ਹਰਪ੍ਰੀਤ ਕੌਰ ਬਬਲੀ, ਸੰਗਰੂਰ 03 ਅਕਤੂਬਰ 2023
ਵੱਖ-ਵੱਖ ਵਿਭਾਗਾਂ ਵਿੱਚ ਲੰਬੇ ਅਰਸ਼ੇ ਤੋਂ ਕੰਮ ਕਰਦੇ ਆਊਟਸੋਰਸਿੰਗ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਪ੍ਰਵਾਨ ਕਰਕੇ ਪੰਜਾਬ ਸਰਕਾਰ ਨੂੰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਅਨੁਸਾਰ ਇਨ੍ਹਾਂ ਨੂੰ ਰਾਹਤ ਪਹੁੰਚਾਉਣੀ ਚਾਹੀਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਦੇ ਪੀਏਸੀ ਮੈਂਬਰ ਸ. ਬਹਾਦਰ ਸਿੰਘ ਭਸੌੜ ਨੇ ਪਾਰਟੀ ਦਫਤਰ ਤੋਂ ਪ੍ਰੈਸ ਬਿਆਨ ਜਾਰੀ ਕਰਕੇ ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਕੀਤਾ |
ਸ. ਭਸੌੜ ਨੇ ਕਿਹਾ ਕਿ ਆਊਟਸੋਰਸਿੰਗ, ਇਨਲਿਸਟਮੈਂਟ ਆਦਿ ਕੈਟਾਗਰੀਆਂ ਅਧੀਨ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਠੇਕਾ ਮੁਲਾਜ਼ਮ ਲੰਬੇ ਅਰਸੇ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਜਿਸ ਬਦਲੇ ਇਨ੍ਹਾਂ ਠੇਕਾ ਮੁਲਾਜ਼ਮਾਂ ਨੂੰ ਮਿਲਣ ਵਾਲਾ ਮਿਹਨਤਾਨਾ ਇਸ ਮਹਿੰਗਾਈ ਦੇ ਦੌਰ ਨੂੰ ਦੇਖਦਿਆਂ ਬਹੁਤ ਹੀ ਘੱਟ ਹੈ | ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਅਨੁਸਾਰ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਇਨ੍ਹਾਂ ਠੇਕਾ ਮੁਲਾਜਮਾਂ ਰੇਗੂਲਰ ਕਰਕੇ ਇਨ੍ਹਾਂ ਦੀਆਂ ਸੇਵਾਵਾਂ ਨੂੰ ਸਥਾਈ ਕੀਤਾ ਜਾਵੇ | ਇਨ੍ਹਾਂ ਮੁਲਾਜ਼ਮਾਂ ਵੱਲੋਂ ਤਨਖਾਹ ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਅਤੇ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਿਸ਼ਾਂ ਅਨੁਸਾਰ ਤੈਅ ਕਰਨ ਦੀ ਕੀਤੀ ਜਾ ਰਹੀ ਮੰਗ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ, ਤਾਂ ਜੋ ਆਊਟਸੋਰਸਸਿੰਗ ਮੁਲਾਜਮ ਵੀ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਵਧੀਆ ਢੰਗ ਨਾਲ ਕਰ ਸਕਣ |
ਸਰਕਾਰੀ ਵਿਭਾਗਾਂ ਵਿੱਚ ਕੰਮ ਦੇ ਭਾਰ ਨੂੰ ਦੇਖਦੇ ਹੋਏ ਨਵੀਆਂ ਅਸਾਮੀਆਂ ਦੀ ਰਚਨਾ ਕੀਤੀ ਜਾਵੇ | ਸ. ਭਸੌੜ ਨੇ ਕਿਹਾ ਕਿ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਹਾਸਲ ਕਰਨ ਵਾਲੀ ਸਾਡੀ ਮੌਜੂਦਾ ਪੰਜਾਬ ਸਰਕਾਰ ਤੋਂ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਕਾਫੀ ਉਮੀਦਾਂ ਸਨ ਪਰ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਕੀਤੀ ਜਾ ਰਹੀ ਅਣਦੇਖੀ ਨੇ ਸਭ ਦੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਹੈ | ਇਹੋ ਕਾਰਨ ਹੈ ਕਿ ਪੰਜਾਬ ਦੇ ਹਰ ਵਰਗ ਦੇ ਲੋਕ ਆਪਣੀਆਂ ਆਪਣੀਆਂ ਮੰਗਾਂ ਦੀ ਪੂਰਤੀ ਅਤੇ ਮੁਸ਼ਕਿਲਾਂ ਦੇ ਹੱਲ ਦੇਣ ਲਈ ਸੜਕਾਂ ਜਾਮ ਕਰਕੇ ਧਰਨੇ ਦੇਣ ਲਈ ਮਜਬੂਰ ਹੋ ਰਹੇ ਹਨ | ਇਸ ਮੌਕੇ ਉਨ੍ਹਾਂ ਦੇ ਨਾਲ ਦਫਤਰ ਇੰਚਾਰਜ ਕੁਲਵੰਤ ਸਿੰਘ ਲੱਡੀ ਵੀ ਮੌਜੂਦ ਸਨ |