ਰਘਬੀਰ ਹੈਪੀ, ਬਰਨਾਲਾ, 6 ਅਕਤੂਬਰ 2023
ਪੰਜਾਬ ਕੋਲ ਕਿਸੇ ਵੀ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ। ਸੂਬੇ ਦੇ ਰੀਪੇਰੀਅਨ ਹੱਕਾਂ ਦੀ ਹਰ ਹਾਲ ਵਿੱਚ ਰਖਵਾਲੀ ਕੀਤੀ ਜਾਵੇਗੀ। ਇਹ ਪ੍ਰਗਟਾਵਾ ਜਲ ਸਰੋਤ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਪਿੰਡ ਨੰਗਲ ਵਿਖੇ 3.10 ਕਰੋੜ ਦੀ ਲਾਗਤ ਵਾਲੇ ਪ੍ਰੋਜੈਕਟਾਂ ਦੀ ਸ਼ੁਰੂਆਤ ਲਈ ਰੱਖੇ ਸਮਾਗਮ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਦੇ 78 ਬਲਾਕ ਡਾਰਕ ਜ਼ੋਨ ਵਿੱਚ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਪਾਣੀ ਧਰਤੀ ਹੇਠ ਰੀਚਾਰਜ ਘੱਟ ਹੋ ਰਿਹਾ ਹੈ, ਜਦੋਂਕਿ ਲਾਗਤ ਜ਼ਿਆਦਾ ਹੈ। ਦੂਜੇ ਪਾਸੇ ਹਰਿਆਣਾ ਵਿੱਚ ਅਜਿਹੇ ਬਲਾਕਾਂ ਦੀ ਗਿਣਤੀ ਸਿਰਫ 60 ਹੈ। ਇਸ ਤੋਂ ਸਪਸ਼ਟ ਹੈ ਕਿ ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਦੇ ਖੇਤਰ ਵਿੱਚ ਵਿਆਪਕ ਯਤਨ ਕੀਤੇ ਜਾ ਰਹੇ ਹਨ, ਇਸ ਤਹਿਤ ਸੂਬੇ ਵਿੱਚ ਛੇਤੀ ਹੀ 1000 ਖੇਡ ਨਰਸਰੀਆਂ ਬਣਾਈਆਂ ਜਾਣਗੀਆਂ। ਪੰਜਾਬ ਸਰਕਾਰ ਦੀ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੀ ਮਨਸ਼ਾ ਤਹਿਤ ਹੀ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਖੇਡ ਬਜਟ ਵਧਾ ਕੇ 550 ਕਰੋੜ ਕੀਤਾ ਗਿਆ ਹੈ, ਜੋ ਪਿਛਲੀਆਂ ਸਰਕਾਰਾਂ ਵਿੱਚ 100 ਕਰੋੜ ਤਕ ਹੀ ਹੁੰਦਾ ਸੀ। ਉਨ੍ਹਾਂ ਕਿਹਾ ਕਿ ਬਰਨਾਲਾ ਨੂੰ ਖੇਡਾਂ ਦੀ ਨਰਸਰੀ ਬਣਾਉਣ ਲਈ ਸੰਘੇੜਾ ਨੇੜੇ ਕਰੀਬ 20 ਏਕੜ ਵਿੱਚ ਮਲਟੀਪਰਪਜ਼ ਖੇਡ ਪ੍ਰੋਜੈਕਟ ਲਿਆਂਦਾ ਜਾਵੇਗਾ ਤਾਂ ਜੋ ਸਾਡੀ ਜਵਾਨੀ ਨਸ਼ਿਆਂ ਤੋਂ ਦੂਰ ਰਹੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਟੇਲਾਂ ਤੱਕ ਅਤੇ ਖੇਤ ਖੇਤ ਨਹਿਰੀ ਪਾਣੀ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਅੰਡਰ ਗਰਾਊਂਡ ਪਾਈਪਾਂ ਪਾਈਆਂ ਜਾ ਰਹੀਆਂ ਹਨ ਤਾਂ ਜੋ ਧਰਤੀ ਹੇਠਲਾ ਪਾਣੀ ਬਚਾਇਆ ਜਾ ਸਕੇ। ਇਨ੍ਹਾਂ ਯਤਨਾਂ ਦਾ ਸਿੱਟਾ ਹੈ ਕਿ ਪੰਜਾਬ ਵਲੋਂ ਇਸ ਵਾਰ 24 ਫੀਸਦੀ ਵੱਧ ਨਹਿਰੀ ਪਾਣੀ ਦੀ ਵਰਤੋਂ ਕੀਤੀ ਗਈ ਹੈ ਤੇ ਕਈ ਪਿੰਡਾਂ ਵਿੱਚ ਦਹਾਕਿਆਂ ਮਗਰੋਂ ਨਹਿਰੀ ਪਾਣੀ ਪੁੱਜਿਆ ਹੈ।
ਉਨ੍ਹਾਂ ਕਿਹਾ ਕਿ ਨੰਗਲ ਨੇੜੇ ਕੱਸੀ ਨੂੰ ਅਪਗ੍ਰੇਡ ਕਰਨ ਦੇ ਕੰਮ ‘ਤੇ ਕਰੀਬ 56 ਕਰੋੜ ਰੁਪਏ ਖਰਚੇ ਜਾ ਰਹੇ ਹਨ। ਪਹਿਲੇ ਪੜਾਅ ਤਹਿਤ 30 ਕਰੋੜ ਰੁਪਏ ਅਤੇ ਦੂਜੇ ਪੜਾਅ ਤਹਿਤ 26 ਕਰੋੜ ਖਰਚੇ ਜਾਣਗੇ। ਇਸ ਮੌਕੇ ਉਨ੍ਹਾਂ ਨੰਗਲ ਦੇ ਛੱਪੜ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ, ਜਿਸ ‘ਤੇ 70 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ 3.10 ਕਰੋੜ ਦੀ ਲਾਗਤ ਨਾਲ ਦੂਜੇ ਛੱਪੜ ਦੇ ਨਵੀਨੀਕਰਨ, ਖੇਡ ਮੈਦਾਨ, ਕਮਿਊਨਿਟੀ ਹਾਲ, ਲਾਇਬ੍ਰੇਰੀ, ਮਲਟੀ ਜਿਮ ਤੇ ਅੰਡਰ ਗਰਾਊਂਡ ਪਾਈਪਾਂ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਦਾ ਐਲਾਨ ਕੀਤਾ।
ਇਸ ਮੌਕੇ ਉਨ੍ਹਾਂ ਪਿੰਡ ਵਿੱਚ ਪੌਦੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਵੱਖ ਵੱਖ ਹਸਤੀਆਂ ਦਾ ਪੌਦਿਆਂ ਨਾਲ ਸਨਮਾਨ ਕੀਤਾ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਨਰਿੰਦਰ ਧਾਲੀਵਾਲ, ਓ ਐਸ ਡੀ ਹਸਨਪ੍ਰੀਤ ਭਾਰਦਵਾਜ, ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਹਰਿੰਦਰ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।