ਅਸ਼ੋਕ ਵਰਮਾ , ਬਠਿੰਡਾ, 20 ਸਤੰਬਰ 2023
ਬਠਿੰਡਾ ਦੇ ਕੈਨਾਲ ਕਲੋਨੀ ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿੱਚ ਦੋ ਲੜਕੀਆਂ ਦਾ ਆਪਸ ਵਿੱਚ ਵਿਆਹ ਕਰਵਾਉਣ ਦਾ ਮਾਮਲਾ ਹੁਣ ਤੂਲ ਫੜਦਾ ਨਜ਼ਰ ਆ ਰਿਹਾ ਹੈ। ਮਾਮਲਾ ਗਰਮਾਉਣ ਤੋਂ ਬਾਅਦ ਵਿਆਹ ਸਮੇਂ ਆਨੰਦ ਕਾਰਜ ਕਰਵਾਉਣ ਵਾਲੇ ਗ੍ਰੰਥੀ ਨੇ ਦੋਵੇਂ ਹੱਥ ਖੜ੍ਹੇ ਕਰਕੇ ਮੁਆਫੀ ਮੰਗੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਸ ਮਾਮਲੇ ਵਿੱਚ ਸਖ਼ਤ ਰੁੱਖ ਅਖਤਿਆਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੇ ਵਿਰੋਧ ਵਿੱਚ ਕਮੇਟੀ ਨੇ ਗੁਰਦੁਆਰਾ ਸਾਹਿਬ ਵਿੱਚ ਪਹੁੰਚ ਕੇ ਵਿਆਹ ਕਰਵਾਉਣ ਵਾਲੇ ਗ੍ਰੰਥੀ ਸਿੰਘ ਖ਼ਿਲਾਫ਼ ਕਾਰਵਾਈ ਕਰਨ ਸਬੰਧੀ ਪੁਲੀਸ ਨੂੰ ਸ਼ਿਕਾਇਤ ਵੀ ਦਿੱਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਆਪਣੇ ਪੱਧਰ ’ਤੇ ਜਾਂਚ ਕਮੇਟੀ ਬਣਾ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਬੀਤੀ 18 ਸਤੰਬਰ ਨੂੰ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਸਿੰਘ ਵੱਲੋਂ ਲੜਕੀ ਮਨੀਸ਼ਾ ਅਤੇ ਡਿੰਪਲ ਦਾ ਵਿਆਹ ਕਰਵਾਇਆ ਗਿਆ ਸੀ। ਬੁੱਧਵਾਰ ਨੂੰ ਜਿਵੇਂ ਹੀ ਸਿੱਖ ਧਾਰਮਿਕ ਜਥੇਬੰਦੀਆਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਗ੍ਰੰਥੀ ਸਿੰਘਾਂ ਅਤੇ ਕਮੇਟੀ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਦਾ ਕਹਿਣਾ ਹੈ ਕਿ ਉਸ ਤੋਂ ਇਹ ਗਲਤੀ ਹੋਈ ਹੈ। ਇਸ ਲਈ ਉਹ ਸ਼ਰਮਿੰਦਾ ਹੈ ਅਤੇ ਮੁਆਫੀ ਮੰਗਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਿਸੇ ਹੋਰ ਜਗ੍ਹਾ ‘ਤੇ ਇਕ ਲੜਕੀ ਦਾ ਦੂਸਰੀ ਲੜਕੀ ਨਾਲ ਆਨੰਦ ਕਾਰਜ ਕਰਵਾਇਆ ਗਿਆ ਸੀ । ਜਿਸ ਕਾਰਨ ਉਸ ਸਮੇਂ ਕੋਈ ਵਿਵਾਦ ਨਹੀਂ ਹੋਇਆ ਸੀ। ਇਸ ਲਈ ਮੈਂ ਦੋਵਾਂ ਦਾ ਵਿਆਹ ਗੁਰਦੁਆਰਾ ਸਾਹਿਬ ਵਿੱਚ ਕਰਵਾ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਦੋਵਾਂ ਲੜਕੀਆਂ ਦੇ ਪਰਿਵਾਰ ਵੀ ਮੌਜੂਦ ਸਨ।
ਇਸ ਮੌਕੇ ਪੁੱਜੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਨੇ ਕਿਹਾ ਕਿ ਇਹ ਗੁਰਦੁਆਰਾ ਸਾਹਿਬ ਦੀ ਮਰਿਆਦਾ ਦੇ ਖ਼ਿਲਾਫ਼ ਤੇ ਬਜ਼ਰ ਪਾਪ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿੱਚ ਦੋ ਲੜਕੀਆਂ ਆਪਸ ਵਿੱਚ ਵਿਆਹ ਨਹੀਂ ਕਰ ਸਕਦੀਆਂ । ਉਨ੍ਹਾਂ ਕਿਹਾ ਕਿ ਅਸੀਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ ਅਤੇ ਇਸ ਗਲਤ ਕੰਮ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ।