ਰਘਬੀਰ ਹੈਪੀ,ਬਰਨਾਲਾ, 19 ਸਤੰਬਰ 2023
ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਸੰਗਠਨ ਵਲੋਂ ਦੇਸ਼ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਤਹਿਤ ਅੰਮ੍ਰਿਤ ਕਲਸ਼ ਯਾਤਰਾ ਕੱਢੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਜ਼ਿਲ੍ਹਾ ਯੂਥ ਅਫ਼ਸਰ ਹਰਸ਼ਰਨ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਯੂਥ ਕਲੱਬਾਂ ਅਤੇ ਰਾਸ਼ਟਰੀ ਯੁਵਾ ਵਲੰਟੀਅਰ ਦੇ ਸਹਿਯੋਗ ਨਾਲ ਅੰਮ੍ਰਿਤ ਕਲਸ਼ ਯਾਤਰਾ ਕੱਢੀ ਜਾ ਰਹੀ ਹੈ।
ਯੂਥ ਅਫ਼ਸਰ ਹਰਸ਼ਰਨ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੇ ਪਹਿਲੇ ਪੜਾਅ ਵਿੱਚ ਹਰ ਗ੍ਰਾਮ ਪੰਚਾਇਤ ਵਿੱਚ ਬੂਟੇ ਲਗਾਏ ਗਏ ਸਨ। ਹੁਣ ਇਸ ਮੁਹਿੰਮ ਦੇ ਦੂਜੇ ਪੜਾਅ ਵਿੱਚ ਕਲਸ਼ ਵਿੱਚ ਮਿੱਟੀ ਇਕੱਠੀ ਕੀਤੀ ਜਾ ਰਹੀ ਹੈ। ਇਸ ਨੂੰ ਪਹਿਲਾਂ ਪਿੰਡ ਪੱਧਰ ‘ਤੇ ਇੱਕਠਾ ਕੀਤਾ ਜਾਵੇਗਾ ਅਤੇ ਫੇਰ ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ। ਇਸ ਤੋਂ ਬਾਅਦ ਮਿੱਟੀ ਨੂੰ ਦਿੱਲੀ ਵਿਖੇ ਭੇਜਿਆ ਜਾਵੇਗਾ ਜਿਥੇ ਕਿ ਦੇਸ਼ ਭਰ ਤੋਂ ਆਈ ਮਿੱਟੀ ਨੂੰ ਰਲਾ ਕੇ ਅੰਮ੍ਰਿਤ ਵਾਟਿਕਾ ਦਾ ਨਿਰਮਾਣ ਕੀਤਾ ਜਾਣਾ ਹੈ। ਅੰਮ੍ਰਿਤ ਵਾਟਿਕਾ ਦੇ ਨਿਰਮਾਣ ਨਾਲ ਸਾਡੇ ਦੇਸ਼ ਦੀ ਸੁਰੱਖਿਆ ਦੀ ਖਾਤਰ ਆਪਣੀ ਜਾਨ ਗਵਾਉਣ ਵਾਲੇ ਸੂਰਬੀਰਾਂ ਨੂੰ ਯਾਦ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ।
ਇਸ ਮੌਕੇ ਪੱਖੋਂ ਕਲਾਂ ਵਿਖੇ ਰਾਸ਼ਟਰੀ ਯੁਵਾ ਵਲੰਟੀਅਰ ਜੀਵਨ ਸਿੰਘ ਵਲੋਂ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੇ ਐਨ ਐਸ ਐਸ ਵਿਭਾਗ ਦੇ ਸਹਿਯੋਗ ਨਾਲ ਪਿੰਡ ਵਿੱਚ ਅੰਮ੍ਰਿਤ ਕਲਸ਼ ਯਾਤਰਾ ਕੱਢੀ ਗਈ ਅਤੇ ਕਲਸ਼ ਵਿੱਚ ਮਿੱਟੀ ਇਕੱਠੀ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਇਹ ਭਾਰਤ ਸਰਕਾਰ ਵਲੋਂ ਦੇਸ਼ ਦੇ ਸੈਨਿਕਾਂ ਜੋ ਦੇਸ਼ ਦੀ ਸੁਰੱਖਿਆ ਲਈ ਆਪਣੀ ਜਾਨ ਕੁਰਬਾਨ ਕਰ ਗਏ, ਨੂੰ ਸ਼ਰਧਾਂਜਲੀ ਭੇਟ ਕਰਨ ਦਾ ਕਦਮ ਹੈ। ਐਨ ਐਸ ਐਸ ਪ੍ਰੋਗਰਾਮ ਅਫਸਰ ਗੁਰਦੀਪ ਸਿੰਘ ਅਤੇ ਵੀਰਪਾਲ ਕੌਰ ਨੇ ਕਿਹਾ ਕਿ ਸਾਨੂੰ ਆਪਣੇ ਸੈਨਿਕਾਂ ਉੱਤੇ ਮਾਣ ਹੈ, ਜਿਹੜੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਦੇਸ਼ ਦੀ ਰਾਖੀ ਕਰਦੇ ਹਨ। ਇਸ ਮੌਕੇ ਜੀਵਨ ਸਿੰਘ ਤੇ ਰਘਵੀਰ ਸਿੰਘ ਆਦਿ ਹਾਜ਼ਿਰ ਸਨ।