।