ਰਿਚਾ ਨਾਗਪਾਲ,ਪਟਿਆਲਾ,1 ਅਕਤੂਬਰ 2023
2 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਲਈ ਕਰੋੜਾਂ ਰੁਪਏ ਦੇ ਸਿਹਤ ਪ੍ਰੋਜੈਕਟ ਸ਼ੁਰੂ ਕਰਨ ਜਾ ਰਹੇ ਹਨ। ਇਸ ਦੀ ਸ਼ੁਰੂਆਤ ਮਾਤਾ ਕੌਸ਼ੱਲਿਆ ਹਸਪਤਾਲ ਪਟਿਆਲਾ ਵਿੱਚ 14.50 ਕਰੋੜ ਰੁਪਏ ਦੀ ਲਾਗਤ ਵਾਲਾ ਸਿਹਤ ਪ੍ਰੋਜੈਕਟ ਸ਼ੁਰੂ ਕਰਕੇ ਕੀਤੀ ਜਾਵੇਗੀ । ਇਸ ਸਬੰਧੀ ਉਨ੍ਹਾਂ ਵੱਲੋਂ ਪਟਿਆਲਾ ਵਿੱਚ ਵੱਡੀ ਰੈਲੀ ਵੀ ਕੀਤੀ ਜਾ ਰਹੀ ਹੈ। ਇਹ ਸ਼ਬਦ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਨੇ ਸੀਨੀਅਰ ਲੀਡਰਸ਼ਿਪ ਨਾਲ ਏਵੀਏਸ਼ਨ ਕਲੱਬ ਵਿਖੇ ਕੀਤੀ ਜਾ ਰਹੀ ਸਿਹਤਮੰਦ ਪੰਜਾਬ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕਹੇ। ਪ੍ਰਧਾਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ। ਇਨ੍ਹਾਂ ਨੂੰ ਡੇਢ ਸਾਲ ਦੇ ਅੰਦਰ ਹੀ ਪੂਰਾ ਕੀਤਾ ਹੈ। ਪਹਿਲਾਂ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਨੇੜੇ ਹੋਣ ’ਤੇ ਹੀ ਕੁਝ ਕੁ ਕੰਮ ਕੀਤਾ ਜਾਂਦਾ ਸੀ। ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਆਮ ਆਦਮੀ ਪਾਰਟੀ ਵੱਲੋਂ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਨਵੇਂ-ਨਵੇਂ ਪ੍ਰੋਜੈਕਟਾਂ ‘ਤੇ ਵੀ ਕੰਮ ਕੀਤਾ ਜਾ ਰਿਹਾ ਹੈ। ਇਸ ਤਹਿਤ ਆਮ ਆਦਮੀ ਪਾਰਟੀ ਵੱਲੋਂ ਮਾਤਾ ਕੌਸ਼ੱਲਿਆ ਹਸਪਤਾਲ ਨੂੰ ਅਤਿ ਆਧੁਨਿਕ ਬਣਾਇਆ ਜਾ ਰਿਹਾ ਹੈ ਅਤੇ ਇਸ ਵਿੱਚ ਨਵੀਆਂ ਕਿਸਮਾਂ ਦਾ ਸਾਜ਼ੋ-ਸਾਮਾਨ ਅਤੇ ਮਸ਼ੀਨਾਂ ਵੀ ਲਗਾਈਆਂ ਜਾਣਗੀਆਂ।ਇਸ ਦੌਰਾਨ ਲੋਕ ਸਭਾ ਇੰਚਾਰਜ ਇੰਦਰਜੀਤ ਸੰਧੂ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਪ੍ਰਧਾਨ ਤੇਜਿੰਦਰ ਮਹਿਤਾ, ਪ੍ਰੀਤੀ ਮਲਹੋਤਰਾ, ਸੁਖਦੇਵ ਸਿੰਘ ਨੇ ਸਾਂਝੇ ਤੌਰ ’ਤੇ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਵਰਕਰ ਵਲੰਟੀਅਰਾਂ ਵਿੱਚ ਭਾਰੀ ਉਤਸ਼ਾਹ ਹੈ। ਜਿਸ ਵਿੱਚ ਪੰਜਾਬ ਭਰ ਤੋਂ ਲੋਕ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਨੇ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਵਿੱਚ 1 ਲੱਖ ਤੋਂ ਵੱਧ ਲੋਕ ਹਿੱਸਾ ਲੈਣਗੇ। ਇਸ ਮੌਕੇ ਅਮਨ ਬਾਂਸਲ, ਰਣਬੀਰ ਸਹੋਤਾ, ਵਿਕਰਮ ਸ਼ਰਮਾ, ਸੁਰਿੰਦਰ ਨਿੱਕੂ, ਰਵੇਲ ਸਿੱਧੂ, ਅਮਰ ਅਲੀ ਆਦਿ ਹਾਜ਼ਰ ਸਨ।