ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 6 ਅਕਤੂਬਰ 2023
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਤੇ ਮੁੱਖ ਖੇਤੀਬਾੜੀ ਅਫਸਰ ਸ. ਗੁਰਮੀਤ ਸਿੰਘ ਚੀਮਾ ਦੀ ਯੋਗ ਅਗਵਾਈ ਹੇਠ ਪਰਾਲੀ ਦੇ ਯੋਗ ਨਿਪਟਾਰੇ ਅਤੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਪੱਧਰ ਤੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਜਾਗਰੂਕਤਾ ਮੁਹਿੰਮ ਜਾਰੀ ਹੈ। ਪਿੰਡ ਮੁਹੰਮਦ ਪੀਰਾ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ ਦੌਰਾਨ ਰਾਜਦਵਿੰਦਰ ਸਿੰਘ ਬੀ.ਟੀ.ਐਮ. ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਦੱਸਿਆ ਕਿ ਪਰਾਲੀ ਨੁੰ ਅੱਗ ਨਾ ਲਗਾਈ ਜਾਵੇ ਸਗੋਂ ਇਸਦੀ ਵੱਖ-ਵੱਖ ਖੇਤੀਬਾੜੀ ਸੰਦਾ ਰਾਹੀਂ ਸੰਭਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਦਾ ਜਮੀਨ ਵਿਚ ਵਹਾ ਕੇ ਹੀ ਨਿਬੇੜਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਜਮੀਨ ਵਿਚ ਖਾਦ ਦੇ ਵਜੋਂ ਕੰਮ ਕਰਦੀ ਹੈ, ਇਸ ਵਿਚ ਖੁਰਾਕੀ ਤੱਤ ਭਰਪੂਰ ਮਾਤਰਾ ਵਿਚ ਹੁੰਦੇ ਹਨ।
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਉ ਸ਼ਕਤੀ ਵੀ ਘੱਟਦੀ ਹੈ ਅਤੇ ਜਰੂਰੀ ਖੁਰਾਕੀ ਤੱਤ ਵੀ ਨਸ਼ਟ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜਮੀਨ ਸਾਨੂੰ ਅਨ ਪ੍ਰਦਾਨ ਕਰਦੀ ਹੈ, ਇਸ ਕਰਕੇ ਸਾਨੂੰ ਜਮੀਨ ਨੂੰ ਅੱਗ ਨਹੀ ਲਗਾਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਦੇ ਰਾਹੀਂ ਸਬਸਿਡੀ ਤੇ ਮਸ਼ੀਨਾਂ ਵੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਯੋਗ ਤਰੀਕੇ ਨਾਲ ਪਰਾਲੀ ਦਾ ਨਿਪਟਾਰਾ ਕੀਤਾ ਜਾ ਸਕੇ। ਇਸ ਮੌਕੇ ਸੁਖਦੀਪ ਸਿੰਘ ਏ.ਐਸ.ਆਈ. ਵੱਲੋਂ ਪਰਾਲੀ ਦੇ ਨਿਪਟਾਰੇ ਦੀ ਤਰੀਕਿਆਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ।