ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ, 23 ਸਤੰਬਰ 2023
ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਨੂੰ ਜੋੜਨ ਵਾਲੇ ਰੇਲਵੇ ਓਵਰਬ੍ਰਿਜ ਨੂੰ ਬਿਜਲੀਕਰਨ ਦੇ ਨਿਯਮਾਂ ਅਨੁਸਾਰ ਉੱਚਾ ਕਰਨ ਦਾ ਕੰਮ ਚਾਲੂ ਹੈ। ਇਸ ਰੇਜ਼ਿੰਗ ਓਪਰੇਸ਼ਨ ਦੌਰਾਨ ਰੇਲਵੇ ਓਵਰ ਬ੍ਰਿਜ ਨੂੰ 17 ਸਤੰਬਰ ਤੋਂ 120 ਦਿਨਾਂ ਲਈ ਬੰਦ ਕੀਤਾ ਗਿਆ ਹੈ। ਲੋਕਾਂ ਨੂੰ ਆਵਾਜਾਈ ਵਿੱਚ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ ਇਸ ਲਈ ਸ਼ਹਿਰ ਅਤੇ ਛਾਉਣੀ ਨੂੰ ਆਉਣ-ਜਾਣ ਵਾਲੇ ਲੋਕਾਂ ਲਈ ਦੂਸਰਾ ਰੂਟ ਮੈਪ (ਡਿਵਰਜ਼ਨ) ਬਣਾਇਆ ਗਿਆ ਹੈ ਅਤੇ ਪੁਲਿਸ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਲੋਕਾਂ ਨੂੰ ਸੁਖਾਲੀ ਆਵਾਜਾਈ ਪ੍ਰਦਾਨ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਸ਼ਹਿਰ ਅਤੇ ਛਾਉਣੀ ਦੀਆਂ ਵੱਖ-ਵੱਖ ਥਾਵਾਂ ‘ਤੇ ਪਹੁੰਚ ਕੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਛਾਉਣੀ ਨਾਲ ਜੋੜਨ ਵਾਲੇ ਰੇਲਵੇ ਪੁਲ ਦੇ ਬੰਦ ਹੋਣ ਕਾਰਨ ਰਾਹਗੀਰਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਟ੍ਰੈਫਿਕ ਪੁਲਿਸ ਪੂਰੀ ਤਰ੍ਹਾਂ ਮੁਸਤੈਦੀ ਨਾਲ ਆਪਣੀ ਡਿਊਟੀ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਟ੍ਰੈਫਿਕ ਪੁਲਸ ਦੇ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਨਵੇਂ ਡਿਵਰਜ਼ਨ ਰੂਟ ‘ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਨਾਲ-ਨਾਲ ਸੁਚਾਰੂ ਟ੍ਰੈਫਿਕ ਵਿਵਸਥਾ ਨੂੰ ਵੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਵਿਧਾਇਕ ਸ. ਭੁੱਲਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਾ ਕਰਨ, ਤਾਂ ਜੋ ਉਨ੍ਹਾਂ ਨੂੰ ਕਿਸੇ ਦੁਰਘਟਨਾ ਜਾਂ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।