ਬੇਅੰਤ ਬਾਜਵਾ,ਲੁਧਿਆਣਾ, 16 ਸਤੰਬਰ 2023
ਵਿਧਾਨ ਸਭਾ ਚੌਣਾਂ ਦੌਰਾਨ ਦਿੱਤੀਆਂ ਗਾਰੰਟੀਆਂ ਨੂੰ, ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਜਿਸ ਵਿੱਚ ਰੋਜ਼ਗਾਰ ਲਈ ਦਰ – ਦਰ ਦੀਆਂ ਠੋਕਰਾਂ ਖਾ ਰਹੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ, ਮੁਫਤ ਬਿਜਲੀ ਅਤੇ ਬਿਹਤਰ ਸਿਹਤ ਸੇਵਾਵਾਂ ਲਈ ਸੂਬੇ ਭਰ ਵਿੱਚ ਆਮ ਆਦਮੀ ਕਲੀਨਿੰਗ ਖੋਲ੍ਹੇ ਗਏ ਜਿੱਥੇ ਲੋਕ ਆਪਣਾ ਮੁਫ਼ਤ ਇਲਾਜ਼ ਕਰਵਾ ਰਹੇ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਅੱਜ ਆਪਣੇ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਵਿਧਾਇਕ ਗਰੇਵਾਲ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਭ ਤੋਂ ਵੱਡੀ ਦਿੱਕਤ ਬਿਜਲੀ ਦੇ ਮੀਟਰ ਲਗਾਉਣ ਲਈ ਆ ਰਹੀ ਸੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਆਪਣਾ ਘਰ ਤਾਂ ਔਖਾ ਸੌਖਾ ਹੋ ਕੇ ਬਣਾ ਲੈਂਦਾ ਸੀ ਪਰ ਬਿਜਲੀ ਵਿਭਾਗ ਵਲੋਂ ਮੀਟਰ ਲਗਾਉਣ ਲਈ ਨੌ ਆਬਜੈਕਸ਼ਨ ਸਰਟੀਫਿਕੇਟ (ਐਨ.ਓ.ਸੀ.) ਦੀ ਮੰਗ ਕੀਤੀ ਜਾਂਦੀ ਸੀ ਜਿਸ ਲਈ ਉਸ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਭਰ ਤੋਂ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਸਾਹਮਣੇ ਮੰਗ ਰੱਖੀ ਗਈ ਸੀ ਕਿ ਬਿਜਲੀ ਮੀਟਰ ਲਗਾਉਣ ਦੀਆਂ ਸ਼ਰਤਾਂ ਵਿੱਚ ਕੁਝ ਨਰਮੀ ਲਿਆਂਦੀ ਜਾਵੇ ਤਾਂ ਜੋ ਆਮ ਪਰਿਵਾਰਾਂ ਨੂੰ ਇਸ ਦਾ ਖਮਿਆਜ਼ਾ ਨਾ ਭੁਗਤਣਾ ਪਵੇ ਅਤੇ ਇੱਕ ਨਵੇਂ ਬਣਾਉਣ ਵਾਲੇ ਘਰ ਵਿੱਚ ਇੱਕ ਆਮ ਪਰਿਵਾਰ ਦਾ ਘਰ ਵੀ ਬਿਜਲੀ ਨਾਲ ਰੌਸ਼ਨ ਕਰ ਸਕੇ। ਵਿਧਾਇਕ ਗਰੇਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੀ ਇਸ ਮੰਗ ਨੂੰ ਜਾਇਜ਼ ਠਹਿਰਾਉਂਦੇ ਹੋਏ ਮੀਟਰ ਲਗਾਉਣ ਲਈ ਐਨ.ਓ.ਸੀ. ਦੀ ਸ਼ਰਤ ਨੂੰ ਹਟਾ ਦਿੱਤਾ ਗਿਆ ਹੈ, ਜਿਸ ਦੇ ਲਈ ਜਲਦ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਮੀਟਰ ਲਗਾਉਣ ਲਈ ਐਨ.ਓ.ਸੀ. ਦੀ ਸ਼ਰਤ ਹਟਾਉਣ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ । ਵਿਧਾਇਕ ਗਰੇਵਾਲ ਨੇ ਕਿਹਾ ਕਿ ਉਦਯੋਗ ਨਾਲ ਸਬੰਧਤ ਵੀ ਕੁਝ ਮੰਗਾਂ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਹਰੀ ਝੰਡੀ ਦਿੱਤੀ ਗਈ ਹੈ , ਜਿਸ ਨਾਲ ਸ਼ਹਿਰ ਵਾਸੀਆਂ ਨੂੰ ਹੀ ਨਹੀਂ ਪੂਰੇ ਸੂਬੇ ਭਰ ਦੇ ਵਪਾਰੀ ਵਰਗ ਨੂੰ ਵੱਡੀ ਰਾਹਤ ਮਿਲੇਗੀ। ਵਿਧਾਇਕ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਇਸ ਸਰਕਾਰ ਵਿੱਚ ਫੈਸਲਾ ਲੈਣ ਤੋਂ ਪਹਿਲਾਂ ਆਮ ਲੋਕਾਂ ਨਾਲ ਹੀ ਵਿਚਾਰ ਕੀਤਾ ਜਾਂਦਾ ਹੈ ਅਤੇ ਫੇਰ ਫੈਸਲਾ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।