ਬਿੱਟੂ ਜਲਾਲਾਬਾਦੀ, ਫਰੋਜਪੁਰ,10 ਅਕਤੂਬਰ 2023
ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਨੇ ਹਲਕੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨਾਲ ਵਾਤਾਵਰਣ ਦੂਸ਼ਿਤ ਹੋ ਰਿਹਾ ਹੈ ਅਤੇ ਗੰਭੀਰ ਬੀਮਾਰੀਆਂ ਪੈਦਾ ਹੋਣ ਦਾ ਡਰ ਵੱਧਦਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਈ ਜਾਂਦੀ ਹੈ ਤਾਂ ਜੋ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਿਆ ਜਾਵੇ ਪਰ ਕਿਸਾਨਾਂ ਦੇ ਸਹਿਯੋਗ ਤੋਂ ਬਿਨਾਂ ਅੱਗ ਲਾਉਣ ਦੇ ਰੁਝਾਨ ਨੂੰ ਰੋਕਿਆ ਨਹੀਂ ਜਾ ਸਕਦਾ|
ਵਿਧਾਇਕ ਸ੍ਰੀ ਕਟਾਰੀਆ ਨੇ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਵਾਤਾਵਰਣ ਗੰਧਲਾ ਹੋਣ ਕਾਰਨ ਲੋਕਾਂ ਨੂੰ ਭਿਆਨਕ ਸਾਹ ਦੀਆਂ ਬੀਮਾਰੀਆਂ ਤਾਂ ਲੱਗ ਹੀ ਰਹੀਆਂ ਹਨ, ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਧਰਤੀ ਹੇਠਲੇ ਜਰੂਰੀ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਧਰਤੀ ਦੀ ਦੀ ਉਪਜਾਊ ਸ਼ਕਤੀ ਵੀ ਖਤਮ ਹੋ ਜਾਂਦੀ ਹੈ| ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੇ ਕੇਸਾਂ ਵਿੱਚ ਕਮੀ ਲਿਆਉਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਕਿਸਾਨਾਂ ਨੂੰ ਕਿਸਾਨ ਮੇਲੇ, ਬਲਾਕ ਪੱਧਰੀ ਕੈਂਪ ਅਤੇ ਪ੍ਰਚਾਰ ਵੈਨਾ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ ਇਸ ਤੋਂ ਬਿਨਾਂ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਮਨੁੱਖ ਨੂੰ ਧਰਤੀ ‘ਤੇ ਰਹਿਣ ਲਈ ਸਭ ਤੋਂ ਵੱਧ ਸ਼ੁੱਧ ਵਾਤਾਵਰਣ ਦੀ ਲੋੜ ਹੈ ਇਸ ਲਈ ਬੱਚਿਆਂ ਅਤੇ ਨੌਜਵਾਨਾਂ ਦੇ ਸਿਹਤਮੰਦ ਭਵਿੱਖ ਲਈ ਫ਼ਸਲੀ ਰਹਿੰਦ-ਖੂੰਹਦ ਨੂੰ ਨਾ ਸਾੜਿਆ ਜਾਵੇ ਅਤੇ ਇਸ ਦੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਦੇ ਆਧੁਨਿਕ ਸੰਦਾ ਦੀ ਵਰਤੋਂ ਕਰਕੇ ਪਰਾਲੀ ਦਾ ਸਹੀ ਪ੍ਰਬੰਧਨ ਕਰਕੇ ਸਰਕਾਰ ਦਾ ਸਾਥ ਦਿੱਤਾ ਜਾਵੇ ਤਾਂ ਜੋ ਸਾਡੇ ਪੰਜਾਬ ਦੇ ਵਾਤਾਵਰਣ ਨੂੰ ਸ਼ੁੱਧ ਰੱਖਿਆ ਜਾ ਸਕੇ।